ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 4 ਜੂਨਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦਾ ਅੱਜ 121ਵਾਂ ਜਨਮ ਦਿਵਸ ਇਥੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ ਹੈ।ਪਿੰਗਲਵਾੜਾ ਦੇ ਮੁੱਖ ਦਫ਼ਤਰ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸਹਿਜ ਪਾਠ ਤੇ ਭੋਗ ਪਾਏ ਗਏ। ਸੰਸਥਾ ਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਬੱਚਿਆਂ ਤੋਂ ਇਲਾਵਾ ਰਾਗੀ ਜਥਿਆਂ ਨੇ ਵੀ ਗੁਰਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਪਿੰਗਲਵਾੜਾ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਭਗਤ ਪੂਰਨ ਸਿੰਘ ਦੇ ਜੀਵਨ ਅਤੇ ਉਨ੍ਹਾਂਾਂ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਭਗਤ ਪੂਰਨ ਸਿੰਘ ਦੇ ਜਨਮ ਦਿਵਸ ਮੌਕੇ ਸਮਾਜਿਕ ਬੁਰਾਈਆਂ ਖ਼ਿਲਾਫ਼ ਖੜ੍ਹੇ ਹੋਣ ਦਾ ਪ੍ਰਣ ਕੀਤਾ ਜਾਵੇ ਅਤੇ ਕਿਸੇ ਵੀ ਥਾਂ ਹੋ ਰਹੀ ਬੇਇਨਸਾਫੀ ਨੂੰ ਠੱਲ ਪਾਉਣ ਲਈ ਰਲ-ਮਿਲ ਕੇ ਕੰਮ ਕਰਨ ਦਾ ਅਹਿਦ ਲਿਆ ਜਾਵੇ। ਉਹਨਾਂ ਕਿਹਾ ਕਿ ਅੱਜ ਪਲੀਤ ਹੋ ਰਹੇ ਵਾਤਾਵਰਨ ਅਤੇ ਨਸ਼ਿਆਂ ਦੀ ਆਦੀ ਹੋ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਦੀ ਵੱਡੀ ਲੋੜ ਹੈ।ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਪੂਰਨ ਸਿੰਘ ਆਪਣੇ-ਆਪ ਵਿੱਚ ਹੀ ਇੱਕ ਵੱਡੀ ਸੰਸਥਾ ਸਨ, ਜਿਨ੍ਹਾਂ ਦਾ ਜਨਮ ਮਨੁੱਖਤਾ ਨੂੰ ਸੇਧ ਦੇਣ ਦੇ ਮੰਤਵ ਨਾਲ ਹੋਇਆ ਸੀ। ਉਨ੍ਹਾਂ ਲੋਕ ਭਲਾਈ ਦੇ ਕਾਰਜਾਂ ਦੇ ਨਾਲ ਨਾਲ ਵਾਤਾਵਰਨ ਦੀ ਸ਼ੁੱਧਤਾ ਵਾਸਤੇ ਵੀ ਕੰਮ ਕੀਤਾ। ਉਹਨਾਂ ਕਿਹਾ ਕਿ ਭਗਤ ਪੂੁਰਨ ਸਿੰਘ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ, ਜਿਸ ਤਹਿਤ ਵਾਤਾਵਰਨ ਨੂੰ ਬਚਾਉਣ ਦੀ ਜ਼ਿੰਮੇਵਾਰੀ ਹਰ ਇੱਕ ਨਾਗਰਿਕ ਦੀ ਹੈ।ਇਸ ਮੌਕੇ ਡਾ. ਗੁਰਚਰਨ ਸਿੰਘ ਨੂਰਪੁਰ ਨੇ ਵੀ ਸੰਬੋਧਨ ਕੀਤਾ ਅਤੇ ਪਿੰਗਲਵਾੜਾ ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।ਪੁਸਤਕਾਂ ਲੋਕ ਅਰਪਣਸਮਾਗਮ ਦੌਰਾਨ ਸੋਹਨ ਸਿੰਘ ਅਤੇ ਸੁਰਿੰਦਰ ਸਿੰਘ ਨੇ ਪਾਣੀ ਦੀ ਮਹੱਤਤਾ ਸਬੰਧੀ ਕਵਿਤਾ ਪੇਸ਼ ਕੀਤੀ, ਅਮਰਜੀਤ ਸਿੰਘ ਨੇ ਭਗਤ ਪੂਰਨ ਸਿੰਘ ਦੀਆਂ ਜੀਵਨ ਸੇਧਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਡਾ. ਸ਼ਿਆਮ ਸੁੰਦਰ ਦੀਪਤੀ ਨੇ ਕਿਹਾ ਕਿ ਭਗਤ ਜੀ ਵਰਗੇ ਸਮਾਜ ਸੇਵਕਾਂ ਦੀ ਅੱਜ ਮੁੜ ਸਮਾਜ ਨੂੰ ਵੱਡੀ ਲੋੜ ਹੈ। ਇਸ ਮੌਕੇ ਕੁਝ ਪੁਸਤਕਾਂ ਵੀ ਲੋਕ ਅਰਪਣ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ‘ਅਸੀਂ ਕਿਉਂ ਪਰਦੇਸੀ ਹੋਈਏ, ਭਲਕ ਤੱਕ ਦੇਰ ਹੋ ਜਾਵੇਗੀ’ ਸ਼ਾਮਲ ਸਨ। ਸੰਸਥਾ ਵੱਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਪਿੰਗਲਵਾੜਾ ਸੰਸਥਾ ਦੇ ਬੱਚੇ ਤੇ ਹੋਰ ਪਤਵੰਤੇ ਸ਼ਾਮਲ ਸਨ।