ਬਿਸ਼ਨੋਈ ਤੇ ਗੋਲਡੀ ਬਰਾੜ ਗਰੋਹ ਦਾ ਮੈਂਬਰ ਅਸਲੇ ਸਣੇ ਕਾਬੂ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 28 ਦਸੰਬਰ
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਅੱਜ ਮੁਹਾਲੀ ਦੇ ਸੈਕਟਰ-91 ’ਚੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਸਤੀਏਵਾਲਾ (ਫਿਰੋਜ਼ਪੁਰ) ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਸਟੇਟ ਕ੍ਰਾਈਮ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪੰਜਾਬ ਤੋਂ ਇਲਾਵਾ ਹੋਰ ਗੁਆਂਢੀ ਸੂਬਿਆਂ ਹਰਿਆਣਾ ਤੇ ਰਾਜਸਥਾਨ ਵਿੱਚ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਯੂਏਪੀਏ ਸਮੇਤ ਹੋਰ ਗੰਭੀਰ ਅਪਰਾਧਾਂ ਸਬੰਧੀ ਘੱਟੋ-ਘੱਟ 20 ਕੇਸਾਂ ਵਿੱਚ ਲੋੜੀਂਦਾ ਸੀ। ਪੁਲੀਸ ਨੇ ਵਿਕਰਮਜੀਤ ਦੇ ਕਬਜ਼ੇ ਵਿੱਚੋਂ .30 ਕੈਲੀਬਰ ਦਾ ਇੱਕ ਚੀਨੀ ਪਿਸਤੌਲ ਅਤੇ ਅੱਠ ਕਾਰਤੂਸ ਬਰਾਮਦ ਕੀਤੇ ਹਨ। ਉਸ ਕੋਲੋਂ ਇੱਕ ਫਾਰਚੂਨਰ ਗੱਡੀ ਵੀ ਜ਼ਬਤ ਕੀਤੀ ਗਈ ਹੈ।
ਪੁਲੀਸ ਮੁਖੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਆਈਜੀ ਗੁਰਮੀਤ ਸਿੰਘ ਚੌਹਾਨ ਤੇ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠਲੀ ਟੀਮ ਨੇ ਮੁਲਜ਼ਮ ਦਾ ਪਿੱਛਾ ਕੀਤਾ ਅਤੇ ਮੁਹਾਲੀ ਦੇ ਸੈਕਟਰ-91 ਸਥਿਤ ਅਪਾਰਟਮੈਂਟ, ਜਿਥੇ ਉਸ ਨੇ ਪਨਾਹ ਲਈ ਹੋਈ ਸੀ, ਤੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੂੰ ਪਾਕਿਸਤਾਨੀ ਏਜੰਸੀਆਂ ਦੀ ਹਮਾਇਤ ਪ੍ਰਾਪਤ ਹੈ ਅਤੇ ਉਹ ਗੋਲਡੀ ਬਰਾੜ ਤੇ ਸਾਬਾ (ਅਮਰੀਕਾ) ਰਾਹੀਂ ਪਾਕਿਸਤਾਨ ਆਧਾਰਿਤ ਨਸ਼ਿਆਂ ਅਤੇ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸੀ। ਉਹ ਸਰਹੱਦ ਪਾਰ ਤੋਂ ਹਥਿਆਰਾਂ ਤੇ ਨਸ਼ਿਆਂ ਦੀ ਖੇਪ ਪ੍ਰਾਪਤ ਕਰਦਾ ਸੀ। ਡੀਜੀਪੀ ਨੇ ਦੱਸਿਆ ਕਿ ਵਿੱਕੀ ਨੂੰ ਵਿਰੋਧੀ ਗਰੋਹ ਦਵਿੰਦਰ ਬੰਬੀਹਾ ਦੇ ਮੈਂਬਰ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ। ਏਆਈਜੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਵਿਕਰਮਜੀਤ 2018 ਵਿੱਚ ਰਾਜਸਥਾਨ ਦੇ ਗੰਗਾਨਗਰ ਵਿੱਚ ਸਥਿਤ ਇੱਕ ਜਿਮ ਵਿੱਚ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਸ਼ੂਟਰ/ਗੈਂਗਸਟਰ ਅੰਕਿਤ ਭਾਦੂ (ਮ੍ਰਿਤਕ) ਦੇ ਨਾਲ ਵੀ ਸ਼ਾਮਲ ਸੀ। ਫਰਵਰੀ 2019 ਵਿੱਚ ਪੀਰਮੁਛੱਲਾ (ਜ਼ੀਰਕਪੁਰ) ਵਿੱਚ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਅੰਕਿਤ ਭਾਦੂ ਦੇ ਮਾਰੇ ਜਾਣ ਮਗਰੋਂ ਵਿਕਰਮਜੀਤ ਨੇ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਵਿੱਚ ਉਸ ਦੀ ਥਾਂ ਲੈ ਲਈ ਸੀ।