Bitter Bold: ਹਰਿਆਣਾ ਦਾ ਹਿਸਾਰ ਤੇ ਜੀਂਦ ਰਿਹਾ ਸਭ ਤੋਂ ਠੰਢਾ
ਆਤਿਸ਼ ਗੁਪਤਾ
ਚੰਡੀਗੜ੍ਹ, 8 ਜਨਵਰੀ
ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਜ਼ਿੰਦਗੀ ਦੀ ਰਫ਼ਤਾਰ ਰੋਕ ਕੇ ਰੱਖ ਦਿੱਤੀ ਹੈ। ਜਿੱਥੇ ਲਗਾਤਾਰ ਪੈ ਰਹੀ ਸੰਘਣੀ ਧੁੰਦ ਤੇ ਸੀਤ ਲਹਿਰਾਂ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਪੰਜਾਬ ਵਿੱਚ ਅੱਜ ਸੰਗਰੂਰ ਤੇ ਹਰਿਆਣਾ ਵਿੱਚ ਹਿਸਾਰ ਤੇ ਜੀਂਦ ਸਭ ਤੋਂ ਠੰਢੇ ਸ਼ਹਿਰ ਰਹੇ ਹਨ। ਸੰਗਰੂਰ ਵਿੱਚ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਹਰਿਆਣਾ ਦੇ ਹਿਸਾਰ ਦੇ ਜੀਂਦ ਵਿੱਚ 4.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਉੱਧਰ ਮੌਸਮ ਵਿਭਾਗ ਨੇ 9 ਜਨਵਰੀ ਨੂੂੰ ਪੰਜਾਬ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 9 ਜਨਵਰੀ ਲਈ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਸਮੇਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਦੇ ਨਾਲ-ਨਾਲ ਸੰਘਣੀ ਧੁੰਦ ਪਈ ਜਿਸ ਨੇ ਲੋਕਾਂ ਨੂੰ ਕੰਬਣੀ ਛੇੜੀ ਰੱਖੀ। ਸੰਘਣੀ ਧੁੰਦ ਕਾਰਨ ਪੰਜਾਬ ਵਿੱਚ ਵੀ ਕਈ ਵਾਹਨ ਵੀ ਆਪਸ ਵਿੱਚ ਟਕਰਾ ਗਏ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਧਾਨੀ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 3.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 6.8, ਪਟਿਆਲਾ ਵਿੱਚ 7.4, ਪਠਾਨਕੋਟ ਵਿੱਚ 8.6, ਬਠਿੰਡਾ ਵਿੱਚ 6.4, ਫਰੀਦਕੋਟ ਵਿੱਚ 4.5, ਗੁਰਦਾਸਪੁਰ ਵਿੱਚ 4, ਫਤਹਿਗੜ੍ਹ ਸਾਹਿਬ ਵਿੱਚ 8.6, ਫਾਜ਼ਿਲਕਾ ਤੇ ਫਿਰੋਜ਼ਪੁਰ ਵਿੱਚ 5-5, ਮੋਗਾ ਵਿੱਚ 5.2, ਮੁਹਾਲੀ ਵਿੱਚ 8.3, ਰੂਪਨਗਰ ਵਿੱਚ 6.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ ਵਿੱਚ 9.3 ਡਿਗਰੀ ਸੈਲਸੀਅਸ, ਹਿਸਾਰ ਵਿੱਚ 6.4 ਕਰਨਾਲ ਵਿੱਚ 7.5 ਰੋਹਤਕ ਵਿੱਚ 7.7 ਦਰਜ ਕੀਤਾ ਹੈ।