ਬਿੱਟੂ ਕਿਸਾਨਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣੀ ਬੰਦ ਕਰੇ: ਡੱਲੇਵਾਲ
ਪੱਤਰ ਪ੍ਰੇਰਕ
ਪਟਿਆਲਾ, 30 ਜੁਲਾਈ
ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਦੇ ਆਗੂ ਅਤੇ ਸ਼ੰਭੂ, ਖਨੌਰੀ ਆਦਿ ਬਾਰਡਰਾਂ ’ਤੇ ਮੋਰਚੇ ਦੀ ਅਗਵਾਈ ਕਰਨ ਵਾਲੇ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਕਿਹਾ ਹੈ ਕਿ ਲੁਧਿਆਣਾ ਤੋਂ ਚੋਣ ਹਾਰਨ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਉਹ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਪੁਲ ਦਾ ਕੰਮ ਕਰਨਗੇ। ਕਿਸਾਨ ਆਗੂ ਨੇ ਕਿਹਾ ਕਿ ਸ੍ਰੀ ਬਿੱਟੂ ਵੱਲੋਂ ਬੌਖਲਾਹਟ ਵਿੱਚ ਕਿਸਾਨਾਂ ਵਿਰੁੱਧ ਵਰਤੀ ਜਾ ਰਹੀ ਭੱਦੀ ਸ਼ਬਦਾਵਲੀ ਤੋਂ ਸਮਝ ਲੈਣਾ ਚਾਹੀਦਾ ਹੈ ਕਿ ਉਹ ਆਪਣੇ ਨਵੇਂ ਆਗੂਆਂ ਨੂੰ ਖ਼ੁਸ਼ ਕਰਨ ਲਈ ਅਜਿਹਾ ਕਰ ਰਹੇ ਹਨ। ਸ੍ਰੀ ਡੱਲੇਵਾਲ ਨੇ ਕਿਹਾ ਕਿ ਜਿਵੇਂ ਉਹ ਮੋਰਚੇ ’ਤੇ ਬੈਠੇ ਕਿਸਾਨਾਂ ਨੂੰ ‘ਇੰਡੀਆ’ ਗੱਠਜੋੜ ਦੇ ‘ਸਪਾਂਸਰਡ’ ਆਖ ਰਹੇ ਹਨ ਤਾਂ ਉਹ ਇਹ ਯਾਦ ਰੱਖਣ ਕਿ ਕਿਸਾਨ ਆਗੂ ਰਾਹੁਲ ਗਾਂਧੀ ਤੋਂ ਇਲਾਵਾ ਭਾਜਪਾ ਆਗੂਆਂ ਨੂੰ ਵੀ ਮਿਲਣ ਲਈ ਜਾਂਦੇ ਸਨ।
ਕਿਸਾਨ ਆਗੂ ਡੱਲੇਵਾਲ ਨੇ ਰਵਨੀਤ ਬਿੱਟੂ ਨੂੰ ਸਿਧਾਂਤਹੀਣ ਵਿਅਕਤੀ ਆਖਦਿਆਂ ਕਿਹਾ ਕਿ ਜੋ ਵਿਅਕਤੀ ਪਹਿਲਾਂ ਕਿਸਾਨਾਂ ਦੇ ਪੱਖ ਵਿੱਚ ਬੋਲਦਿਆਂ ਜੰਤਰ-ਮੰਤਰ ’ਤੇ ਧਰਨਾ ਲਗਾ ਕੇ ਬੈਠਾ ਸੀ ਉਹ ਹੁਣ ਕਿਸਾਨਾਂ ਦੇ ਖ਼ਿਲਾਫ਼ ਬੋਲ ਕੇ ਆਪਣੀ ਲਿਆਕਤ ਨੂੰ ਜ਼ਾਹਿਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਬਿੱਟੂ ਅਜਿਹੇ ਬੇਤੁਕੇ ਬਿਆਨ ਦੇਣ ਤੋਂ ਬਾਜ਼ ਨਾ ਆਏ ਤਾਂ ਉਨ੍ਹਾਂ ਦਾ ਘਰੋਂ ਨਿਕਲਣਾ ਬੰਦ ਕਰ ਦਿੱਤਾ ਜਾਵੇਗਾ। ਸ੍ਰੀ ਡੱਲੇਵਾਲ ਨੇ ਕਿਹਾ ਕਿ ਜੇ ਉਨ੍ਹਾਂ ਨੇ ਕਿਸਾਨਾਂ ਵਿਰੁੱਧ ਬੋਲਣਾ ਬੰਦ ਨਾ ਕੀਤਾ ਤਾਂ ਢੁੱਕਵਾਂ ਜਵਾਬ ਦਿੱਤਾ ਜਾਵੇਗਾ।