ਭਾਜਪਾ ਵੱਲੋਂ ਸਰਕਾਰ ’ਤੇ ਪ੍ਰੋਫੈਸਰਾਂ ਤੋਂ ਰੁਜ਼ਗਾਰ ਖੋਹਣ ਦੇ ਦੋਸ਼
ਖੇਤਰੀ ਪ੍ਰਤੀਨਿਧ
ਪਟਿਆਲਾ, 29 ਸਤੰਬਰ
ਭਾਜਪਾ ਦੀ ਸੀਨੀਅਰ ਆਗੂ ਪ੍ਰਨੀਤ ਕੌਰ ਅਤੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ’ਤੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਹਟਾਉਣ ਅਤੇ 1158 ਸਹਾਇਕ ਪ੍ਰੋਫੈਸਰਾਂ ਦੇ ਗਰੁੱਪ ’ਚੋਂ ਨਵੇਂ ਅਧਿਆਪਕਾਂ ਨੂੰ ਭਰਤੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਾਉਂਦੇ ਹੋਏ ਕਾਰਵਾਈ ਦੀ ਨਿਖੇਧੀ ਕੀਤੀ ਹੈ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੈਇੰਦਰ ਕੌਰ ਨੇ ਕਿਹਾ ਕਿ ਉਹ ਹਾਈ ਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੀ ਪ੍ਰਵਾਨਗੀ ਦੇਣ ਦੇ ਫੈਸਲੇ ਦਾ ਸਵਾਗਤ ਕਰਦੇ ਹਨ ਪਰ ਇਨ੍ਹਾਂ ਕਾਲਜਾਂ ’ਚ 20 ਸਾਲਾਂ ਤੋਂ ਕੰਮ ਕਰ ਰਹੇ ਠੇਕੇ ’ਤੇ ਰੱਖੇ ਅਧਿਆਪਕਾਂ ਦੀ ਬਲੀ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਲਜਾਂ ਵਿੱਚ 850 ਗੈਸਟ ਫੈਕਲਟੀ ਪ੍ਰੋਫੈਸਰ ਕੰਮ ਕਰ ਰਹੇ ਹਨ। ਕਈ ਸਾਲਾਂ ਤੋਂ ਬਿਨਾਂ ਰੈਗੂਲਰ ਪੋਸਟਿੰਗ ਦੇ ਕੰਮ ਕਰਨ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਹੈ। ਹਾਲਾਂਕਿ ਬੀਤੀ ਰਾਤ ਸਿੱਖਿਆ ਵਿਭਾਗ ਦੇ ਹੁਕਮਾਂ ਨੇ ਨਵੇਂ ਅਧਿਆਪਕਾਂ ਨੂੰ ਰੱਖਣ ਲਈ ਉਨ੍ਹਾਂ ਦੀਆਂ ਅਸਾਮੀਆਂ ਖਾਲੀ ਕਰ ਦਿੱਤੀਆਂ ਹਨ। ਪਟਿਆਲਾ ਦੀ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਦੂਜਿਆਂ ਨੂੰ ਰੁਜ਼ਗਾਰ ਦੇਣ ਲਈ ਇਨ੍ਹਾਂ ਅਧਿਆਪਕਾਂ ਤੋਂ ਰੁਜ਼ਗਾਰ ਖੋਹਣਾ ਗੈਰਵਾਜਬ ਹੈ। ਸਰਕਾਰ ਨੂੰ ਇਨ੍ਹਾਂ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਕਰਨਾ ਚਾਹੀਦਾ ਹੈ ਜੋ ਸਾਲਾਂ ਤੋਂ ਪੜ੍ਹਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਮਹਿੰਦਰਾ ਕਾਲਜ ਦੇ ਲੜਕੀਆਂ ਦੇ ਹੋਸਟਲ ਵਿੱਚ ਕਥਿਤ ਤੌਰ ’ਤੇ ਅੱਧੀ ਰਾਤ ਨੂੰ ਕੈਂਪ ਲਗਾ ਕੇ ਨਵੇਂ ਅਧਿਆਪਕਾਂ ਨੂੰ ਰਾਤ 12 ਤੋਂ 1 ਵਜੇ ਦਰਮਿਆਨ ਕਥਿਤ ਰੂਪ ’ਚ ਜੁਆਇਨ ਕਰਨ ਲਈ ਕਿਹਾ।
ਪ੍ਰਨੀਤ ਕੌਰ ਅਤੇ ਜੈਇੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੇ ਹੱਕਾਂ ਲਈ ਉਹ ਹਰ ਥਾਂ ਲੜਨਗੇ।