ਚੋਣਾਂ ’ਚ ਦੋਸਤਾਨਾ ਮੈਚ ਖੇਡ ਰਹੇ ਨੇ ਭਾਜਪਾ ਤੇ ਅਕਾਲੀ ਦਲ: ਸਿੱਧੂ
ਜੋਗਿੰਦਰ ਸਿੰਘ ਮਾਨ
ਮਾਨਸਾ, 28 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਲੋਕ ਸਭਾ ਚੋਣਾਂ ਦੌਰਾਨ ਦੋਸਤਾਨਾ ਮੈਚ ਖੇਡ ਰਹੇ ਹਨ। ਇਸ ਤਹਿਤ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੁਧਿਆਣਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਠਿੰਡਾ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਕਾਲੀ ਦਲ ਖਿਲਾਫ਼ ਕੋਈ ਸ਼ਬਦ ਨਹੀਂ ਬੋਲਿਆ। ਸੁਖਬੀਰ ਸਿੰਘ ਬਾਦਲ ਵੱਲੋਂ 2014 ਦੌਰਾਨ ਦੇਸ਼ ਵਿੱਚ ਨਰਿੰਦਰ ਮੋਦੀ ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਸਰਕਾਰ ਵੱਲੋਂ ਨੋਟਾਂ ਦੇ ਟਰਾਲੇ ਭੇਜਣ ਦੇ ਜੋ ਸਬਜ਼ਬਾਗ ਦਿਖਾਏ ਗਏ ਸਨ, ਹੁਣ 10 ਸਾਲਾਂ ਬਾਅਦ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਪੁੱਛਦੇ ਹਨ ਕਿ ਉਹ ਨੋਟਾਂ ਦੇ ਭਰੇ ਟਰਾਲੇ ਕਿਹੜੀਆਂ-ਕਿਹੜੀਆਂ ਥਾਂ ’ਤੇ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਵੀ ਚੋਣਾਂ ਆਉਂਦੀਆਂ ਤਾਂ ਪਿਛਲੀ ਲਗਪਗ ਅੱਧੀ ਸਦੀ ਤੋਂ ਬਾਦਲ ਪਰਿਵਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਇਲਾਕਿਆਂ ਸਣੇ ਚੰਡੀਗੜ੍ਹ ਨੂੰ ਖ਼ਤਰਾ ਦੱਸ ਕੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ ਜਾਂਦੀਆਂ ਹਨ, ਉਹੀ ਜੁਗਾੜ ਹੁਣ ਲੋਕ ਸਭਾ ਦੀਆਂ ਚੋਣਾਂ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਰਤਣ ਲੱਗੇ ਹਨ। ਉਹ ਮਾਨਸਾ ਨੇੜਲੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੱਧੂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਨਾ ਪੰਜਾਬ ਵਿੱਚ ‘ਆਪ’ ਅਤੇ ਨਾ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਇਨਸਾਫ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਸੰਸਦ ਮੈਂਬਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਇਸੇ ਮਾਮਲੇ ਨੂੰ ਸੰਸਦ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਵੱਡੀ ਸਮੱਸਿਆ ਹੈ, ਅਕਾਲੀਆਂ ਤੇ ‘ਆਪ’ ਵੱਲੋਂ ਤਸ਼ਕਰਾਂ ਤੇ ਪੁਲੀਸ ਵਿਚਕਾਰ ਗੱਠਜੋੜ ਨਹੀਂ ਤੋੜਿਆ ਗਿਆ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਦੀਆਂ ਫ਼ਸਲਾਂ ਅਤੇ ਨਸਲਾਂ ਬਚਾਉਣ ਲਈ ਬਠਿੰਡਾ ਲੋਕ ਸਭਾ ਹਲਕੇ ਤੋਂ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਥ ਮਜ਼ਬੂਤ ਕਰਨ ਲਈ ਅਪੀਲ ਕੀਤੀ।
ਇਸ ਮੌਕੇ ਅਜੀਤਇੰਦਰ ਸਿੰਘ ਮੋਫ਼ਰ, ਬਿਕਰਮ ਸਿੰਘ ਮੋਫ਼ਰ, ਚਮਕੌਰ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।