ਕੇਜਰੀਵਾਲ ਦੀ ਜ਼ਿੰਦਗੀ ਨਾਲ ਖੇਡ ਰਹੀ ਹੈ ਭਾਜਪਾ ਤੇ ਕੇਂਦਰ ਸਰਕਾਰ: ਸੰਜੇ ਸਿੰਘ
ਨਵੀਂ ਦਿੱਲੀ, 13 ਜੁਲਾਈ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਅਤੇ ਉਸ ਦੀ ਕੇਂਦਰ ਸਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਿੰਦਗੀ ਨਾਲ ਖੇਡ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਦਾ ਵਜ਼ਨ ਜੇਲ੍ਹ ਵਿੱ ਰਹਿਣ ਦੌਰਾਨ 8.5 ਕਿੱਲੋ ਘੱਟ ਗਿਆ ਹੈ ਅਤੇ ਖ਼ੂਨ ਵਿੱਚ ਸ਼ੂਗਰ ਦਾ ਪੱਧਰ 50 ਮਿਲੀਗ੍ਰਾਮ/ਡੀਐੱਲ ਤੋਂ ਹੇਠਾਂ ਪੰਜ ਵਾਰ ਜਾ ਚੁੱਕਾ ਹੈ। ਇੱਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਜੇ ਸਿੰਘ ਨੇ ਕਿਹਾ, ‘‘ਕੇਜਰੀਵਾਲ ਦੀ ਸਥਿਤੀ ਅਜਿਹੀ ਹੈ ਕਿ ਜੇਕਰ ਉਨ੍ਹਾਂ ਨੂੰ ਜਲਦੀ ਜੇਲ੍ਹ ਤੋਂ ਬਾਹਰ ਨਾ ਲਿਆਂਦਾ ਗਿਆ ਅਤੇ ਇਲਾਜ ਨਾ ਕੀਤਾ ਗਿਆ ਤਾਂ ਉਨ੍ਹਾਂ ਨਾਲ ਕੋਈ ਵੀ ਗੰਭੀਰ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ 21 ਮਾਰਚ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ, ਉਦੋਂ ਉਨ੍ਹਾਂ ਦਾ ਵਜ਼ਨ 70 ਕਿੱਲੋ ਸੀ ਜੋ ਘੱਟ ਕੇ 61.5 ਕਿੱਲੋਗ੍ਰਾਮ ਰਹਿ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਜਰੀਵਾਲ ਦਾ ਵਜ਼ਨ ਲਗਾਤਾਰ ਘਟਣ ਦਾ ਕਾਰਨ ਨਹੀਂ ਪਤਾ, ਕਿਉਂਕਿ ਕੋਈ ਜਾਂਚ ਨਹੀਂ ਹੋਈ ਹੈ। ਸੰਜੇ ਸਿੰਘ ਨੇ ਕਿਹਾ ਕਿ ਵਜ਼ਨ ਘਟਣਾ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਪਰਿਵਾਰ, ‘ਆਪ’ ਅਤੇ ਉਨ੍ਹਾਂ ਦੇ ਸ਼ੁਭਚਿੰਤਕ ਜੇਲ੍ਹ ਵਿੱਚ ਉਨ੍ਹਾਂ ਦੇ ਸਿਹਤ ਸਬੰਧੀ ਹਾਲਾਤ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦੋਸ਼ ਲਾਇਆ, ‘‘ਭਾਜਪਾ ਅਤੇ ਉਸ ਦੀ ਕੇਂਦਰ ਸਰਕਾਰ ਦਾ ਮਕਸਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣਾ ਅਤੇ ਉਨ੍ਹਾਂ ਦੀ ਜ਼ਿੰਦਗੀ ਨਾਲ ਖੇਡਣਾ ਹੈ। ਉਹ ਸਾਜ਼ਿਸ਼ ਰਚ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕੁਝ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ।’’ -ਪੀਟੀਆਈ