ਬਿਜਲੀ ਦਰਾਂ ਵਧਾਉਣ ਸਬੰਧੀ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੂਨ
ਚੰਡੀਗੜ੍ਹ ਵਿੱਚ ਬਿਜਲੀ ਵਿਭਾਗ ਵੱਲੋਂ ਜੇਈਆਰਸੀ ਕੋਲ ਬਿਜਲੀ ਦੀਆਂ ਦਰਾਂ ਵਧਾਉਣ ਲਈ ਕੀਤੀ ਗਈ ਸਿਫਾਰਿਸ਼ ਤੋਂ ਬਾਅਦ ਸ਼ਹਿਰ ’ਚ ਸਿਆਸਤ ਭਖ ਗਈ ਹੈ। ਇਸ ਦੌਰਾਨ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਖੜ੍ਹੇ ਦਿਖਾਈ ਦੇ ਰਹੇ ਹਨ। ਭਾਜਪਾ ਵੱਲੋਂ ਬਿਜਲੀ ਦੀਆਂ ਦਰਾਂ ਵਧਾਉਣ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਕਾਂਗਰਸ ਵੱਲੋਂ ਬਿਜਲੀ ਦੀਆਂ ਦਰਾਂ ਵਧਾਉਣ ਲਈ ਕੀਤੀਆਂ ਸਿਫਾਰਿਸ਼ਾਂ ਨੂੰ ਲੈ ਕੇ ਭਾਜਪਾ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜੇਈਆਰਸੀ ਕੋਲ ਸ਼ਹਿਰ ਵਿੱਚ ਬਿਜਲੀ ਦੀਆਂ ਦਰਾਂ ਵਧਾਉਣ ਲਈ ਕੀਤੀ ਸਿਫਾਰਿਸ਼ ਵਿਰੁੱਧ ਇਤਰਾਜ਼ ਜਤਾਇਆ ਹੈ। ਮਲਹੋਤਰਾ ਨੇ ਜੇਈਆਰਸੀ ਨੂੰ ਪੱਤਰ ਲਿੱਖ ਕੇ ਚੰਡੀਗੜ੍ਹ ਦੇ ਬਿਜਲੀ ਵਿਭਾਗ ਦਾ ਆਡਿਟ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਬਿਜਲੀ ਦੀਆਂ ਦਰਾਂ ਵਧਾ ਕੇ ਆਪਣੇ ਮੌਜੂਦਾ ਘਾਟੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਿਜਲੀ ਵਿਭਾਗ ਆਪਣੇ ਪਿਛਲੀ ਘਾਟੇ ਵੀ ਪੂਰੇ ਕਰਨਾ ਚਾਹੁੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੀਆਂ ਦਰਾਂ ਵਧਾਉਣ ਤੋਂ ਪਹਿਲਾਂ ਵਿਭਾਗ ਦਾ ਆਡਿਟ ਕਰਵਾਇਆ ਜਾਵੇ, ਉਸ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇ।
ਭਾਜਪਾ ਦੇ ਇਸ਼ਾਰੇ ’ਤੇ ਦਰਾਂ ਵਧਾਉਣ ਦੀ ਕੀਤੀ ਗਈ ਸਿਫਾਰਿਸ਼: ਰਾਜੀਵ ਸ਼ਰਮਾ
ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਐਡਵੋਕੇਟ ਰਾਜੀਵ ਸ਼ਰਮਾ ਨੇ ਕਿਹਾ ਕਿ ਯੂਟੀ ਦੇ ਬਿਜਲੀ ਵਿਭਾਗ ਨੇ ਭਾਜਪਾ ਦੇ ਇਸ਼ਾਰੇ ’ਤੇ 19.44 ਫ਼ੀਸਦ ਬਿਜਲੀ ਦੀ ਦਰਾਂ ਵਧਾਉਣ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹਾਰ ਦੇ ਦੋ ਦਿਨ ਬਾਅਦ 6 ਜੂਨ ਨੂੰ ਬਿਜਲੀ ਦਰਾਂ ਵਧਾਉਣ ਦੀ ਸਿਫਾਰਿਸ਼ ਕੀਤੀ ਹੈ। ਹਾਲਾਂਕਿ ਬਿਜਲੀ ਵਿਭਾਗ ਦਰਾਂ ਵਧਾਉਣ ਸਬੰਧੀ ਸਥਿਤੀ ਸਪਸ਼ਟ ਕਰਨ ਵਿੱਚ ਨਾਕਾਮ ਹੈ। ਸ਼ਰਮਾ ਨੇ ਕਿਹਾ ਕਿ ਭਾਜਪਾ ਪਹਿਲਾਂ ਸ਼ਹਿਰ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਦਾ ਵਿਰੋਧ ਕਰਦੀ ਰਹੀ ਹੈ, ਹੁਣ ਲੋਕਾਂ ਦੀ ਜੇਬ ’ਤੇ ਬੋਝ ਪਾ ਰਹੀ ਹੈ।