ਭਾਜਪਾ ਤੇ ਆਰਐੱਸਐੱਸ ਨੇ ਜਮਹੂਰੀਅਤ ਤੇ ਮਨੁੱਖੀ ਅਧਿਕਾਰ ਖ਼ਤਮ ਕੀਤੇ: ਮਾਨ
ਐੱਸਐੱਸ ਸੱਤੀ
ਮਸਤੂਆਣਾ ਸਾਹਿਬ, 25 ਜੂਨ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ‘ਤੇ ਗਏ ਸਨ ਤਾਂ ਉਥੇ ਇਨ੍ਹਾਂ ਦਾ ਸਿੱਖ ਸੰਗਤ ਵੱਲੋਂ ਭਾਰੀ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਤੇ ਆਰਐੱਸਐੱਸ ਨੇ ਭਾਰਤ ਵਿੱਚ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਨੂੰ ਖਤਮ ਕਰ ਦਿੱਤਾ ਹੈ ਤੇ ਅਮਰੀਕਾ ਇਨ੍ਹਾਂ ਦੇ ਆਧਾਰ ‘ਤੇ ਸਿਆਸਤ ਕਰ ਰਿਹਾ ਹੈ।
ਸ੍ਰੀ ਮਾਨ ਨੇ ਅੱਜ ਇੱਥੇ ਪੀਏਸੀ ਦੇ ਆਗੂਆਂ ਨਾਲ ਦੇਰ ਸ਼ਾਮ ਤੱਕ ਮੀਟਿੰਗ ਕੀਤੀ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਬਾਬਰੀ ਮਸਜਿਦ ਦੀ ਥਾਂ ‘ਤੇ ਮੰਦਿਰ ਬਣਾ ਦਿੱਤਾ ਹੈ, ਜਿਸ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨੇ ਰੱਖਿਆ ਸੀ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਧਰਮ ਨਿਰਪੱਖ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਅੱਗੇ ਵੱਧ ਕੇ ਕਿਸੇ ਧਾਰਮਿਕ ਰੀਤੀ ਰਿਵਾਜ਼ ਦੀ ਹਮਾਇਤ ਕਰਨਾ ਬਿਲਕੁਲ ਵੀ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕਰ ਦਿੱਤੀ ਗਈ ਹੈ, ਪਰ ਹਾਲੇ ਤੱਕ ਉਥੇ ਇੱਕ ਵੀ ਖਾੜਕੂ ਜਿਊਂਦਾ ਨਹੀਂ ਫੜਿਆ ਗਿਆ। ਸ੍ਰੀ ਮਾਨ ਨੇ ਇਸ ਤੋਂ ਪਹਿਲਾਂ ਪੀਏਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਤ ਬਲਾਕ ਸਮਿਤੀ ਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।