ਭਾਜਪਾ ਨੇ ਝੋਨੇ ਦੀ ਖਰੀਦ ਨਾ ਹੋਣ ਉੱਤੇ ‘ਆਪ’ ਸਰਕਾਰ ਘੇਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ’ਤੇ ਕੀਤੇ ਜਾ ਰਹੇ ਹਮਲਿਆਂ ਦਾ ਅੱਜ ਭਾਜਪਾ ਨੇ ‘ਆਪ’ ਨੂੰ ਮੋੜਵਾਂ ਜਵਾਬ ਦਿੱਤਾ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ‘ਆਪ’ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 10 ਸੀਟਾਂ ’ਤੇ ਕਰਾਰੀ ਹਾਰ ਦਾ ਬਦਲਾ ਕਿਸਾਨਾਂ ਤੋਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਣ-ਬੁੱਝ ਕੇ ਪੰਜਾਬ ਦੀਆਂ ਮੰਡੀਆਂ ’ਚੋਂ ਝੋਨਾ ਨਾ ਖਰੀਦ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੂੰ ਕੇਂਦਰ ਸਰਕਾਰ ਤੋਂ 43,999 ਕਰੋੜ ਰੁਪਏ ਮਿਲਣ ਦੇ ਬਾਵਜੂਦ ਸੂਬਾ ਸਰਕਾਰ ਨੇ ਖਰੀਦ ਲਈ ਕੋਈ ਵੀ ਪ੍ਰਬੰਧ ਨਹੀਂ ਕੀਤੇ। ਗਰੇਵਾਲ ਨੇ ਕਿਹਾ ਕਿ ‘ਆਪ’ ਲਗਾਤਾਰ ਝੂਠ ਬੋਲ ਰਹੀ ਹੈ ਕਿ ਪਿਛਲੇ ਸਾਲ ਦੇ ਚੌਲ ਦੀ ਚੁਕਾਈ ਨਾ ਹੋਣ ਕਾਰਨ ਪੰਜਾਬ ’ਚ ਝੋਨੇ ਦੇ ਭੰਡਾਰਨ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੰਜਾਬ ਮੀਲਿੰਗ ਪਾਲਸੀ 2023-24 ਦੀ ਧਾਰਾ 14 ਤਹਿਤ ਮੰਡੀਆਂ ਵਿੱਚ ਝੋਨਾ ਤੁਰੰਤ ਖਰੀਦ ਕੇ ਪੰਜਾਬ ਦੇ ਕਿਸਾਨਾਂ ਨੂੰ ਰਾਹਤ ਦੇਵੇ।