ਭਾਜਪਾ ਨੇ ਮਹਾਰਾਸ਼ਟਰ ਜਿੱਤ ਦੀ ਖ਼ੁਸ਼ੀ ਮਨਾਈ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਨਵੰਬਰ
ਚੰਡੀਗੜ੍ਹ ਭਾਜਪਾ ਨੇ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਦੀ ਖੁਸ਼ੀ ਵਿੱਚ ਸੈਕਟਰ-33 ਵਿੱਚ ਸਥਿਤ ਪਾਰਟੀ ਦਫ਼ਤਰ ਕਮਲਮ ਵਿੱਚ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਕਰ ਰਿਹਾ ਹੈ। ਇਸੇ ਕਰ ਕੇ ਮਹਾਰਾਸ਼ਟਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਗੱਠਜੋੜ ਨੇ ਸਪਸ਼ਟ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿੱਚ ਮੁੜ ਤੋਂ ਸਰਕਾਰ ਬਣਨ ਤੋਂ ਸਪਸ਼ਟ ਹੈ ਕਿ ਲੋਕ ਭਾਜਪਾ ’ਤੇ ਭਰੋਸਾ ਕਰਦੇ ਹਨ, ਜਿਨ੍ਹਾਂ ਨੇ ਹਰਿਆਣਾ ਤੋਂ ਬਾਅਦ ਮਹਾਰਾਸ਼ਟਰ ਵਿੱਚ ਲਗਾਤਾਰ ਭਾਜਪਾ ਨੂੰ ਮੌਕਾ ਦਿੱਤਾ ਹੈ।
ਸ੍ਰੀ ਮਲਹੋਤਰਾ ਨੇ ਕਿਹਾ ਕਿ ਭਾਜਪਾ ਦੀ ਡਬਲ ਇੰਜਣ ਸਰਕਾਰ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੀ 100ਵੀਂ ਵਰ੍ਹੇਗੰਢ ’ਤੇ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਵੱਲੋਂ ਦੇਸ਼ ਦੇ ਵਿਕਾਸ ਤੇ ਤਰੱਕੀ ਲਈ ਹੋਰ ਕਈ ਅਹਿਮ ਫ਼ੈਸਲੇ ਲਏ ਜਾਣਗੇ। ਭਾਜਪਾ ਦੇ ਸੀਨੀਅਰ ਆਗੂ ਸੰਜੇ ਟੰਡਨ ਨੇ ਕਿਹਾ ਕਿ ਭਾਜਪਾ ਦੇ ਵਿਕਾਸ ਦੀ ਹਨੇਰੀ ਸੂਬੇ ਵਿੱਚ ਤੇਜ਼ੀ ਨਾਲ ਚੱਲ ਰਹੀ ਹੈ, ਜੋ ਹੋਰਨਾਂ ਸੂਬਿਆਂ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਵੀ ਜਿੱਤ ਦਰਜ ਕਰਵਾ ਕੇ ਰਹੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦਵਿੰਦਰ ਬਬਲਾ, ਰਾਮਵੀਰ ਭੱਟੀ, ਮਨੀਸ਼ ਸ਼ਰਮਾ, ਸੰਜੈ ਪੁਰੀ, ਰਮੇਸ਼ ਸਹੋਰ ਤੇ ਹੋਰ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ।