ਕਾਂਗਰਸ ਦੇ ਸਵਾਲਾਂ ਦੇ ਜਵਾਬ ਨਾ ਦੇ ਸਕੀ ਭਾਜਪਾ: ਹੁੱਡਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਨਵੰਬਰ
ਹਰਿਆਣਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵਿਧਾਨ ਸਭਾ ਸੈਸ਼ਨ ਖਤਮ ਹੋਣ ਮਗਰੋਂ ਸੱਤਾਧਾਰੀ ਭਾਜਪਾ ’ਤੇ ਤਿੱਖੇ ਹਮਲੇ ਕੀਤੇ। ਸ੍ਰੀ ਹੁੱਡਾ ਨੇ ਕਿਹਾ ਕਿ ਹਰਿਆਣਾ ਵਿੱਚ ਨਵੀਂ ਬਣੀ ਸਰਕਾਰ ਕਿਸਾਨਾਂ ਨੂੰ ਨਾ ਤਾਂ ਡੀਏਪੀ ਅਤੇ ਨਾ ਹੀ ਐੱਮਐੱਸਪੀ ਮੁਹੱਈਆ ਕਰਵਾ ਸਕੀ ਹੈ, ਜਦੋਂ ਇਸ ਬਾਰੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਤੋਂ ਸਵਾਲ ਪੁੱਛੇ ਤਾਂ ਭਾਜਪਾ ਇਨ੍ਹਾਂ ਸਵਾਲਾਂ ਦਾ ਜਵਾਬ ਵੀ ਨਹੀਂ ਦੇ ਸਕੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਲਈ ਰੁਲਣਾ ਪਿਆ। ਮਗਰੋਂ ਡੀਏਪੀ ਦੀ ਖਰੀਦ ਲਈ ਕਤਾਰਾਂ ਵਿੱਚ ਲੱਗਣਾ ਪਿਆ ਹੈ। ਇਸ ਦੇ ਬਾਵਜੂਦ ਡੀਏਪੀ ਨਹੀਂ ਮਿਲੀ।
ਸ੍ਰੀ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਚੋਣਾਂ ਦੌਰਾਨ ਕਿਸਾਨਾਂ ਨੂੰ ਝੋਨੇ ਦਾ 3100 ਰੁਪਏ ਕੁਇੰਟਲ ਅਤੇ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਉਹ ਵੀ ਨਹੀਂ ਦਿੱਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਠੇਕੇ ’ਤੇ ਕੰਮ ਕਰਨ ਵਾਲਿਆਂ ਦੀ ਨੌਕਰੀ ਨੂੰ ਸੁਰੱਖਿਅਤ ਕਰਨ ਲਈ ਬਿੱਲ ਪਾਸ ਕੀਤਾ ਹੈ, ਪਰ ਬਿੱਲ ਵਿੱਚ ਪਾਰਦਰਸ਼ਤਾ ਨਹੀਂ ਹੈ। ਭਾਜਪਾ ਵੱਲੋਂ ਦੋ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰ ਸੈਸ਼ਨ ਵਿੱਚ ਉਸ ਬਾਰੇ ਗੱਲ ਵੀ ਨਹੀਂ ਕੀਤੀ ਗਈ।