ਪੰਜਾਬ ’ਚ ਹੜ੍ਹਾਂ ਦੇ ਮਾਮਲੇ ’ਤੇ ਭਾਜਪਾ ਵਫ਼ਦ ਰਾਜਪਾਲ ਨੂੰ ਮਿਲਿਆ, ਰਾਜ ਸਰਕਾਰ ਤੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ
ਚੰਡੀਗੜ੍ਹ, 27 ਜੁਲਾਈ
ਪੰਜਾਬ ਭਾਜਪਾ ਦੇ ਵਫ਼ਦ ਨੇ ਅੱਜ ਇੱਥੇ ਹੜ੍ਹਾਂ ਦੇ ਮਾਮਲੇ ’ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਪੀੜਤਾਂ ਖਾਸ ਤੌਰ ’ਤੇ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਰਾਜ ਸਰਕਾਰ ਤੋਂ ਮੰਗ ਕੀਤੀ। ਇਸ ਦੌਰਾਨ ਦੋਸ਼ ਲਗਾਇਆ ਗਿਆ ਕਿ ਰਾਜ ਦੀ 'ਆਪ' ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਰੋਕਣ ਲਈ ਭਾਰੀ ਮੀਂਹ ਦੀ ਚਿਤਾਵਨੀ ਦੇ ਬਾਵਜੂਦ ਸਮੇਂ ਸਿਰ ਉਪਾਅ ਕਰਨ ਵਿੱਚ ਕਥਿਤ ਤੌਰ 'ਤੇ ਅਸਫਲ ਰਹੀ ਹੈ। ਵਫ਼ਦ ਦੀ ਅਗਵਾਈ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਸ੍ਰੀ ਜਾਖੜ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਇਸ ਸਰਕਾਰ ਤੋਂ ਜਵਾਬ ਮੰਗਿਆ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਿਸ ਤਰ੍ਹਾਂ 'ਆਪ' ਸਰਕਾਰ ਦੀ ਅਣਗਹਿਲੀ ਕਾਰਨ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਨੂੰ ਰੋਕਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨ ਹੁੰਦਾ ਹੈ ਪਰ 'ਆਪ' ਸਰਕਾਰ ਦੀ 'ਲਾਪ੍ਰਵਾਹੀ' ਕਾਰਨ ਜ਼ਿਆਦਾ ਨੁਕਸਾਨ ਹੋਇਆ ਹੈ। ਸਰਕਾਰ ਹੜ੍ਹਾਂ ਦੀ ਸਥਿਤੀ ਨੂੰ ਸੰਭਾਲਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਡਰੇਨਾਂ ਦੀ ਸਫ਼ਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਸਮੇਤ ਲੋੜੀਂਦੇ ਉਪਾਅ ਕਰਨ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਹੜ੍ਹ ਆ ਗਏ। ਭਾਜਪਾ ਆਗੂ ਨੇ ਕਿਹਾ ਕਿ ਕਈ ਖੇਤਰਾਂ ਵਿੱਚ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਆਪਣੀ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਹਤ ਲਈ 218 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਸ੍ਰੀ ਜਾਖੜ ਨੇ ਕਿਹਾ ਕਿ ਸੂਬੇ ਦੇ ਕਈ ਖੇਤਰਾਂ ਵਿੱਚ ਹਾਲੇ ਖੇਤ ਪਾਣੀ ’ਚ ਡੁੱਬੇ ਹਨ, ਜਿੱਥੇ ਫਸਲਾਂ ਦੀ ਬਿਜਾਈ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੂੰ ਉਨ੍ਹਾਂ ਕਿਸਾਨਾਂ ਨੂੰ ਅੰਤਰਿਮ ਰਾਹਤ ਦੇਣੀ ਚਾਹੀਦੀ ਹੈ, ਜਿਨ੍ਹਾਂ ਦੇ ਖੇਤ ਡੁੱਬੇ ਹੋਏ ਹਨ ਅਤੇ ਉਨ੍ਹਾਂ ਕਿਸਾਨਾਂ ਨੂੰ ਵੀ ਮੁਆਵਜ਼ਾ ਦੇਵੇ ਜਿਨ੍ਹਾਂ ਦੀ ਭਾਰੀ ਬਾਰਸ਼ ਕਾਰਨ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ।