For the best experience, open
https://m.punjabitribuneonline.com
on your mobile browser.
Advertisement

ਭਾਜਪਾ ਨੇ ਕੇਜਰੀਵਾਲ ਦੇ ਵਿਧਾਇਕਾਂ ਨੂੰ ਤੋੜਨ ਦੇ ਦੋਸ਼ਾਂ ਦੀ ਜਾਂਚ ਮੰਗੀ

07:56 AM Jan 31, 2024 IST
ਭਾਜਪਾ ਨੇ ਕੇਜਰੀਵਾਲ ਦੇ ਵਿਧਾਇਕਾਂ ਨੂੰ ਤੋੜਨ ਦੇ ਦੋਸ਼ਾਂ ਦੀ ਜਾਂਚ ਮੰਗੀ
ਪੁਲੀਸ ਨਾਲ ਮੁਲਾਕਾਤ ਕਰ ਕੇ ਬਾਹਰ ਆਉਂਦਾ ਹੋਇਆ ਭਾਜਪਾ ਦਾ ਵਫ਼ਦ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਜਨਵਰੀ
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੱਜ ਦਿੱਲੀ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ‘ਆਪ’ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਦੇ ਲਾਏ ਗਏ ਦੋਸ਼ਾਂ ਦੀ ਜਾਂਚ ਦੀ ਮੰਗ ਕੀਤੀ। ਇੱਥੇ ਪੁਲੀਸ ਹੈੱਡਕੁਆਰਟਰ ਵਿੱਚ ਦਿੱਲੀ ਪੁਲੀਸ ਕਮਿਸ਼ਨਰ ਸੰਜੈ ਅਰੋੜਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਚਦੇਵਾ ਨੇ ਕਿਹਾ ਕਿ ਕੇਜਰੀਵਾਲ ਨੂੰ ਆਪਣੇ ਦੋਸ਼ ਸਾਬਤ ਕਰਨ ਲਈ ਕਿਹਾ ਗਿਆ ਸੀ ਪਰ ‘ਆਪ’ ਦਾ ਕੋਈ ਵੀ ਵਿਅਕਤੀ ਸਬੂਤ ਲੈ ਕੇ ਸਾਹਮਣੇ ਨਹੀਂ ਆਇਆ। ਸਚਦੇਵਾ ਨੇ ਕਿਹਾ ਕਿ ਇਸ ਤੋਂ ਇਹੀ ਪਤਾ ਲੱਗਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਵੱਲੋਂ ਲਾਏ ਗਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। ਕੇਜਰੀਵਾਲ ਅਤੇ ‘ਆਪ’ ਦੇ ਹੋਰ ਆਗੂਆਂ ਨੇ ਪਿਛਲੇ ਹਫਤੇ ਦਾਅਵਾ ਕੀਤਾ ਸੀ ਕਿ ਭਾਜਪਾ ਦਿੱਲੀ ’ਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੂੰ ਪੈਸੇ ਅਤੇ ਚੋਣ ਟਿਕਟਾਂ ਦੀ ਪੇਸ਼ਕਸ਼ ਕਰ ਕੇ ਉਨ੍ਹਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਸੀ ਕਿ ‘ਆਪ’ ਦੇ ਸੱਤ ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਸੀ ਅਤੇ ਉਨ੍ਹਾਂ ’ਚੋਂ ਹਰੇਕ ਨੂੰ ਦਲ ਬਦਲੀ ਲਈ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਸੀ ਕਿ ਕਥਿਤ ਸ਼ਰਾਬ ਘੁਟਾਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਸਚਦੇਵਾ ਨੇ ਕਿਹਾ, ‘‘ਭਾਜਪਾ ਆਗੂਆਂ ’ਤੇ ਦੋਸ਼ ਲਗਾਉਣਾ ਅਤੇ ਫਿਰ ਮੁਆਫੀ ਮੰਗਣਾ ਕੇਜਰੀਵਾਲ ਦੀ ਪੁਰਾਣੀ ਆਦਤ ਹੈ। ਪਰ ਇਸ ਵਾਰ ਅਸੀਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ।’’ ਪੁਲੀਸ ਕਮਿਸ਼ਨਰ ਨੂੰ ਸੌਂਪੀ ਗਈ ਆਪਣੀ ਸ਼ਿਕਾਇਤ ’ਚ ਦਿੱਲੀ ਭਾਜਪਾ ਦੇ ਵਫਦ ਨੇ ਕੇਜਰੀਵਾਲ ਅਤੇ ਮੰਤਰੀ ਆਤਿਸ਼ੀ, ਵਿਧਾਇਕ ਦਲੀਪ ਪਾਂਡੇ ਅਤੇ ਦੁਰਗੇਸ਼ ਪਾਠਕ ਸਮੇਤ ‘ਆਪ’ ਦੇ ਹੋਰ ਆਗੂਆਂ ਖ਼ਿਲਾਫ਼ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸਚਦੇਵਾ ਨੇ ਕਿਹਾ ਕਿ ਜਿਵੇਂ ਹੀ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਵਿਧਾਇਕਾਂ ਨੂੰ ਲੁਭਾਉਣ ਦੇ ਝੂਠੇ ਦੋਸ਼ ਲਗਾਏ, ਭਾਜਪਾ ਨੇ ਉਨ੍ਹਾਂ ਦਾ ਖੰਡਨ ਕੀਤਾ ਅਤੇ ਉਨ੍ਹਾਂ ਨੂੰ ਸਬੂਤ ਪੇਸ਼ ਕਰਨ ਲਈ ਕਿਹਾ ਸੀ ਪਰ ਉਹ ਚੁੱਪ ਰਹੇ।
ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਭਾਜਪਾ ਦੇ ਵਿਧਾਇਕ ਫਰਵਰੀ ਵਿੱਚ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਵੀ ਇਸ ਮੁੱਦੇ ਨੂੰ ਉਠਾਉਣਗੇ। ਇਸ ਦੌਰਾਨ ਸੰਸਦ ਮੈਂਬਰ ਡਾਕਟਰ ਹਰਸ਼ਵਰਧਨ, ਮਨੋਜ ਤਿਵਾੜੀ ਤੇ ਹੋਰ ਆਗੂ ਵੀ ਸ਼ਾਮਲ ਸਨ।

Advertisement

Advertisement
Advertisement
Author Image

joginder kumar

View all posts

Advertisement