ਲੋਕਾਂ ’ਚ ਧਰਮ ਦੇ ਨਾਂ ’ਤੇ ਵੰਡੀਆਂ ਪਾਉਂਦੀ ਹੈ ਭਾਜਪਾ: ਰਾਜਾ ਵੜਿੰਗ
ਗਗਨਦੀਪ ਅਰੋੜਾ
ਲੁਧਿਆਣਾ, 9 ਮਈ
ਇੱਥੋਂ ਕਾਂਗਰਸੀ ਉਮੀਦਵਾਰ ਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ।
ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਲੋਕਾਂ ਨੂੰ ਜੋੜਨ ਦੀ ਗੱਲ ਕਰਦੀ ਹੈ ਤੇ ਭਾਜਪਾ ਧਰਮ ਦੇ ਨਾਂ ’ਤੇ ਵੰਡੀਆਂ ਪਾਉਂਦੀ ਹੈ। ਪੰਜਾਬ ਵਿੱਚ ਤਾਂ ਭਾਜਪਾ ਦਾ ਇਹ ਮਨਸੂਬਾ ਕਦੇ ਕਾਮਯਾਬ ਨਹੀਂ ਹੋ ਸਕੇਗਾ ਕਿਉਂਕਿ ਇੱਥੋਂ ਦੇ ਲੋਕ ਭਾਜਪਾ ਦੇ ਝਾਂਸੇ ਹੇਠ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਭ ਧਰਮਾਂ ਦੇ ਲੋਕ ਮਿਲਜੁਲ ਕੇ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਇਸ ਕਰਕੇ ਇਸ ਵਾਰ ਵੀ ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ। ਰਾਜਾ ਵੜਿੰਗ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਨਿਊ ਕੋਰਟ ਕੰਪਲੈਕਸ ਵਿੱਚ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਕੀਲ ਭਾਈਚਾਰੇ ਦੀਆਂ ਜੋ ਮੰਗਾਂ ਹਨ, ਉਨ੍ਹਾਂ ਨੂੰ ਐੱਮਪੀ ਬਣਦੇ ਹੀ ਉਹ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਹਮੇਸ਼ਾ ਟਕਰਾਅ ਵਿੱਚ ਨਹੀਂ ਸਗੋਂ ਸੁਲ੍ਹਾ ਵਿੱਚ ਭਰੋਸਾ ਰੱਖਦੀ ਹੈ। ਕਿਸਾਨਾਂ ਦੇ ਮੁੱਦੇ ’ਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਬਣਾਈ ਗਈ ਵੀਡੀਓ ’ਤੇ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਜਿਥੇ ਚਾਹੇ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਹੈ ਤੇ ਕਿਸੇ ਨੂੰ ਵੀ ਅਜਿਹਾ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਉਨ੍ਹਾਂ ਕਿਸਾਨਾਂ ਆਗੂਆਂ ਨੂੰ ਸੁਝਾਅ ਦਿੱਤਾ ਕਿ ਰੇਲ ਅਤੇ ਸੜਕੀ ਜਾਮ ਨੂੰ ਹਰ ਕੀਮਤ ’ਤੇ ਟਾਲਿਆ ਜਾਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਲੱਖਾਂ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਹੜੇ ਕਿਸਾਨਾਂ ਵਾਂਗ ਬੇਵੱਸ ਹਨ। ਉਨ੍ਹਾਂ ਕਿਹਾ ਕਿ ਜੇ 2020 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਾ ਹੁੰਦੀ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਕੇ ਮੋਦੀ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਨਹੀਂ ਕਰ ਸਕਦੇ ਸਨ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰਿਆਣਾ ਅਤੇ ਕੇਂਦਰ ਦੀਆਂ ਭਾਜਪਾ ਸਰਕਾਰਾਂ ਨਾਲ ਮਿਲੀਭੁਗਤ ਕਰਕੇ ਕਿਸਾਨਾਂ ਦਾ ਰਾਹ ਰੋਕ ਕੇ ਉਨ੍ਹਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਿਆ।