ਭਾਜਪਾ ਨੇ ਸਤਿਕਾਰ ਕੌਰ ਨੂੰ ਪਾਰਟੀ ’ਚੋਂ ਕੱਢਿਆ
ਚੰਡੀਗੜ੍ਹ (ਟਨਸ):
ਪੰਜਾਬ ਭਾਜਪਾ ਨੇ ਲੰਘੇ ਦਿਨ ਨਸ਼ਾ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਆਦੇਸ਼ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਗਹਿਰੀ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਸਤਿਕਾਰ ਕੌਰ ਅਤੇ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਲੰਘੇ ਦਿਨ ਖਰੜ ਦੇ ਸੰਨੀ ਐਨਕਲੇਵ ਨੇੜਿਓਂ ਕਥਿਤ 100 ਗ੍ਰਾਮ ਹੈਰੋਇਨ ਦੀ ਤਸਕਰੀ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਮਗਰੋਂ ਪੁਲੀਸ ਨੇ ਉਸ ਦੇ ਘਰ ਵਿੱਚੋਂ 28 ਗ੍ਰਾਮ ਹੈਰੋਇਨ, 1.56 ਲੱਖ ਰੁਪਏ ਨਕਦ, ਗਹਿਣੇ ਤੇ ਚਾਰ ਗੱਡੀਆਂ ਵੀ ਆਪਣੇ ਕਬਜ਼ੇ ਵਿੱਚ ਲਈਆਂ ਹਨ। ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਸਤਿਕਾਰ ਕੌਰ ਸਾਲ 2017 ਤੋਂ 2022 ਦੌਰਾਨ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੀ ਅਤੇ 2022 ਵਿਚ ਟਿਕਟ ਨਾ ਮਿਲਣ ਕਾਰਨ ਭਾਜਪਾ ਵਿਚ ਸ਼ਾਮਲ ਹੋ ਗਈ ਸੀ।