ਭਾਜਪਾ ਨੇ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਦਿੱਤਾ ਝਟਕਾ
ਆਤਿਸ਼ ਗੁਪਤਾ
ਚੰਡੀਗੜ੍ਹ, 27 ਜਨਵਰੀ
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਚੰਡੀਗੜ੍ਹ ਦੇ ਵਾਰਡ ਨੰਬਰ-27 ਤੋਂ ਕਾਂਗਰਸੀ ਕੌਂਸਲਰ ਗੁਰਬਖਸ਼ ਰਾਵਤ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਗੁਰਬਖਸ਼ ਰਾਵਤ ਨੂੰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਤੇ ਹੋਰਨਾਂ ਸੀਨੀਅਰ ਆਗੂਆਂ ਨੇ ਸੈਕਟਰ-33 ਵਿੱਚ ਸਥਿਤ ਭਾਜਪਾ ਦਫ਼ਤਰ ਵਿੱਚ ਸ਼ਾਮਲ ਕਰਵਾਇਆ ਹੈ।
ਵਾਰਡ ਨੰਬਰ-27 ਤੋਂ ਕੌਂਸਲਰ ਗੁਰਬਖਸ਼ ਰਾਵਤ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਤੋਂ ਚੰਡੀਗੜ੍ਹ ਨਗਰ ਨਿਗਮ ਵਿੱਚ ‘ਆਪ’ ਤੇ ਕਾਂਗਰਸ ਗੱਠਜੋੜ ਦਾ ਮੇਅਰ ਕਾਬਜ਼ ਹੈ, ਜਿਸ ਨੇ ਸ਼ਹਿਰ ਦੀ ਹਾਲਤ ਮਾੜੀ ਕਰ ਦਿੱਤੀ ਹੈ। ‘ਆਪ’ ਤੇ ਕਾਂਗਰਸ ਦੇ ਗਠਜੋੜ ਦੌਰਾਨ ਸ਼ਹਿਰ ਦਾ ਵਿਕਾਸ ਰੁਕ ਗਿਆ ਹੈ। ਇਨ੍ਹਾਂ ਵੱਲੋਂ ਲੋਕਾਂ ਨੂੰ ਸਿਰਫ਼ ਝੂਠ ਬੋਲ ਕੇ ਗੁਮਰਾਹ ਕੀਤਾ ਜਾ ਰਿਹਾ ਹੈ ਜਦੋਂਕਿ ਜ਼ਮੀਨੀ ਪੱਧਰ ’ਤੇ ਕੁਝ ਵੀ ਨਹੀਂ ਕੀਤਾ ਜਾ ਰਿਹਾ ਹੈ। ਇਸ ਨਾਲ ਚੰਡੀਗੜ੍ਹ ਸ਼ਹਿਰ ਦਾ ਬਹੁਤ ਮਾੜਾ ਹਾਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਸ਼ਹਿਰ ਨੇ ਪਹਿਲਾਂ ਵਧੇਰੇ ਤਰੱਕੀ ਕੀਤੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਵੀ ਭਾਜਪਾ ਹੀ ਸ਼ਹਿਰ ਨੂੰ ਸੰਵਾਰ ਸਕਦੀ ਹੈ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਵਾਰਡ ਨੰਬਰ-27 ਤੋਂ ਕੌਂਸਲਰ ਗੁਰਬਖਸ਼ ਰਾਵਤ ਦਾ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਹਰ ਵਰਕਰ ਨੂੰ ਬਰਾਬਰ ਦਾ ਸਨਮਾਨ ਦਿੱਤਾ ਜਾਂਦਾ ਹੈ। ਉਸੇ ਤਰ੍ਹਾਂ ਗੁਰਬਖਸ਼ ਰਾਵਤ ਨੂੰ ਵੀ ਬਣਦਾ ਸਨਮਾਨ ਦਿੱਤਾ ਜਾਵੇਗਾ। ਸ੍ਰੀ ਮਲਹੋਤਰਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ 30 ਜਨਵਰੀ ਨੂੰ ਹੋਣ ਵਾਲੀ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਵਿੱਚ ਭਾਜਪਾ ਉਮੀਦਵਾਰ ਜੇਤੂ ਰਹਿਣਗੇ। ਇਸ ਮੌਕੇ ਸੰਜੈ ਟੰਡਨ, ਭਾਜਪਾ ਦੀ ਮੇਅਰ ਅਹੁਦੇ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ।
ਯੂਥ ਕਾਂਗਰਸ ਵੱਲੋਂ ਗੁਰਬਖਸ਼ ਰਾਵਤ ਵਿਰੁੱਧ ਪ੍ਰਦਰਸ਼ਨ

ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਦੀਪਕ ਲੁਬਾਣਾ ਦੀ ਅਗਵਾਈ ਹੇਠ ਹੋਰਨਾਂ ਵਰਕਰਾਂ ਨੇ ਸੈਕਟਰ-40 ਵਿੱਚ ਵਾਰਡ ਨੰਬਰ-27 ਤੋਂ ਕੌਂਸਲਰ ਗੁਰਬਖਸ਼ ਰਾਵਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਯੂਥ ਕਾਂਗਰਸ ਦੇ ਵਰਕਰਾਂ ਨੇ ਗੁਰਬਖਸ਼ ਰਾਵਤ ਦਾ ਪੁਤਲਾ ਸਾੜਿਆ ਹੈ। ਸ੍ਰੀ ਲੁਬਾਣਾ ਨੇ ਕਿਹਾ ਕਿ ਗੁਰਬਖਸ਼ ਰਾਵਤ ਨੇ ਆਪਣੇ ਵਾਰਡ ਦੇ ਲੋਕਾਂ ਨਾਲ ਧੋਖਾ ਕਰਦੇ ਹੋਏ ਨਿੱਜੀ ਹਿੱਤਾਂ ਲਈ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ-27 ਦੇ ਲੋਕਾਂ ਨੇ ਕਾਂਗਰਸ ਪਾਰਟੀ ਦੇ ਕੰਮਾਂ ਨੂੰ ਦੇਖਦੇ ਹੋਏ ਗੁਰਬਖਸ਼ ਰਾਵਤ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਸੀ, ਪਰ ਅੱਜ ਗੁਰਬਖਸ਼ ਰਾਵਤ ਲੋਕਾਂ ਨਾਲ ਧੋਖਾ ਕਰ ਗਈ ਹੈ। ਇਸ ਮੌਕੇ ਚੰਡੀਗੜ੍ਹ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸੁਖਦੇਵ, ਜਨਰਲ ਸਕੱਤਰ ਕਪਿਲ ਚੋਪੜਾ, ਸ਼ੁਭਮ, ਰਵੀ ਰਾਣਾ, ਵਿਕਾਸ, ਅਮਿਤ ਸਣੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂ ਮੌਜੂਦ ਰਹੇ।