ਭਾਜਪਾ ਸਰਕਾਰ ਕਿਸਾਨਾਂ ਦਾ ਸ਼ੋਸ਼ਣ ਕਰਨ ਲੱਗੀ: ਸ਼ੈਲਜਾ
ਪ੍ਰਭੂ ਦਿਆਲ
ਸਿਰਸਾ, 8 ਨਵੰਬਰ
ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਦੁੱਗਣਾ ਜੁਰਮਾਨਾ ਕੀਤੇ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਦੇਸ਼ ਨੂੰ ਅੰਨ ਪ੍ਰਦਾਨ ਕਰਨ ਵਾਲੇ ਕਿਸਾਨਾਂ ਬਾਰੇ ਚੰਗਾ ਸੋਚਣ ਦੀ ਬਜਾਏ ਭਾਜਪਾ ਸਰਕਾਰ ਕਿਸਾਨਾਂ ਨੂੰ ਦਬਾਉਣ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਕਿਸਾਨਾਂ ਨੂੰ ਜੁਰਮਾਨਾ ਕਰਨ ਦੇ ਨਾਲ-ਨਾਲ ਉਨ੍ਹਾਂ ’ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਇੱਕ ਪਾਸੇ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੂਜੇ ਪਾਸੇ ਕੇਂਦਰ ਸਰਕਾਰ ਨੇ ਹੁਣ ਪਰਾਲੀ ਸਾੜਨ ’ਤੇ ਜੁਰਮਾਨੇ ਦੀ ਰਕਮ ਦੁੱਗਣੀ ਕਰਨ ਦਾ ਫੈਸਲਾ ਕਰਕੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਕੇਂਦਰ ਦੇ ਇਸ ਫੈਸਲੇ ਦੀ ਨਿੰਦਾ ਕਰਦੀ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਿਸਾਨ ਅੱਜ ਵੀ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਕਿਸਾਨ ਅੰਦੋਲਨ ਵਿੱਚ 750 ਕਿਸਾਨ ਆਪਣੇ ਹੱਕਾਂ ਲਈ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਸਰਕਾਰ ਦਮਨਕਾਰੀ ਨੀਤੀਆਂ ਨਾਲ ਉਨ੍ਹਾਂ ਨੂੰ ਦਬਾ ਰਹੀ ਹੈ। ਸਰਕਾਰ ਕਿਸਾਨਾਂ ਦਾ ਸ਼ੋਸ਼ਣ ਕਰਨ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਕੰਮ ਸਿਰਫ਼ ਦੋ-ਚਾਰ ਸਾਲਾਂ ਵਿੱਚ ਸ਼ੁਰੂ ਨਹੀਂ ਹੋਇਆ। ਇਹ ਕਈ ਦਹਾਕਿਆਂ ਤੋਂ ਹੀ ਹੋ ਰਿਹਾ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ।