ਭਾਜਪਾ ਨੇ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਾਰਚ
ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਰਾਜਨੀਤਕ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਚੰਡੀਗੜ੍ਹ ਭਾਜਪਾ ਦੇ ਆਗੂਆਂ ਨੇ ਮਲੋਆ ਤੋਂ ਸੈਕਟਰ-33 ਵਿੱਚ ਸਥਿਤ ਭਾਜਪਾ ਦਫ਼ਤਰ ਤੱਕ ਰੋਡ ਸ਼ੋਅ ਕੀਤਾ। ਇਸ ਦੌਰਾਨ ਭਾਜਪਾਈਆਂ ਨੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ 10 ਸਾਲਾਂ ਦੀਆਂ ਕਾਰਗੁਜ਼ਾਰੀਆਂ ਤੋਂ ਜਾਣੂੰ ਕਰਵਾਇਆ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਰੋਡਸ਼ੋਅ ਦਾ ਪਾਰਟੀ ਦਫ਼ਤਰ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤੱਕ ਜੋ ਕਿਹਾ ਹੈ, ਉਹ ਕਰ ਕੇ ਦਿਖਾਇਆ ਹੈ। ਇਸ ਲਈ ਦੇਸ਼ ਦੇ ਲੋਕ ਭਾਜਪਾ ਦੇ ਕੰਮਕਾਜ ਤੋਂ ਬਹੁਤ ਖੁਸ਼ ਹਨ ਅਤੇ ਉਹ ਭਾਜਪਾ ਦੇ 10 ਸਾਲਾਂ ਸ਼ਾਸਨ ਦੇ ਆਧਾਰ ’ਤੇ ਤੀਜੀ ਵਾਰ ਸਰਕਾਰ ਬਨਾਉਣ ਦਾ ਮੌਕਾ ਦੇਣਗੇ। ਮਲਹੋਤਰਾ ਨੇ ਦਾਅਵਾ ਕੀਤਾ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ 400 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰਕੇ ਸਰਕਾਰ ਬਣਾਵੇਗੀ।
ਚੰਡੀਗੜ੍ਹ ਭਾਜਪਾ ਦੇ ਮੀਤ ਪ੍ਰਧਾਨ ਰਾਮਵੀਰ ਭੱਟੀ ਤੇ ਜਨਰਲ ਸਕੱਤਰ ਹੁਕਮ ਚੰਦ ਨੇ ਕਿਹਾ ਕਿ ਭਾਜਪਾ ਵੱਲੋਂ ਬੂਥ ਪੱਧਰ ’ਤੇ ਟੀਮਾਂ ਦਾ ਗਠਨ ਕਰਕੇ ਭਾਜਪਾ ਸਰਕਾਰ ਦੇ 10 ਸਾਲਾਂ ਦੇ ਕੰਮਕਾਜ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਸਣੇ ਹਰੇਕ ਵਰਗ ਦੇ ਲੋਕਾਂ ਲਈ ਠੋਸ ਫੈਸਲੇ ਲਏ ਹਨ, ਜਿਸ ਦੇ ਚਲਦਿਆਂ ਦੇਸ਼ ਤੇਜ਼ੀ ਨਾਲ ਤਰੱਕੀ ਦੀ ਰਾਹ ’ਤੇ ਦੋੜ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਭਾਜਪਾ ਦੇਸ਼ ਨੂੰ ਵਿਕਾਸ ਦੇ ਰਾਹ ’ਤੇ ਹੋਰ ਅੱਗੇ ਲੈ ਕੇ ਜਾਵੇਗੀ।