ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰ ਰਹੀ ਹੈ ਭਾਜਪਾ: ਕੇਜਰੀਵਾਲ
ਨਵੀਂ ਦਿੱਲੀ, 29 ਦਸੰਬਰ
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਹੈ ਕਿ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀ ਵਿੱਚ ਹੇਰਾਫੇਰੀ ਕਰ ਰਹੀ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਚੋਰ ਮੋਰੀਆਂ ਰਾਹੀਂ ਚੋਣ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੌਜੂਦਾ ਮੁੱਦਿਆਂ ਬਾਰੇ ਗੱਲ ਨਹੀਂ ਕਰ ਰਹੀ ਤੇ ਉਸ ਨੂੰ ਦਿੱਲੀ ਵਿਧਾਨ ਸਭਾ ਲਈ ਵਧੀਆ ਕਿਰਦਾਰ ਵਾਲੇ ਉਮੀਦਵਾਰ ਵੀ ਨਹੀਂ ਲੱਭ ਰਹੇ। ਇਸ ਕਰ ਕੇ ਉਹ ਹੋਰ ਤਰੀਕਿਆਂ ਰਾਹੀਂ ਚੋਣ ਜਿੱਤਣ ਲਈ ਵਾਹ ਲਾ ਰਹੀ ਹੈ। ਭਾਜਪਾ ਕੋਲ ਮੁੱਖ ਮੰਤਰੀ ਦਾ ਚਿਹਰਾ ਜਾਂ ਢੁਕਵੇਂ ਉਮੀਦਵਾਰ ਵੀ ਨਹੀਂ ਹਨ। ਉਹ ਸਿਰਫ਼ ਹੇਰਾਫੇਰੀ ਰਾਹੀਂ ਜਿੱਤਣਾ ਚਾਹੁੰਦੀ ਹੈ ਪਰ ‘ਆਪ’ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਇਕੱਲੇ ਇੱਕ ਹਲਕੇ ਵਿੱਚ 11,000 ਵੋਟਾਂ ਰੱਦ ਕਰਨ ਦੀ ਦਰਖਾਸਤ ਦਿੱਤੀ ਹੈ ਪਰ ਮੁੱਖ ਚੋਣ ਕਮਿਸ਼ਨਰ ਦੇ ਦਖਲ ਨਾਲ ਇਸ ਨੂੰ ਰੋਕ ਦਿੱਤਾ ਗਿਆ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਇਹ ਮਾਮਲਾ ਸਾਹਮਣੇ ਲਿਆਂਦਾ ਤੇ ਭਗਵਾਨ ਦਾ ਸ਼ੁਕਰ ਹੈ ਕਿ ਇਹ ਅਮਲ ਰੁਕ ਗਿਆ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਵਿੱਚ ਹੁਣ ਤੱਕ 5,000 ਵੋਟਰਾਂ ਨੂੰ ਹਟਾਉਣ ਦੀਆਂ ਅਰਜ਼ੀਆਂ ਦਿੱਤੀਆਂ ਗਈਆਂ ਹਨ ਅਤੇ ਇਸ ਵਿਚ 7,500 ਹੋਰ ਨੂੰ ਜੋੜ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਹਲਕੇ ਦੀਆਂ 12 ਫੀਸਦੀ ਵੋਟਾਂ ਬਦਲ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ 20 ਅਗਸਤ ਤੋਂ 20 ਅਕਤੂਬਰ ਦਰਮਿਆਨ ਵੋਟਾਂ ਦੀ ਸੁਧਾਈ ਤੋਂ ਬਾਅਦ 29 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਗਈ ਵੋਟਰ ਸੂਚੀ ਅਨੁਸਾਰ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 106,873 ਹੈ। ਉਨ੍ਹਾਂ ਕਿਹਾ ਕਿ ਅਪਰੇਸ਼ਨ ਲੋਟਸ ਹੁਣ ਉਨ੍ਹਾਂ ਦੇ ਹਲਕੇ ਵਿੱਚ ਪਹੁੰਚ ਗਿਆ ਹੈ। ਚੋਣ ਨਤੀਜਿਆਂ ਨੂੰ ਬਦਲਣ ਲਈ ਵੋਟਰ ਸੂਚੀਆਂ ਵਿੱਚ ਹੇਰਾਫੇਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਚੋਣ ਕਮਿਸ਼ਨ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਅਮਲ ’ਤੇ ਸਖਤ ਨਜ਼ਰ ਰੱਖੇ।
ਨਾਜਾਇਜ਼ ਵੋਟਾਂ ਬਣਵਾ ਰਹੀ ਹੈ ਆਮ ਆਦਮੀ ਪਾਰਟੀ: ਭਾਜਪਾ
ਭਾਜਪਾ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ’ਤੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹਾਰ ਦੇ ਡਰੋਂ ਗੈਰ-ਕਾਨੂੰਨੀ ਵੋਟਾਂ ਬਣਾਉਣ ਦੇ ਦੋਸ਼ ਲਾਏ ਹਨ। ਭਾਜਪਾ ਦੀ ਸ਼ਹਿਰੀ ਇਕਾਈ ਦੇ ਮੁਖੀ ਵਰਿੰਦਰ ਸਚਦੇਵਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਵਿੱਚ ਜਾਅਲੀ ਵੋਟਾਂ ਨਹੀਂ ਪੈਣ ਦੇਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਕਈ ਸਬੂਤ ਦਿੱਤੇ ਹਨ ਪਰ ਕੇਜਰੀਵਾਲ ਸਿਰਫ਼ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਕੇ ਆਪਣੀਆਂ ‘ਗਲਤੀਆਂ’ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ 70 ਮੈਂਬਰੀ ਦਿੱਲੀ ਵਿਧਾਨ ਸਭਾ ਲਈ ਫਰਵਰੀ ਵਿੱਚ ਚੋਣਾਂ ਹੋਣੀਆਂ ਹਨ। ਉਨ੍ਹਾਂ ‘ਆਪ’ ਆਗੂ ਸੰਜੇ ਸਿੰਘ ਦੇ ਭਾਜਪਾ ’ਤੇ ਲਾਏ ਦੋਸ਼ ਕਿ ਭਾਜਪਾ ਉਨ੍ਹਾਂ ਦੀ ਪਤਨੀ ਦਾ ਨਾਂ ਵੋਟਰ ਸੂਚੀ ਵਿਚੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਬਾਰੇ ਦਾਅਵਾ ਕਰਦਿਆਂ ਕਿਹਾ ਕਿ ਸੰਜੇ ਸਿੰਘ ਦੀ ਪਤਨੀ ਦੀ ਵੋਟ ਰੱਦ ਕਰਨ ਲਈ ਅਪਲਾਈ ਕਰਨ ਵਾਲੀਆਂ ਦੋ ਔਰਤਾਂ ਦੇ ਉਨ੍ਹਾਂ ਨਾਲ ਪਰਿਵਾਰਕ ਸਬੰਧ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਨੂੰ ਸੋਧਣ ਦਾ ਕੰਮ 23 ਦਸੰਬਰ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ 6 ਜਨਵਰੀ ਨੂੰ ਸੋਧੀ ਹੋਈ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਹਰ ਵਿਧਾਨ ਸਭਾ ਹਲਕੇ ਵਿੱਚ ਨਵੇਂ ਵੋਟਰਾਂ ਲਈ ਅਰਜ਼ੀਆਂ ਦਿੱਤੀਆਂ ਹਨ। ਇਕੱਲੇ ਨਰੇਲਾ ਵਿੱਚ 24 ਦਸੰਬਰ ਨੂੰ 2,000 ਤੋਂ ਵੱਧ ਲੋਕਾਂ ਨੇ ਨਵੀਂ ਵੋਟ ਬਣਾਉਣ ਲਈ ਅਰਜ਼ੀ ਦਿੱਤੀ। ਇਸ ਤੋਂ ਬਾਅਦ 25, 26 ਅਤੇ 27 ਦਸੰਬਰ ਨੂੰ ਵੀ ਵੱਖ-ਵੱਖ ਹਲਕਿਆਂ ਵਿੱਚ ਵੀ ਅਜਿਹੀਆਂ ਅਰਜ਼ੀਆਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਕੋਈ ਵੀ ਵੋਟ ਬਣਾਉਣ ਵਾਲਾ 18-20 ਸਾਲ ਦੀ ਉਮਰ ਦਾ ਨਹੀਂ ਸੀ ਅਤੇ ਜ਼ਿਆਦਾਤਰ ਬਿਨੈਕਾਰ 30-48 ਸਾਲ ਦੀ ਉਮਰ ਦੇ ਸਨ। ਇਸ ਸਬੰਧੀ ਭਾਜਪਾ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ।