ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਹੈ ਭਾਜਪਾ: ‘ਆਪ’
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਫਰਵਰੀ
‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ਉਮੀਦਵਾਰ ਦੁਰਗੇਸ਼ ਪਾਠਕ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਦੇ ਗੁੰਡੇ ਦਿੱਲੀ ਵਿੱਚ ਚੋਣ ਜ਼ਾਬਤੇ ਦੀ ਖੁੱਲ੍ਹ ਕੇ ਉਲੰਘਣਾ ਕਰ ਰਹੇ ਹਨ ਅਤੇ ਦਿੱਲੀ ਪੁਲੀਸ ਅਤੇ ਚੋਣ ਕਮਿਸ਼ਨ ਸ਼ਿਕਾਇਤ ਕਰਨ ਵਾਲਿਆਂ ਖ਼ਿਲਾਫ਼ ਹੀ ਕਾਰਵਾਈ ਕਰ ਰਹੇ ਹਨ। ਭਾਜਪਾ ਦੇ ਲੋਕਾਂ ਨੇ ਸੋਮਵਾਰ ਰਾਤ ਕਾਲਕਾਜੀ, ਜੰਗਪੁਰਾ ਅਤੇ ਰਾਜੇਂਦਰ ਨਗਰ ਵਿਧਾਨ ਸਭਾ ‘ਚ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ। ਕਾਲਕਾਜੀ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਭਾਜਪਾ ਵਾਲਿਆਂ ‘ਤੇ ਕਾਰਵਾਈ ਕਰਨ ਦੀ ਥਾਂ ਪੁਲੀਸ ਨੇ ਉਨ੍ਹਾਂ ਦੀ ਵੀਡੀਓ ਬਣਾ ਰਹੇ ਦੋ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ। ਨਾਲ ਹੀ ਇਸ ਦੀ ਸ਼ਿਕਾਇਤ ਕਰਨ ’ਤੇ ਪੁਲੀਸ ਨੇ ਮੁੱਖ ਮੰਤਰੀ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।
ਉਧਰ, ਅਰਵਿੰਦ ਕੇਜਰੀਵਾਲ ਨੇ ਟਵਿੱਟਰ ’ਤੇ ਲਿਖਿਆ ਕਿ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਖ਼ਿਲਾਫ਼ ਖੁੱਲ੍ਹੇਆਮ ਹੋ ਰਹੀ ਗੁੰਡਾਗਰਦੀ ਖ਼ਿਲਾਫ਼ ਸ਼ਿਕਾਇਤ ਕਰਨ ‘ਤੇ ਪੁਲੀਸ ਕੇਸ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਅਤੇ ਚੋਣ ਕਮਿਸ਼ਨ ਦੀ ਆਲੋਚਨਾ ਕੀਤੀ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੀਆਂ ਚੋਣਾਂ ਭਾਜਪਾ ਵੱਲੋਂ ਨਹੀਂ ਲੜੀਆਂ ਜਾ ਰਹੀਆਂ, ਸਗੋਂ ਚੋਣ ਕਮਿਸ਼ਨ ਅਤੇ ਦਿੱਲੀ ਪੁਲੀਸ ਨਾਲ ਮਿਲ ਕੇ ਭਾਜਪਾ ਲਈ ਲੜੀਆਂ ਜਾ ਰਹੀਆਂ ਹਨ। ਸੋਸ਼ਲ ਮੀਡੀਆ ‘ਤੇ ਸਾਫ਼-ਸਾਫ਼ ਵੀਡੀਓ ਦਿਖਾਈ ਦੇ ਰਹੇ ਹਨ ਕਿ ਕਿਵੇਂ ਭਾਜਪਾ ਦੇ ਗੁੰਡੇ ਪਿਛਲੇ 3-4 ਦਿਨਾਂ ਤੋਂ ਖੁੱਲ੍ਹੇਆਮ ਗੁੰਡਾਗਰਦੀ ਕਰ ਰਹੇ ਹਨ। ਸੀਨੀਅਰ ਆਗੂ ਦੁਰਗੇਸ਼ ਪਾਠਕ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸਾਨੂੰ ਸੂਚਨਾ ਮਿਲ ਰਹੀ ਸੀ ਕਿ ਉਸ ਦੇ ਵਿਧਾਨ ਸਭਾ ਹਲਕਾ ਰਾਜਿੰਦਰ ਨਗਰ ਵਿੱਚ ਲੋਕਾਂ ਨੂੰ ਪੈਸੇ, ਸਾੜੀਆਂ ਅਤੇ ਸ਼ਾਲ ਵੰਡੇ ਜਾ ਰਹੇ ਹਨ। ਇਸ ਬਾਰੇ ਚੋਣ ਕਮਿਸ਼ਨ ਅਤੇ ਪੁਲੀਸ ਨੂੰ ਕਈ ਵਾਰ ਸ਼ਿਕਾਇਤ ਕੀਤੀ ਹੈ, ਪਰ ਚੋਣ ਕਮਿਸ਼ਨ ਇਸ ਸਭ ’ਤੇ ਪੂਰੀ ਤਰ੍ਹਾਂ ਚੁੱਪ ਹੈ। ਇਸ ਦੇ ਉਲਟ ਪੁਲੀਸ ਸਵੇਰ ਤੋਂ ਹੀ ਇਸ ਸਬੰਧੀ ਸ਼ਿਕਾਇਤ ਕਰਨ ਗਏ ਵਿਅਕਤੀਆਂ ਦੇ ਘਰ ਬੈਠੀ ਹੈ। ਜਿਸ ਵਾਹਨ ਵਿਚ ਸਾਡੇ ਵਰਕਰ ਗਏ ਸਨ, ਉਸ ਨੂੰ ਟਰੈਫਿਕ ਉਲੰਘਣਾ ਦੇ ਨਾਂ ’ਤੇ 27 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
‘ਆਪ’ ਆਗੂ ਦੁਰਗੇਸ਼ ਪਾਠਕ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਸਾਰੇ ਬੂਥਾਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਬੂਥਾਂ ’ਤੇ ਪੁਲੀਸ ਬਲ ਤਾਇਨਾਤ ਕੀਤੇ ਜਾਣਗੇ ਅਤੇ ਵੋਟਰਾਂ ਨੂੰ ਵੋਟ ਪਾਉਣ ਤੋਂ ਰੋਕਿਆ ਜਾਵੇਗਾ। ਅਮਿਤ ਸ਼ਾਹ ਨੇ ਪੁਲੀਸ ਨਾਲ ਮਿਲ ਕੇ ਇਸ ਦੀ ਪੂਰੀ ਤਿਆਰੀ ਕਰ ਲਈ ਹੈ।
ਆਤਿਸ਼ੀ ਨੇ ਭਾਜਪਾ ’ਤੇ ਗੁੰਡਾਗਰਦੀ ਦੇ ਦੋਸ਼ ਲਾਏ
ਨਵੀਂ ਦਿੱਲੀ :
ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕ ਦੂਜੇ ’ਤੇ ਕਾਫੀ ਸਿਆਸੀ ਹਮਲੇ ਕਰ ਰਹੇ ਹਨ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਚੋਣਾਂ ਵਿੱਚ ਭਾਜਪਾ ਦੀ ਗੁੰਡਾਗਰਦੀ ਸਿਖ਼ਰ ’ਤੇ ਹੈ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ 16 ਘੰਟੇ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਨੇ ਚੋਣ ਕਮਿਸ਼ਨ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਪੁਲੀਸ ਖੁੱਲ੍ਹੇਆਮ ਭਾਜਪਾ ਦਾ ਸਾਥ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਦੇਰ ਰਾਤ ਕਾਲਕਾਜੀ ਵਿਧਾਨ ਸਭਾ ਦੇ ਗਿਰੀ ਨਗਰ ਅਤੇ ਨਹਿਰੂ-ਨਵਜੀਵਨ ਕੈਂਪ ਵਿੱਚ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਦੇ ਭਤੀਜੇ ਅਤੇ ਸਮਰਥਕ ਚੋਣ ਜ਼ਾਬਤੇ ਦੀ ਖੁੱਲ੍ਹੇਆਮ ਉਲੰਘਣਾ ਕਰਦੇ ਦੇਖੇ ਗਏ ਪਰ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਇਸ ਸਬੰਧੀ ਸ਼ਿਕਾਇਤ ਕਰਨ ਵਾਲਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਸਾਰੀ ਰਾਤ ਥਾਣੇ ਵਿੱਚ ਬੰਦ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸਬੂਤ ਮੌਜੂਦ ਹੋਣ ਦੇ ਬਾਵਜੂਦ ਚੋਣ ਕਮਿਸ਼ਨ ਅੱਖਾਂ ਬੰਦ ਕਰ ਰਿਹਾ ਹੈ। ਉਨ੍ਹਾਂ ਚੋਣ ਕਮਿਸ਼ਨਰ ਨੂੰ ਅਪੀਲ ਕਿ ਉਹ ਇੱਧਰ ਧਿਆਨ ਦੇਣ। ਆਤਿਸ਼ੀ ਨੇ ਐਕਸ ’ਤੇ ਇਕ ਪੋਸਟ ਵਿਚ ਚੋਣ ਕਮਿਸ਼ਨ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਅਤੇ ਉਸ ਦੇ ਪਰਿਵਾਰ ਦੇ ਮੈਂਬਰ ਖੁੱਲ੍ਹੇਆਮ ‘ਗੁੰਡਾਗਰਦੀ’ ਕਰ ਰਹੇ ਹਨ, ਪਰ ਉਨ੍ਹਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦੋਂਕਿ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਭਾਰਤ ਵਿੱਚ ਜਮਹੂਰੀਅਤ ਹੁਣ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੱਥ ਵਿੱਚ ਹੈ ਅਤੇ ਪੂਰਾ ਦੇਸ਼ ਦੇਖ ਰਿਹਾ ਹੈ ਕਿ ‘ਕੀ ਇਸ (ਜਮਹੂਰੀਅਤ) ਦਾ ਕੌਮੀ ਰਾਜਧਾਨੀ ਵਿੱਚ ਬਚਾਅ ਹੁੰਦਾ ਹੈ ਜਾਂ ਨਹੀਂ।’ ਦੂਜੇ ਪਾਸੇ ਭਾਜਪਾ ਉਮੀਦਵਾਰ ਰਮੇਸ਼ ਬਿਧੂੜੀ ਨੇ ਆਮ ਆਦਮੀ ਪਾਰਟੀ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਮੇਸ਼ ਬਿਧੂੜੀ ਨੇ ਕਿਹਾ ਕਿ ਆਤਿਸ਼ੀ ਨੂੰ ਕਾਨੂੰਨ ਅਤੇ ਸੰਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਹਨ ਅਤੇ ਉਹ ਗਲਤ ਕੰਮ ਕਰ ਰਹੇ ਹਨ ਅਤੇ ਉਹ ਝੂਠ ਬੋਲ ਰਹੇ ਹਨ ਕਿ ਰਮੇਸ਼ ਦਾ ਪਰਿਵਾਰ ਇੱਥੇ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਸਿਆਸੀ ਆਗੂ ਵੀ ਦੱਸੋ ਜਿਸ ਦਾ ਪਰਿਵਾਰ ਚੋਣਾਂ ਵਿੱਚ ਉਸ ਦਾ ਸਮਰਥਨ ਨਹੀਂ ਕਰਦਾ। ਉਸ ਦਾ ਪੁੱਤਰ ਅਤੇ ਪਤਨੀ ਚੋਣਾਂ ਵਿੱਚ ਕਿਉਂ ਨਹੀਂ ਹੋਣਗੇ।