ਭਾਜਪਾ ਆਗੂ ਗਰੇਵਾਲ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਪੱਤਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਜਨਵਰੀ
ਭਾਜਪਾ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਦੀ ਅਗਵਾਈ ਹੇਠ ਵਫ਼ਦ ਨੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਪੱਤਰ ਦਿੱਤਾ। ਵਫ਼ਦ ਵਿੱਚ ਸਤਪਾਲ ਸਿੰਘ ਸਰਪੰਚ ਭੂਖੜੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਭੂਖੜੀ, ਹਰਬੰਸ ਸਿੰਘ ਸਾਬਕਾ ਮੈਂਬਰ ਪੰਚਾਇਤ, ਹਰਮਨਪ੍ਰੀਤ ਸਿੰਘ ਪੰਨੂ ਅਤੇ ਲਖਵਿੰਦਰ ਸਿੰਘ ਲੱਖਾ ਬਾਬਾ ਭੂਖੜੀ ਸ਼ਾਮਲ ਸਨ।
ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਗੱਲਬਾਤ ਕਰਦਿਆਂ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਇਕ ਗੁਰਸਿੱਖ ਹਨ, ਦੇ ਮਾਮਲੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਨ ਪ੍ਰਤੀ ਆਪਣੀ ਭੂਮਿਕਾ ਨਿਭਾਉਣ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਖਨੌਰੀ ਬਾਰਡਰ ਵਿਖੇ ਸ੍ਰੀ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਪਤਾ ਕੀਤਾ ਅਤੇ ਉਨ੍ਹਾਂ ਨੂੰ ਮਰਨ ਵਰਤ ਛੱਡਣ ਦੀ ਅਪੀਲ ਕੀਤੀ ਸੀ। ਇਸੇ ਤਹਿਤ ਅੱਜ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਅਤੇ ਮਰਨ ਵਰਤ ਛਡਵਾਉਣ ਲਈ ਅਪੀਲ ਕਰਨ ਆਏ ਹਨ।
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਵਿੱਚ ਪੰਜ ਸਿੰਘ ਸਾਹਿਬਾਨਾਂ ਦੀਆਂ ਇਕੱਤਰਤਾਵਾਂ ਵਿਚ ਭੁੱਖ ਹੜਤਾਲ ’ਤੇ ਬੈਠਣ ਵਾਲੇ ਵਿਅਕਤੀਆਂ ਜਿਵੇਂ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਗੁਰਬਖਸ਼ ਸਿੰਘ ਨੂੰ ਭੁੱਖ ਹੜਤਾਲ ਵਾਪਸ ਲੈ ਕੇ ਸਿਹਤ ਦਾ ਖ਼ਿਆਲ ਰੱਖਣ ਪ੍ਰਤੀ ਆਦੇਸ਼ ਕੀਤੇ ਗਏ ਹਨ। ਅੱਜ ਵੀ ਉਸੇ ਤਰਜ਼ ’ਤੇ ਸ੍ਰੀ ਡੱਲੇਵਾਲ ਨੂੰ ਮਰਨ ਵਰਤ ਛੱਡ ਕੇ ਗੱਲਬਾਤ ਦਾ ਰਸਤਾ ਅਖ਼ਤਿਆਰ ਕਰਨ ਪ੍ਰਤੀ ਆਦੇਸ਼ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਲਈ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰੱਖੇ ਹਨ, ਪਰ ਕੁਝ ਲੋਕ ਸਿਆਸੀ ਤੇ ਨਿੱਜੀ ਸਵਾਰਥ ਲਈ ਮੋਦੀ ਸਰਕਾਰ ਖ਼ਿਲਾਫ਼ ਬਿਰਤਾਂਤ ਸਿਰਜਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ।