ਭਾਜਪਾ ਆਗੂਆਂ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ
ਅਨਾਜ ਮੰਡੀ ਸਰਹਿੰਦ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਅਤੇ ਸੀਨੀਅਰ ਆਗੂ ਗੇਜਾ ਰਾਮ ਨੇ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ 44 ਹਜ਼ਾਰ ਕਰੋੜ ਰੁਪਏ ਭੇਜੇ ਹਨ ਪਰ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਕਾਰਨ ਬੁਖਲਾਹਟ ਦਾ ਸ਼ਿਕਾਰ ਹੋ ਕੇ ਅਤੇ ਬਦਲਾ ਲੈਣ ਦੀ ਭਾਵਨਾ ਨਾਲ ‘ਆਪ’ ਸਰਕਾਰ ਨੇ ਅਜਿਹਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਆੜ੍ਹਤੀ ਐਸੋਸੀਏਸਨ ਦੇ ਜ਼ਿਲਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਪੰਜਾਬ ਸਰਕਾਰ ’ਤੇ ਆੜ੍ਹਤੀ ਅਤੇ ਕਿਸਾਨਾਂ ਦੇ ਮਸਲੇ ਹੱਲ ਨਾ ਕਰਨ ਦਾ ਦੋਸ਼ ਲਾਉਂਦੇ ਹੋਏ ਭਾਜਪਾ ਆਗੂੁਆਂ ਦੇ ਮੁਸ਼ਕਲਾਂ ਧਿਆਨ ਵਿਚ ਲਿਆਦੀਆਂ।