ਮੁਲਕ ਅਤੇ ਸੂਬੇ ’ਚ ਭਾਜਪਾ ਦੀ ਲਹਿਰ ਚੱਲ ਰਹੀ ਹੈ: ਖੱਟਰ
ਪ੍ਰਭੂ ਦਿਆਲ
ਸਿਰਸਾ, 14 ਮਈ
ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ ਦੇ ਸਮਰਥਨ ’ਚ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਤੇ ਸੂਬੇ ’ਚ ਭਾਜਪਾ ਦੀ ਲਹਿਰ ਚੱਲ ਰਹੀ ਹੈ ਤੇ ਹਰਿਆਣਾ ਲੋਕ ਸਭਾ ਦੀਆਂ ਸਾਰੀਆਂ ਸੀਟਾਂ ’ਤੇੇ ਭਾਜਪਾ ਜਿੱਤ ਪ੍ਰਾਪਤ ਕਰੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਾਰ ਵੀ ਲੋਕ ਸਭਾ ਚੋਣਾਂ ’ਚ ਕਾਂਗਰਸ ਦੀ ਹਾਲਤ ਪਤਲੀ ਹੈ। ਸ੍ਰੀ ਖੱਟਰ ਨੇ ਮੋਦੀ ਦੇ 10 ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਇੰਡੀਆ ਗੱਠਜੋੜ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਨੇ ਨਵੀਆਂ ਉਚਾਈਆਂ ਨੂੰ ਛੂਹੀਆਂ ਹਨ। ਇਸ ਦੌਰਾਨ ਉਨ੍ਹਾਂ ਧਾਰਾ 370 ਨੂੰ ਹਟਾਉਣ ਤੋਂ ਲੈ ਕੇ ਅਯੁੱਧਿਆ ’ਚ ਰਾਮ ਮੰਦਰ ਦੀ ਉਸਾਰੀ ਦਾ ਉਚੇਚੇ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਇੱਕ ਧੜਾ ਦੇਸ਼ ਵਿੱਚ ਲੋਕਾਂ ਵਿੱਚ ਇਹ ਗਲਤਫਹਿਮੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਭਾਜਪਾ 400 ਤੋਂ ਵੱਧ ਸੀਟਾਂ ਹਾਸਲ ਕਰ ਕੇ ਦੇਸ਼ ਦੇ ਸੰਵਿਧਾਨ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰਿਆਣਾ ਦੀ ਗੱਲ ਕਰਦਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਢੇ ਨੌਂ ਸਾਲਾਂ ਦੇ ਕਾਰਜਕਾਲ ਦੌਰਾਨ ਬਿਨਾਂ ਪਰਚੀ ਖਰਚੀ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ।
ਸ੍ਰੀ ਖੱਟਰ ਨੇ ਕਿਹਾ ਕਿ ‘ਸਬਕਾ ਸਾਥ ਸਬਕਾ ਵਿਕਾਸ’ ਨੀਤੀ ’ਤੇ ਚੱਲਦਿਆਂ ਬਿਨਾਂ ਕਿਸੇ ਵਿਤਕਰੇ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਕਰੋੜਾਂ ਰੁਪਏ ਖਰਚ ਕੇ ਪਿੰਡਾਂ ਵਿੱਚ ਗਲੀਆਂ ਅਤੇ ਲਿੰਕ ਸੜਕਾਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੇ ਨਾਂ ’ਤੇ ਹੀ ਵੋਟਾਂ ਦੀ ਅਪੀਲ ਕਰਨ ਆਏ ਹਨ। ਇਸ ਦੌਰਾਨ ਭਾਜਪਾ ਦੇ ਉਮੀਦਵਾਰ ਅਸ਼ੋਕ ਤੰਵਰ, ਸੰਸਦ ਮੈਂਬਰ ਸੁਨੀਤਾ ਦੁੱਗਲ, ਮੀਨੂੰ ਬੈਨੀਵਾਲ, ਗੋਪਾਲ ਕਾਂਡਾ ਅਤੇ ਨਿਤਾਸ਼ਾ ਸਿਹਾਗ ਆਦਿ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।