ਭਾਜਪਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਮੁਜ਼ਾਹਰਾ
ਨਵੀਂ ਦਿੱਲੀ, 4 ਨਵੰਬਰ
ਦਿੱਲੀ ਭਾਜਪਾ ਨੇ ਅੱਜ ਮਥੁਰਾ ਰੋਡ ਸਥਿਤ ਮੁੱਖ ਮੰਤਰੀ ਆਤਿਸ਼ੀ ਦੀ ਰਿਹਾਇਸ਼ ਨੇੜੇ ਰੋਸ ਮੁਜ਼ਾਹਰਾ ਕੀਤਾ। ਭਾਜਪਾ ਆਗੂਆਂ ਤੇ ਵਰਕਰਾਂ ਨੇ ਪਿਛਲੇ ਸਾਲ ਨੌਕਰੀ ਤੋਂ ਕੱਢੇ 10 ਹਜ਼ਾਰ ਸਿਵਲ ਡਿਫੈਂਸ ਵਾਲੰਟੀਅਰਾਂ (ਸੀਡੀਵੀ) ਦੀਆਂ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ। ਇਨ੍ਹਾਂ ਵਾਲੰਟੀਅਰਾਂ ਨੂੰ ਬੱਸ ਮਾਰਸ਼ਲਾਂ ਵੱਜੋਂ ਤਾਇਨਾਤ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਜਿਵੇਂ ਹੀ ਸੈਂਕੜੇ ਭਾਜਪਾ ਕਾਰਕੁਨ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਲੱਗੇ ਤਾਂ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕਿਆ ਅਤੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਪੁਲੀਸ ਮੁਲਾਜ਼ਮ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਸਮੇਤ ਵਰਕਰਾਂ ਨੂੰ ਪੁਲੀਸ ਦੀਆਂ ਗੱਡੀਆਂ ਵਿੱਚ ਬੈਠਾ ਕੇ ਥਾਣੇ ਲੈ ਗਈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕੁਝ ਭਾਜਪਾ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾ ਦਿੱਤਾ ਹੈ। ਦੂਜੇ ਪਾਸੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਆਤਿਸ਼ੀ ’ਤੇ ਬੱਸ ਮਾਰਸ਼ਲਾਂ ਦੀ ਮੁੜ ਨਿਯੁਕਤੀ ਲਈ ਕੋਈ ਕਦਮ ਨਾ ਚੁੱਕਣ ਦਾ ਦੋਸ਼ ਲਾਇਆ। ਸਚਦੇਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਬੱਸ ਮਾਰਸ਼ਲਾਂ ਦੀ ਮੁੜ ਨਿਯੁਕਤੀ ਦੇ ਹੁਕਮ ਕਿਉਂ ਨਹੀਂ ਜਾਰੀ ਕੀਤੇ ਜਦੋਂ ਕਿ ਉਪ ਰਾਜਪਾਲ ਨੇ ਉਨ੍ਹਾਂ ਨੂੰ ਪਹਿਲੀ ਨਵੰਬਰ ਤੋਂ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਜ਼ਿਕਰਯੋਗ ਹੈ ਕਿ ਆਤਿਸ਼ੀ ਨੇ ਕੱਲ੍ਹ ਕਿਹਾ ਸੀ ਕਿ ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਵਾਲੇ ਨਿਯਮਾਂ ਨੂੰ ਲਾਗੂ ਕਰਨ ਲਈ ਸਿਵਲ ਡਿਫੈਂਸ ਵਾਲੰਟੀਅਰਾਂ ਦੀ ਤਾਇਨਾਤੀ ਅਗਲੇ ਦੋ ਚਾਰ ਦਿਨਾਂ ਵਿੱਚ ਸ਼ੁਰੂ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਥਾਈ ਨਿਯੁਕਤੀ ਲਈ ਇਕ ਪ੍ਰਸਤਾਵ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਮਨਜ਼ੂਰੀ ਲਈ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਉਪ ਰਾਜਪਾਲ ਨੇ ਆਤਿਸ਼ੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਵਾਲੰਟੀਅਰਾਂ ਨੂੰ ਤੁਰੰਤ ਮੁੜ ਨਿਯੁਕਤ ਕਰਨ ਦੇ ਆਦੇਸ਼ ਦੇ ਬਾਵਜੂਦ ਉਨ੍ਹਾਂ (ਸਕਸੈਨਾ) ਨੂੰ ਅਜੇ ਤੱਕ ਇਸ ਸਬੰਧ ਵਿੱਚ ਕੋਈ ਪ੍ਰਸਤਾਵ ਨਹੀਂ ਮਿਲਿਆ।
ਸਚਦੇਵਾ ਨੇ ਕਿਹਾ ਕਿ ਸਕਸੈਨਾ ਨੇ ਮੁੱਖ ਮੰਤਰੀ ਨੂੰ ਵਾਲੰਟੀਅਰਾਂ ਦੀ ਮੁੜ ਨਿਯੁਕਤੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ। ਕਾਬਿਲੇਗੌਰ ਹੈ ਕਿ ਮਾਲ ਵਿਭਾਗ ਅਤੇ ਵਿੱਤ ਵਿਭਾਗ ਦੇ ਇਤਰਾਜ਼ਾਂ ਤੋਂ ਬਾਅਦ ਪਿਛਲੇ ਸਾਲ ਨਵੰਬਰ ਵਿੱਚ ਦਿੱਲੀ ਵਿੱਚ ਜਨਤਕ ਟਰਾਂਸਪੋਰਟ ਬੱਸਾਂ ਵਿੱਚ ਸੀਵੀਡੀ ਵਜੋਂ ਕੰਮ ਕਰਨ ਵਾਲੇ ਲਗਪਗ 10,000 ਵਿਅਕਤੀਆਂ ਨੂੰ ਹਟਾ ਦਿੱਤਾ ਗਿਆ ਸੀ। ਭਾਜਪਾ ਕਾਰਕੁਨਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਮੁੜ ਨਿਯੁਕਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਸੰਘਰਸ਼ ’ਤੇ ਡਟੇ ਰਹਿਣਗੇ। -ਪੀਟੀਆਈ