ਭਾਜਪਾ ਵੱਲੋਂ ਤਹਿਸੀਲਦਾਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਗਸਤ
ਸ਼ਹਿਰ ਦੇ ਆਸਪਾਸ ਵਸੇ ਪਿੰਡਾਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਤੋਂ ਕੁਝ ਸਮਾਂ ਬਾਅਦ ਹੀ ਯੂਟੀ ਪ੍ਰਸ਼ਾਸਨ ਵੱਲੋਂ ਲਾਲ ਡੋਰੇ ਵਿਚਲੀਆਂ ਪ੍ਰਾਪਰਟੀਆਂ ਦੀਆਂ ਰਜਿਸਟਰੀਆਂ ਬੰਦ ਕਰਨ ਦੇ ਵਿਰੋਧ ਵਿੱਚ ਭਾਜਪਾ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਭਾਜਪਾ ਦੇ ਜਨਰਲ ਸਕੱਤਰ ਰਾਮਵੀਰ ਭੱਟੀ ਦੀ ਅਗਵਾਈ ਹੇਠ ਸੈਕਟਰ-17 ਵਿੱਚ ਤਹਿਸੀਲਦਾਰ ਦਫ਼ਤਰ ਅੱਗੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਯੂਟੀ ਪ੍ਰਸ਼ਾਸਨ ਵੱਲੋਂ ਰਜਿਸਟਰੀਆਂ ਸ਼ੁਰੂ ਨਹੀਂ ਕੀਤੀਆਂ ਜਾਂਦੀਆਂ, ਰੋਸ ਪ੍ਰਦਰਸ਼ਨ ਜਾਰੀ ਰਹੇਗਾ।
ਇਸ ਮੌਕੇ ਭਾਜਪਾ ਆਗੂ ਰਾਮਵੀਰ ਭੱਟੀ ਨੇ ਕਿਹਾ ਕਿ ਸਾਲ 1966 ਤੋਂ ਲੈ ਕੇ ਹੁਣ ਤੱਕ ਚੰਡੀਗੜ੍ਹ ਦੇ ਪਿੰਡਾਂ ਦੇ ਲੋਕ ਲਾਲ ਡੋਰੇ ਅੰਦਰਲੀ ਜ਼ਮੀਨ ਨੂੰ ਪਟਵਾਰੀ/ਨੰਬਰਦਾਰ ਦੀ ਰਿਪੋਰਟ ਦੇ ਆਧਾਰ ’ਤੇ ਖ਼ਰੀਦੋ-ਫ਼ਰੋਖਤ ਕਰਦੇ ਆ ਰਹੇ ਸਨ। ਪਿਛਲੇ ਕਈ ਦਨਿਾਂ ਤੋਂ ਯੂਟੀ ਪ੍ਰਸ਼ਾਸਨ ਵੱਲੋਂ ਪਟਵਾਰੀ/ਨੰਬਰਦਾਰ ਦੀ ਰਿਪੋਰਟ ਨੂੰ ਅਣਗੋਲਿਆਂ ਕਰਦਿਆਂ ਰਜਿਸਟਰੀਆਂ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਦੌਰਾਨ ਭਾਜਪਾ ਕਿਸਾਨ ਮੋਰਚੇ ਦੇ ਪ੍ਰਧਾਨ ਦੀਦਾਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਸਮੱਸਿਆਂ ਨੂੰ ਵੇਖਦਿਆਂ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਸਤਿੰਦਰ ਸਿੰਘ ਸਿੱਧੂ ਨੇ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਸੀ ਪਰ ਪਿੰਡ ਵਾਸੀਆਂ ਦੀ ਸਮੱਸਿਆ ਦਾ ਹੱਲ ਨਹੀਂ ਕੱਢਿਆ ਗਿਆ। ਮੀਤ ਪ੍ਰਧਾਨ ਸਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਹਿਲੇ ਸਮੇਂ ਵਿੱਚ ਵੀ ਪਟਵਾਰੀ ਅਤੇ ਪਿੰਡ ਦੇ ਨੰਬਰਦਾਰ ਦੀ ਰਿਪੋਰਟ ਦੇ ਆਧਾਰ ’ਤੇ ਪ੍ਰਾਪਰਟੀ ਦੀਆਂ ਰਜਿਸਟਰੀਆਂ ਕੀਤੀਆਂ ਜਾਂਦੀਆਂ ਸਨ ਪਰ ਹੁਣ ਰਜਿਸਟਰੀਆਂ ਬੰਦ ਕਰਨਾ ਗਲਤ ਹੈ। ਊਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਰਜਿਸਟਰੀਆਂ ਸਬੰਧੀ ਨਵੀਂ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਸਕੱਤਰ ਹੁਕਮ ਚੰਦ, ਸਾਬਕਾ ਚੇਅਰਮੈਨ ਮਾੜੂ, ਭਾਜਪਾ ਕਿਸਾਨ ਮੋਰਚਾ ਦੇ ਮੀਤ ਪ੍ਰਧਾਨ ਰੁਪਿੰਦਰ ਰਾਣਾ, ਕੁਲਜੀਤ ਸੰਧੂ, ਸੋਹਨ ਸਿੰਘ ਲੁਬਾਣਾ, ਵਿਜੈ ਰਾਣਾ, ਲੱਕੀ ਆਦਿ ਹਾਜ਼ਰ ਸਨ।
ਮਾਮਲਾ ਊੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ: ਤਹਿਸੀਲਦਾਰ
ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਲਾਲ ਡੋਰੇ ਦੇ ਅੰਦਰ ਦੀਆਂ ਕੁਝ ਜ਼ਮੀਨਾਂ ਦੀ ਮਾਲਕੀ ਦਾ ਕੋਈ ਰਿਕਾਰਡ ਨਹੀਂ ਹੈ। ਇਸ ਕਰਕੇ ਪਿੰਡਾਂ ਦੀ ਅਜਿਹੀ ਜ਼ਮੀਨ ਦੀ ਰਜਿਸਟਰੀ ਨਹੀਂ ਕੀਤੀ ਜਾ ਰਹੀ। ਊਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਸਮੱਸਿਆਂ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਿਨ੍ਹਾਂ ਵੱਲੋਂ ਅਜਿਹੀ ਪ੍ਰਾਪਰਟੀ ਦੀ ਰਜਿਸਟਰੀ ਲਈ ਪਾਲਸੀ ਤਿਆਰ ਕੀਤੀ ਜਾ ਰਹੀ ਹੈ।