ਭਾਜਪਾ ਨੇ ਕਿਸਾਨੀ ਤੇ ਜਵਾਨੀ ਨੂੰ ਬਰਬਾਦ ਕੀਤਾ: ਬਾਜਵਾ
ਪ੍ਰਭੂ ਦਿਆਲ/ਜਗਤਾਰ ਸਮਾਲਸਰ
ਸਿਰਸਾ/ਏਲਨਾਬਾਦ, 27 ਸਤੰਬਰ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਹਰਿਆਣਾ ਚੋਣਾਂ ’ਚ ਕਾਂਗਰਸ ਦੇ ਆਬਜ਼ਰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਭਾਜਪਾ ਨੇ ਦੇਸ਼ ਦੀ ਕਿਸਾਨੀ ਤੇ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ। ਲੋਕ ਹੁਣ ਇਸ ਤੋਂ ਛੁਟਕਾਰਾ ਚਾਹੁੰਦੇ ਹਨ। ਕਾਂਗਰਸ ਦੀ ਸਰਕਾਰ ਬਣਨ ਮਗਰੋਂ ਕਾਂਗਰਸ ਦੇ ਚੋਣ ਮਨਰੋਥ ਪੱਤਰ ’ਚ ਕੀਤੀਆਂ ਗਈਆਂ ਗਾਰੰਟੀਆਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਅੱਜ ਰਾਣੀਆਂ ’ਚ ਕਾਂਗਰਸ ਦੇ ਉਮੀਦਵਾਰ ਸਰਵ ਮਿੱਤਰ ਕੰਬੋਜ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਲੇ ਕਾਨੂੰਨ ਨੂੰ ਰੱਦ ਕਰਨ ਦਾ ਐਲਾਨ ਕਰਨਾ ਪਿਆ ਪਰ ਉਸ ਸਮੇਂ ਕਿਸਾਨ ਆਗੂਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ, ਜਿਸ ਵਿੱਚ ਫਸਲਾਂ ਦੀ ਐੱਮਐੱਸਪੀ ਗਾਰੰਟੀ ਕਾਨੂੰਨ ਵੀ ਸ਼ਾਮਲ ਸੀ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਾਮਧਾਰੀ ਪੈਟਰੋਲ ਪੰਪ ਸ੍ਰੀ ਜੀਵਨ ਨਗਰ ਵਿਚ ਜਨ ਸਭਾ ਨੂੰ ਸੰਬੋਧਨ ਕੀਤਾ ਜਿੱਥੇ ਗੁਰਦੇਵ ਸਿੰਘ ਨੰਬਰਦਾਰ, ਰਾਜਿੰਦਰ ਸਿੰਘ ਸੰਧੂ, ਮਲਕੀਤ ਸਿੰਘ ਖੋਸਾ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਵਰਨ ਸਿੰਘ ਵਿਰਕ, ਅਮਰਪਾਲ ਸਿੰਘ ਖੋਸਾ, ਦੀਦਾਰ ਸਿੰਘ ਮੌਜੂਦ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਕਾਂਗਰਸ ਸਰਕਾਰ ਬੁਢਾਪਾ ਪੈਨਸ਼ਨ ਛੇ ਹਜ਼ਾਰ ਰੁਪਏ ਕਰੇਗੀ। ਹਰ 18 ਸਾਲ ਤੋਂ 60 ਸਾਲ ਦੀ ਮਹਿਲਾ ਨੂੰ ਦੋ ਹਜ਼ਾਰ ਰੁਪਏ ਮਹੀਨਾ ਤੇ ਪੰਜ ਸੌ ਰੁਪਏ ’ਚ ਗੈਸ ਸਿਲੰਡਰ ਦਿੱਤਾ ਜਾਵੇਗਾ।