ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਪਹਿਲਾਂ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕਰੇ: ਚੀਮਾ

09:02 AM Jul 22, 2024 IST
ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਬੁਲਾਰੇ ਹਰਪ੍ਰੀਤ ਸਿੰਘ ਚੀਮਾ ਗਲੱਬਾਤ ਕਰਦੇ ਹੋਏ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 21 ਜੁਲਾਈ
ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਯੁਵਾ ਪ੍ਰਧਾਨ ਹਰਪ੍ਰੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਦੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤੇ ਬਗੈਰ ਭਾਜਪਾ ਦੀ ਸੱਤਾ ਵਿੱਚ ਵਾਪਸੀ ਨਾਮੁਮਕਿਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਨਿੱਤ ਸਿੱਖਾਂ ਨੂੰ ਲੁਭਾਉਣ ਲਈ ਨਵੇਂ-ਨਵੇਂ ਐਲਾਨ ਕਰ ਰਹੇ ਹਨ ਪਰ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਿਹਾ। ਸ੍ਰੀ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਕਰਨਾਲ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਅੰਬਾਲਾ ਲੋਕ ਸਭਾ ਹਲਕੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ’ਤੇ ਯੂਨੀਵਰਸਿਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਕਰਕੇ ਸੂਬੇ ਦੇ ਸਿੱਖ ਤੇ ਪੰਜਾਬੀ ਭਾਈਚਾਰੇ ਨੇ ਭਾਜਪਾ ਤੋਂ ਮੂੰਹ ਮੋੜ ਲਿਆ ਹੈ। ਸ੍ਰੀ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਅੰਬਾਲਾ ਵਿੱਚ ਸਿੱਖ ਸਮਾਰਕ ਬਣਾਉਣ ਦਾ ਐਲਾਨ ਵੀ ਕੀਤਾ ਸੀ ਤੇ ਉਹ ਵੀ ਸਿਰਫ ਐਲਾਨ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਭਾਸ਼ਾ ਦੇ ਅਧਿਆਪਕਾਂ ਦੀ ਭਰਤੀ ਵੀ ਨਹੀਂ ਹੋਈ, ਜਿਸ ਕਰ ਕੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪਾਸਾਰ ਪ੍ਰਭਾਵਿਤ ਹੋਇਆ ਹੈ। ਅਧਿਆਪਕਾਂ ਦੀ ਘਾਟ ਕਾਰਨ ਪੰਜਾਬੀ ਪੜ੍ਹਨ ਵਾਲੇ ਬੱਚਿਆਂ ਨੂੰ ਮਜਬੂਰੀ ਵੱਸ ਦੂਜੀ ਭਾਸ਼ਾ ਪੜ੍ਹਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸ੍ਰੀ ਚੀਮਾ ਨੇ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਮੇਨੇਜਮੈਂਟ ਕਮੇਟੀ ਦਾ ਕਾਰਜ ਕਾਲ ਪੂਰਾ ਹੋ ਚੁੱਕਾ ਹੈ, ਇਸ ਲਈ ਸਰਕਾਰ ਨੂੰ ਜਲਦੀ ਚੋਣਾ ਕਰਵਾ ਕੇ ਗੁਰਦੁਆਰਿਆਂ ਦਾ ਪ੍ਰਬੰਧ ਚੁਣੇ ਨੁਮਾਇੰਦਿਆਂ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਆਪਣੇ ਵਰਕਰਾਂ ਨੂੰ ਮੈਂਬਰ ਬਣਾ ਕੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ। ਇਸ ਨੂੰ ਸਿੱਖ ਸਮਾਜ ਬਰਦਾਸ਼ਤ ਨਹੀਂ ਕਰੇਗਾ। ਚੀਮਾ ਨੇ ਕਿਹਾ ਕਿ ਜੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਨੇ ਸੂਬੇ ਦੇ ਸਿੱਖਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਲਗਪਗ ਤਿੰਨ ਦਰਜਨ ਸੀਟਾਂ ’ਤੇ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਲੋਕਾਂ ਵਿੱਚ ਜਾਣਗੇ ਤੇ ਜਨ ਸੰਪਰਕ ਕਰ ਕੇ ਭਾਜਪਾ ਦੀ ਪੋਲ ਖੋਲ੍ਹਣਗੇ ਤੇ ਹਰ ਪਲੈਟਫਾਰਮ ’ਤੇ ਆਵਾਜ਼ ਬੁਲੰਦ ਕੀਤੀ ਜਾਏਗੀ ਤੇ ਭਾਜਪਾ ਨੂੰ ਸਿੱਖਾਂ ਪ੍ਰਤੀ ਕੀਤੇ ਵਾਅਦੇ ਮੰਨਣ ਲਈ ਮਜਬੂਰ ਕੀਤਾ ਜਾਏਗਾ। ਚੀਮਾ ਨੇ ਕਿਹਾ ਕਿ ਸਿੱਖ ਸਮਾਜ ਦੀਆਂ ਮੰਗਾਂ ਨੂੰ ਵੀ ਕਾਂਗਰਸ ਕੋਲ ਰੱਖਿਆ ਗਿਆ ਹੈ ਤਾਂ ਜੋ ਕਾਂਗਰਸ ਆਪਣੇ ਚੋਣ ਮੈਨੀਫੈਸਟੋ ਵਿੱਚ ਇਨ੍ਹਾਂ ਨੂੰ ਸ਼ਾਮਲ ਕਰੇ ਤੇ ਸਰਕਾਰ ਬਣਦਿਆਂ ਹੀ ਇਨ੍ਹਾਂ ਨੂੰ ਪੂਰਾ ਕੀਤਾ ਜਾਏ। ਇਸ ਮੌਕੇ ਪਰਮਜੀਤ ਸਿੰਘ ਗੁੰਬਰ, ਬਲਬੀਰ ਸਿੰਘ ਸਿੱਧੂ, ਮਨਪ੍ਰੀਤ ਸਿੰਘ ਚੀਮਾ, ਗੁਰਵਿੰਦਰ ਸਿੰਘ ਬਾਜਵਾ, ਪ੍ਰਭਜੋਤ ਸਿੰਘ ਚਾਵਲਾ, ਹਰਜੀਤ ਸਿੰਘ ਗਿੱਲ, ਹਰਨਾਮ ਸਿੰਘ ਰਾਮਗੜ੍ਹੀਆ, ਹਰਪਾਲ ਸਿੰਘ ਸਿੱਧੂ, ਨਿਮਰਤਜੀਤ ਸਿੰਘ ਸਿੰਧੂ ਮੌਜੂਦ ਸਨ।

Advertisement

Advertisement