ਪਾਣੀ ’ਤੇ ਸਿਆਸਤ ਨਾ ਕਰੇ ਭਾਜਪਾ: ਕੇਜਰੀਵਾਲ
* ਹਰਿਆਣਾ ਤੇ ਯੂਪੀ ਸਰਕਾਰਾਂ ਨੂੰ ਇੱਕ ਮਹੀਨੇ ਲਈ ਪਾਣੀ ਦੇਣ ਲਈ ਆਖਿਆ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 31 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਾਜਪਾ ਨੂੰ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਆਪਣੀਆਂ ਸਰਕਾਰਾਂ ਨੂੰ ਕੌਮੀ ਰਾਜਧਾਨੀ ਨੂੰ ਇਕ ਮਹੀਨੇ ਲਈ ਪਾਣੀ ਮੁਹੱਈਆ ਕਰਵਾਉਣ ਲਈ ਕਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਪਾਣੀ ਦੇ ਸੰਕਟ ਨੂੰ ਉਜਾਗਰ ਕਰਦਿਆਂ ਭਾਜਪਾ ’ਤੇ ਦੋਸ਼ ਲਾਏ ਹਨ। ਉਨ੍ਹਾਂ ਨੇ ਇਸ ਮੁੱਦੇ ’ਤੇ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਇਸ ’ਤੇ ਸਿਆਸੀਕਰਨ ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਪਾਣੀ ਅਤੇ ਬਿਜਲੀ ਦੀ ਕਮੀ ਹੋ ਗਈ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਪਾਣੀ ਦੀ ਮੰਗ ਵੱਧਣ ’ਤੇ ਗੁਆਂਢੀ ਰਾਜਾਂ ਨੇ ਸਪਲਾਈ ਘਟਾ ਦਿੱਤੀ ਹੈ। ਉਨ੍ਹਾਂ ਨੇ ਪਾਣੀ ਦੇ ਮੁੱਦੇ ’ਤੇ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਰੁੱਧ ਭਾਜਪਾ ਦੇ ਪ੍ਰਦਰਸ਼ਨਾਂ ਨਾਲ ਕੋਈ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਆਪਣੀਆਂ ਸਰਕਾਰਾਂ ਨੂੰ ਦਿੱਲੀ ਨੂੰ ਇੱਕ ਮਹੀਨੇ ਲਈ ਵਾਧੂ ਪਾਣੀ ਮੁਹੱਈਆ ਕਰਵਾਉਣ ਲਈ ਮਨਾ ਸਕਦੀ ਹੈ ਤਾਂ ਇਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਦਿੱਲੀ ਸਰਕਾਰ ਨੇ ਐਮਰਜੈਂਸੀ ਉਪਾਅ ਸ਼ੁਰੂ ਕੀਤੇ ਹਨ, ਜਿਸ ਵਿੱਚ ਕਾਰ ਧੋਣ ਅਤੇ ਨਿਰਮਾਣ ਸਥਾਨਾਂ ਲਈ ਪੀਣ ਵਾਲੇ ਪਾਣੀ ਦੀ ਵਰਤੋਂ ’ਤੇ ਪਾਬੰਦੀ ਸ਼ਾਮਲ ਹੈ। ਇਸ ਦੇ ਬਾਵਜੂਦ ਸੰਜੈ ਕੈਂਪ ਵਰਗੇ ਇਲਾਕਿਆਂ ਵਿੱਚ ਲੋਕ ਟੈਂਕਰਾਂ ਤੋਂ ਪਾਣੀ ਭਰਨ ਲਈ ਕਤਾਰਾਂ ਵਿੱਚ ਖੜ੍ਹੇ ਹਨ।
ਜਲ ਸੰਕਟ ਦੇ ਮਸਲੇ ’ਤੇ ਸੁਪਰੀਮ ਕੋਰਟ ਪੁੱਜੀ ਦਿੱਲੀ ਸਰਕਾਰ
ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਜਲ ਸੰਕਟ ਨਾਲ ਜੂਝ ਰਹੀ ਕੌਮੀ ਰਾਜਧਾਨੀ ਨੂੰ ਪਾਣੀ ਸਪਲਾਈ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਦਿੱਲੀ ਸਰਕਾਰ ਨੇ ਹਰਿਆਣਾ ਨੂੰ ਹਿਮਾਚਲ ਪ੍ਰਦੇਸ਼ ਤੋਂ ਮਿਲਣ ਵਾਲਾ ਵਾਧੂ ਪਾਣੀ ਕੌਮੀ ਰਾਜਧਾਨੀ ਨੂੰ ਦੇਣ ਦੀ ਮੰਗ ਕੀਤੀ ਹੈ। ਦਿੱਲੀ ਦੀ ਜਲ ਮੰਤਰੀ ਆਤਿਸ਼ੀ ਵੱਲੋਂ ਦਾਇਰ ਪਟੀਸ਼ਨ ਵਿੱਚ ਕੇਂਦਰ, ਭਾਜਪਾ ਦੇ ਸ਼ਾਸਨ ਹੇਠਲੇ ਭਾਜਪਾ ਤੇ ਕਾਂਗਰਸ ਦੇ ਸ਼ਾਸਨ ਹੇਠਲੇ ਹਿਮਾਚਲ ਪ੍ਰਦੇਸ਼ ਨੂੰ ਧਿਰ ਬਣਾਇਆ ਗਿਆ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਭਿਆਨਕ ਗਰਮੀ ਕਾਰਨ ਸ਼ਹਿਰ ’ਚ ਪਾਣੀ ਦੀ ਮੰਗ ਕਾਫੀ ਵਧ ਗਈ ਹੈ ਅਤੇ ਗੁਆਂਢੀ ਸੂਬੇ ਹਰਿਆਣਾ ਨੂੰ ਇੱਕ ਮਹੀਨੇ ਲਈ ਵਾਧੂ ਪਾਣੀ ਛੱਡੇ ਜਾਣ ਦਾ ਨਿਰਦੇਸ਼ ਦਿੱਤਾ ਜਾਣਾ ਚਾਹੀਦਾ ਹੈ। ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀ ਪਾਣੀ ਦੀ ਲੋੜ ਪੂਰੀ ਕਰਨ ਦੀ ਦਿਸ਼ਾ ’ਚ ਕੰਮ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਪਟੀਸ਼ਨ ਵਿੱਚ ਹਰਿਆਣਾ ਸਰਕਾਰ ਨੂੰ ਵਜ਼ੀਰਾਬਾਦ ਬੈਰਾਜ ਤੋਂ ਤੁਰੰਤ ਤੇ ਲਗਾਤਾਰ ਪਾਣੀ ਛੱਡਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। -ਪੀਟੀਆਈ
ਆਤਿਸ਼ੀ ਨੇ ਪਾਣੀ ਦੀ ਪੂਰਤੀ ਲਈ ਕੇਂਦਰ ਤੋਂ ਮਦਦ ਮੰਗੀ
ਕੌਮੀ ਰਾਜਧਾਨੀ ਵਿਚ ਪਾਣੀ ਦੇ ਸੰਕਟ ਵਿਚਕਾਰ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਆਤਿਸ਼ੀ ਨੇ ਕਿਹਾ, ‘‘ਤੁਸੀਂ ਜਾਣਦੇ ਹੋ ਦਿੱਲੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਯਮੁਨਾ ਨਦੀ ’ਤੇ ਬਹੁਤ ਨਿਰਭਰ ਹੈ। ਹਾਲਾਂਕਿ, ਪਿਛਲੇ ਕੁਝ ਦਿਨਾਂ ਵਿੱਚ ਪਾਣੀ ’ਚ ਭਾਰੀ ਗਿਰਾਵਟ ਆਈ ਹੈ।’’ ਆਤਿਸ਼ੀ ਨੇ ਕਿਹਾ ਕਿ ਜੇਕਰ ਹਰਿਆਣਾ ਨੇ ਲੋੜੀਂਦਾ ਪਾਣੀ ਨਹੀਂ ਛੱਡਿਆ ਤਾਂ ਦਿੱਲੀ ਵਿੱਚ ਵਾਟਰ ਟਰੀਟਮੈਂਟ ਪਲਾਂਟ ਵਧੀਆ ਢੰਗ ਨਾਲ ਕੰਮ ਕਰਨ ਦੇ ਯੋਗ ਨਹੀਂ ਹੋਣਗੇ। ਉਨ੍ਹਾਂ ਦੱਸਿਆ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸ਼ੇਖਾਵਤ ਨੂੰ ਪੱਤਰ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਰਾਜ ਨੂੰ ਦਿੱਲੀ ਦਾ ਸਹੀ ਹਿੱਸਾ 674.5 ਫੁੱਟ ਤੱਕ ਛੱਡਣਾ ਚਾਹੀਦਾ ਹੈ।