ਭਾਜਪਾ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਫਰਵਰੀ
ਚੰਡੀਗੜ੍ਹ ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਲਈ ਅੱਜ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਪ੍ਰਧਾਨਗੀ ਹੇਠ ਸੈਕਟਰ-33 ਵਿੱਚ ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ਵਿੱਚ ਕਾਰਜਕਾਰਨੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਅਗਾਮੀ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਮੀਟਿੰਗ ਵਿੱਚ ਜਨਰਲ ਸਕੱਤਰ ਅਮਿਤ ਜਿੰਦਲ, ਡਾ. ਹੁਕਮ ਚੰਦ, ਸਾਬਕਾ ਸੰਸਦ ਮੈਂਬਰ ਸਤਿਆਪਾਲ ਜੈਨ, ਸਾਬਕਾ ਸੂਬਾ ਪ੍ਰਧਾਨ ਸੰਜੇ ਟੰਡਨ, ਕਮਲਾ ਸ਼ਰਮਾ, ਧਰਮਪਾਲ ਗੁਪਤਾ ਅਤੇ ਭਾਜਪਾ ਦੇ ਸਾਰੇ ਜ਼ਿਲ੍ਹਾ ਪ੍ਰਧਾਨ ਤੇ ਜਨਰਲ ਸਕੱਤਰ, ਸਾਰੇ ਮੋਰਚਿਆਂ ਦੇ ਪ੍ਰਧਾਨ ਤੇ ਜਨਰਲ ਸਕੱਤਰ, ਸਾਰੇ ਮੰਡਲ ਪ੍ਰਧਾਨ, ਕੌਂਸਲਰ ਅਤੇ ਹੋਰ ਮੈਂਬਰ ਸ਼ਾਮਲ ਹੋਏ।
ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਵਰਕਰਾਂ ਨੂੰ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣ ਵਿੱਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਬੂਥ ਪੱਧਰ ’ਤੇ ਮਜ਼ਬੂਤੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਬੂਥ ਪੱਧਰ ’ਤੇ ਜਿੱਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ 10 ਸਾਲਾਂ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਤੱਕ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਦਿਨ-ਰਾਤ ਕੰਮ ਕੀਤਾ ਜਾਵੇਗਾ।