ਭਾਜਪਾ ਵੱਲੋਂ ‘ਆਪ’ ਦਾ ਦੋਸ਼ ਹਾਸੋਹੀਣਾ ਕਰਾਰ
ਪੱਤਰ ਪ੍ਰੇਰਕ
ਨਵੀਂ ਦਿੱਲੀ, 1 ਅਪਰੈਲ
ਦਿੱਲੀ ਭਾਜਪਾ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਅਭੈ ਵਰਮਾ ਤੇ ਅਮਿਤ ਤਿਵਾੜੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਿਤੂਰਾਜ ਵੱਲੋਂ ਅਪਰੇਸ਼ਨ ਲੋਟਸ ਦੇ ਦੋਸ਼ਾਂ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮੁੱਦੇ ਤੋਂ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ। ਸ੍ਰੀ ਅਭੈ ਵਰਮਾ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਸਰਕਾਰ ਦੇ ਮੰਤਰੀਆਂ ਨੇ ਦੋਸ਼ ਲਾਇਆ ਸੀ ਕਿ ਭਾਜਪਾ ਜਬਰ-ਜ਼ੁਲਮ ਕਰ ਰਹੀ ਹੈ ਤਾਂ ਦਿੱਲੀ ਭਾਜਪਾ ਨੇ ਇਸਦੀ ਸ਼ਿਕਾਇਤ ਕੀਤੀ ਸੀ। ਹੁਣ ਜਦੋਂ ਦਿੱਲੀ ਪੁਲੀਸ ਨੇ ਜਾਂਚ ਸ਼ੁਰੂ ਕੀਤੀ ਤਾਂ ਪੂਰੀ ਪਾਰਟੀ ਜਾਂਚ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ‘ਆਪ’ ਦੇ ਵਿਧਾਇਕ ਰਿਤੂਰਾਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪੂਰਵਾਂਚਲ ਕੋਟੇ ਤੋਂ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਅਤੇ ਵਿਧਾਇਕਾਂ ਨੂੰ ਲੁਭਾਉਣ ਲਈ 10 ਕਰੋੜ ਰੁਪਏ ਦੀ ਗੱਲ ਵੀ ਕਹੀ ਗਈ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਜਦੋਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਦੋਸ਼ ਲਾਏ ਸਨ, ਉਦੋਂ ਵੀ ਅਸੀਂ ਆਮ ਆਦਮੀ ਪਾਰਟੀ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਦੱਸੇ ਕਿ ਉਨ੍ਹਾਂ ਦੇ ਨੇਤਾਵਾਂ ਨਾਲ ਕਿਸ ਨੇ ਸੰਪਰਕ ਕੀਤਾ ਅਤੇ ਕਿਹੜੇ-ਕਿਹੜੇ ਨੇਤਾਵਾਂ ਨਾਲ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਕਿਸੇ ਨੇ ਜਵਾਬ ਨਹੀਂ ਦਿੱਤਾ।