For the best experience, open
https://m.punjabitribuneonline.com
on your mobile browser.
Advertisement

ਸੰਵਿਧਾਨ ਨਸ਼ਟ ਤੇ ਰਾਖਵਾਂਕਰਨ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ: ਰਾਹੁਲ

07:05 AM May 16, 2024 IST
ਸੰਵਿਧਾਨ ਨਸ਼ਟ ਤੇ ਰਾਖਵਾਂਕਰਨ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ  ਰਾਹੁਲ
ਕਾਂਗਰਸ ਆਗੂ ਰਾਹੁਲ ਗਾਂਧੀ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ ਕਾਂਗਰਸ ਆਗੂ ਰਾਹੁਲ ਗਾਂਧੀ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਬੋਲਾਂਗੀਰ, 15 ਮਈ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਭਾਜਪਾ ਸੰਵਿਧਾਨ ‘ਨਸ਼ਟ’ ਅਤੇ ਆਦਿਵਾਸੀਆਂ, ਦਲਿਤਾਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਦਿੱਤਾ ਗਿਆ ਰਾਖਵਾਂਕਰਨ ਖ਼ਤਮ ਕਰਨਾ ਚਾਹੁੰਦੀ ਹੈ। ਉੜੀਸਾ ਦੇ ਬੋਲਾਂਗੀਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਖਦਸ਼ਾ ਪ੍ਰਗਟਾਇਆ ਕਿ ਜੇ ਭਾਜਪਾ ਇਹ ਚੋਣ ਜਿੱਤ ਜਾਂਦੀ ਹੈ ਤਾਂ ਉਹ ਜਨਤਕ ਖੇਤਰ ਦਾ ਨਿੱਜੀਕਰਨ ਕਰ ਦੇਵੇਗੀ ਅਤੇ ਦੇਸ਼ ਨੂੰ 22 ਅਰਬਪਤੀ ਚਲਾਉਣਗੇ। ਹੱਥ ਵਿੱਚ ਫੜੇ ਭਾਰਤ ਦੇ ਸੰਵਿਧਾਨ ਵੱਲ ਇਸ਼ਾਰਾ ਕਰਦਿਆਂ ਰਾਹੁਲ ਨੇ ਕਿਹਾ, ‘‘ਭਾਜਪਾ ਇਸ ਕਿਤਾਬ ਨੂੰ ਪਾੜਨਾ ਚਾਹੁੰਦੀ ਹੈ ਪਰ ਅਸੀਂ ਅਤੇ ਭਾਰਤ ਦੇ ਲੋਕ ਉਨ੍ਹਾਂ ਨੂੰ ਅਜਿਹਾ ਨਹੀਂ ਕਰਨ ਦੇਵਾਂਗੇ।’’ ਉਨ੍ਹਾਂ ਕਿਹਾ ਕਿ ਜੋ ਵੀ ਹੁਣ ਤੱਕ ਦੇਸ਼ ਦੇ ਗ਼ਰੀਬਾਂ, ਦਲਿਤਾਂ, ਆਦਿਵਾਸੀਆਂ, ਘੱਟ-ਗਿਣਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਿਲਿਆ ਹੈ, ਉਹ ਸੰਵਿਧਾਨ ਦੀ ਬਦੌਲਤ ਮਿਲਿਆ ਹੈ। ਰਾਹੁਲ ਨੇ ਖਦਸ਼ਾ ਜ਼ਾਹਰ ਕਰਦਿਆਂ ਕਿਹਾ, ‘‘ਜੇ ਭਾਜਪਾ ਜਿੱਤਦੀ ਹੈ ਤਾਂ ਰਾਖਵਾਂਕਰਨ ਖ਼ਤਮ ਕਰ ਦਿੱਤਾ ਜਾਵੇਗਾ, ਜਨਤਕ ਖੇਤਰ ਦਾ ਨਿੱਜੀਕਰਨ ਹੋ ਜਾਵੇਗਾ ਅਤੇ ਦੇਸ਼ 22 ਅਰਬਪਤੀ ਚਲਾਉਣਗੇ। ਇਸ ਲਈ ਆਮ ਲੋਕਾਂ ਦੀ ਸਰਕਾਰ ਬਣਨੀ ਚਾਹੀਦੀ ਹੈ।’’
ਰਾਹੁਲ ਨੇ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਚ 22 ਅਰਬਪਤੀਆਂ ਦੇ 16 ਲੱਖ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਅਤੇ ਇਹ ਰਕਮ 24 ਸਾਲਾਂ ਲਈ ਮਗਨਰੇਗਾ ਸਕੀਮ ਦੇ ਭੱਤੇ ਦੇ ਬਰਾਬਰ ਹੈ। ਕਾਂਗਰਸ ਆਗੂ ਨੇ ਕਿਹਾ, ‘‘ਉਨ੍ਹਾਂ ਆਮ ਲੋਕਾਂ ਨੂੰ ਕੁਝ ਨਹੀਂ ਦਿੱਤਾ। ਉਨ੍ਹਾਂ ਨੇ ਕਿਸਾਨਾਂ ਅਤੇ ਵਿਦਿਆਰਥੀਆਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ। ਮੁਆਫ ਕਰਨ ਦੀ ਗੱਲ ਤਾਂ ਛੱਡੋ ਉਨ੍ਹਾਂ ਨੇ ਛੋਟੇ ਵਪਾਰੀਆਂ ਨੂੰ ਕਰਜ਼ਾ ਤਕ ਨਹੀਂ ਦਿੱਤਾ।’’ ਰਾਹੁਲ ਨੇ ਕਿਹਾ ਕਿ ਜੇ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਜਾਤੀ ਆਧਾਰਿਤ ਜਨਗਣਨਾ ਕਰਵਾਏਗੀ ਅਤੇ ਦਲਿਤਾਂ, ਆਦਿਵਾਸੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦਾ ਰਾਖਵਾਂਕਰਨ ਕਰੇਗੀ। ਜਨਗਣਨਾ ਤੋਂ ਬਾਅਦ ਦੇਸ਼ ਵਿੱਚ ਕ੍ਰਾਂਤੀਕਾਰੀ ਲੋਕਤੰਤਰ ਜਾਂ ਲੋਕ ਰਾਜ ਸ਼ੁਰੂ ਹੋਵੇਗਾ। -ਪੀਟੀਆਈ

Advertisement

‘ਮੋਦੀ 4 ਜੂਨ ਤੋਂ ਬਾਅਦ ਪ੍ਰਧਾਨ ਮੰਤਰੀ ਨਹੀਂ ਰਹਿਣਗੇ’

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ‘ਝੂਠ’ ਰਾਹੀਂ ਖੁਦ ਨੂੰ ਜਿੰਨਾ ਮਰਜ਼ੀ ਦਿਲਾਸਾ ਦੇ ਲਵੇ, ਇਸ ਨਾਲ ਕੋਈ ਫਰਕ ਨਹੀਂ ਪਵੇਗਾ। 4 ਜੂਨ ਤੋਂ ਬਾਅਦ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨਹੀਂ ਰਹਿਣਗੇ। ਰਾਹੁਲ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਕਿਵੇਂ ਉੱਤਰ ਪ੍ਰਦੇਸ਼ ਵਿੱਚ ਇੱਕ ਚੋਣ ਰੈਲੀ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਝੂਠ ਦੀ ਫੈਕਟਰੀ’ ਭਾਜਪਾ ਖੁਦ ਨੂੰ ਜਿੰਨਾ ਮਰਜ਼ੀ ਦਿਲਾਸਾ ਦੇ ਲਵੇ, ਇਸ ਨਾਲ ਕੋਈ ਫਰਕ ਨਹੀਂ ਪੈਣ ਵਾਲਾ। ਮੈਂ ਇੱਕ ਵਾਰ ਫਿਰ ਕਹਿ ਰਿਹਾ ਹਾਂ ਕਿ 4 ਜੂਨ ਤੋਂ ਬਾਅਦ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨਹੀਂ ਰਹਿਣਗੇ।’’ -ਪੀਟੀਆਈ

Advertisement
Author Image

sukhwinder singh

View all posts

Advertisement
Advertisement
×