ਭਾਜਪਾ ਮਹਿਲਾ ਮੋਰਚਾ ਨੇ ਕੇਜਰੀਵਾਲ ਦੀ ਰਿਹਾਇਸ਼ ਘੇਰੀ
ਨਵੀਂ ਦਿੱਲੀ, 26 ਦਸੰਬਰ
ਇੱਥੇ ਅੱਜ ਭਾਰਤੀ ਜਨਤਾ ਪਾਰਟੀ ਦੀ ਦਿੱਲੀ ਇਕਾਈ ਦੇ ਮਹਿਲਾ ਮੋਰਚਾ ਦੇ ਆਗੂਆਂ ਅਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ’ਤੇ ‘ਮਹਿਲਾ ਸਨਮਾਨ ਯੋਜਨਾ’ ਦੇ ਨਾਮ ’ਤੇ ਦਿੱਲੀ ਦੀਆਂ ਔਰਤਾਂ ਨਾਲ ਧੋਖਾ ਕਰਨ ਦਾ ਦੋਸ਼ ਲਗਾਇਆ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਨੇ ਇਸੇ ਤਰ੍ਹਾਂ ਦੀ ਯੋਜਨਾ ਦੀ ਘੋਸ਼ਣਾ ਕੀਤੀ ਸੀ ਪਰ ਪਾਰਟੀ ਨੇ 2022 ਦੇ ਵਾਅਦੇ ਮੁਤਾਬਕ ਉਥੋਂ ਦੀਆਂ ਔਰਤਾਂ ਨੂੰ ਅਜੇ ਤੱਕ 1100 ਰੁਪਏ ਪ੍ਰਤੀ ਮਹੀਨਾ ਨਹੀਂ ਦਿੱਤੇ। ਦਿੱਲੀ ਸਰਕਾਰ ਨੇ 2024-25 ਦੇ ਬਜਟ ਵਿੱਚ ਹਜ਼ਾਰ ਰੁਪਏ ਮਹੀਨਾ ਭੁਗਤਾਨ ਵਾਲੀ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਦੀ ਘੋਸ਼ਣਾ ਕੀਤੀ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਜੇ ਰਾਜਧਾਨੀ ਵਿੱਚ ਫੇਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਇਹ ਰਾਸ਼ੀ ਵਧਾ ਕੇ 2,100 ਰੁਪਏ ਕਰ ਦਿੱਤੀ ਜਾਵੇਗੀ।
ਭਾਜਪਾ ਮਹਿਲਾ ਮੋਰਚਾ ਦੀ ਮੁਖੀ ਰੀਚਾ ਪਾਂਡੇ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਅਸ਼ੋਕ ਰੋਡ ਤੋਂ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਦੇ 5, ਫਿਰੋਜ਼ਸ਼ਾਹ ਰੋਡ ਸਥਿਤ ਘਰ ਤੱਕ ਮਾਰਚ ਕੱਢਿਆ। ਇਸ ਦੌਰਾਨ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਮੌਕੇ ਕਈ ਔਰਤਾਂ ਬੈਰੀਕੇਡ ’ਤੇ ਚੜ੍ਹ ਗਈਆਂ।
ਉਨ੍ਹਾਂ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਈ ਔਰਤਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਰੀਚਾ ਪਾਂਡੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਵੀ ਆਮ ਆਦਮੀ ਪਾਰਟੀ ਨੇ ਅਜਿਹੀ ਯੋਜਨਾ ਦੀ ਘੋਸ਼ਣਾ ਕੀਤੀ ਸੀ ਪਰ ਸੱਤਾ ਹਾਸਲ ਕਰਨ ਮਗਰੋਂ ਪਾਰਟੀ ਸੂਬੇ ਦੀਆਂ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਸਫ਼ਲ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਦੇ ਨਾਮ ’ਤੇ ਮੁੜ ਦਿੱਲੀ ਦੀਆਂ ਔਰਤਾਂ ਨੂੰ ਧੋਖਾ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਵਿੱਚ ਹੋਣ ਦੀ ਸੰਭਾਵਨਾ ਹੈ। -ਪੀਟੀਆਈ