ਭਾਜਪਾ ਵੱਲੋਂ ਪੰਜਵੀਂ ਜਮਾਤ ਤੱਕ ਸਕੂਲ ਬੰਦ ਕਰਨ ਦੀ ਮੰਗ
ਨਵੀਂ ਦਿੱਲੀ, 13 ਨਵੰਬਰ
ਇੱਥੇ ਭਾਰਤੀ ਜਨਤਾ ਪਾਰਟੀ ਨੇ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੀ ਮਾੜੀ ਸਥਿਤੀ ਕਾਰਨ ਦਿੱਲੀ ਸਰਕਾਰ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਸ਼ਹਿਰ ਵਿੱਚ ਗੈਸ ਚੈਂਬਰ ਬਣ ਗਿਆ ਹੈ।
ਜ਼ਿਕਰਯੋਗ ਹੈ ਕਿ ਕੌਮੀ ਰਾਜਧਾਨੀ ਵਿੱਚ ਇਸ ਮੌਸਮ ਦੌਰਾਨ ਪਹਿਲੀ ਵਾਰ ਬੁੱਧਵਾਰ ਨੂੰ ਸੰਘਣੀ ਧੁੰਦ ਪਈ ਹੈ ਅਤੇ ਹਵਾ ਗੁਣਵਤਾ ‘ਬਹੁਤ ਖਰਾਬ’ ਸ਼੍ਰਣੀ ਵਿੱਚ ਦਰਜ ਕੀਤੀ ਗਈ ਹੈ। ਦਿੱਲੀ ਸੂਬਾਈ ਭਾਜਪਾ ਦੇ ਮੁਖੀ ਵੀਰੇਂਦਰ ਸਚਦੇਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਰਾਜਧਾਨੀ ਵਿੱਚ ਹਵਾ ਗੁਣਵਤਾ ਬਹੁਤ ਖਰਾਬ ਸ਼੍ਰੇਣੀ ਵਿੱਚ ਜਾਣ ਕਾਰਨ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਪੰਜਵੀਂ ਜਮਾਤ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਧਰ ਧਿਆਨ ਨਾ ਹੋਣ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਦਿੱਲੀ ਇੱਕ ਗੈਸ ਚੈਂਬਰ ਬਣ ਗਈ ਹੈ। ਇੱਥੇ ਹਰ ਕੋਈ ਖੰਘ ਰਿਹਾ ਹੈ ਅਤੇ ਸਾਰੇ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦਾ ਬੁਰਾ ਹਾਲ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਤੁਰੰਤ ਦਵਾਈਆਂ ਵੰਡੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਸੂਬਾ ਵਾਸੀਆਂ ਦੀਆਂ ਮੁਸ਼ਕਲਾਂ ਵਲ ਧਿਆਨ ਦੇਵੇ। -ਪੀਟੀਆਈ