For the best experience, open
https://m.punjabitribuneonline.com
on your mobile browser.
Advertisement

ਕੰਗਨਾ ਦੇ ਬਿਆਨ ਮਗਰੋਂ ਹਰਿਆਣਾ ’ਚ ਭਾਜਪਾ ਦੀਆਂ ਮੁਸ਼ਕਲਾਂ ਵਧੀਆਂ

08:45 AM Aug 26, 2024 IST
ਕੰਗਨਾ ਦੇ ਬਿਆਨ ਮਗਰੋਂ ਹਰਿਆਣਾ ’ਚ ਭਾਜਪਾ ਦੀਆਂ ਮੁਸ਼ਕਲਾਂ ਵਧੀਆਂ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 25 ਅਗਸਤ
ਭਾਜਪਾ ਦੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਤਲ ਤੇ ਜਬਰ-ਜਨਾਹ ਹੋਣ ਸਬੰਧੀ ਦਿੱਤੇ ਬਿਆਨ ਨਾਲ ਸਿਆਸੀ ਪਾਰਾ ਵਧ ਗਿਆ ਹੈ। ਇਹ ਬਿਆਨ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਆਉਣ ਕਰਕੇ ਹਰਿਆਣਾ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ। ਹਾਲਾਂਕਿ ਕੰਗਨਾ ਦੇ ਬਿਆਨ ਤੋਂ ਬਾਅਦ ਭਾਜਪਾ ਆਗੂਆਂ ਨੇ ਚੁੱਪ ਵੱਟ ਲਈ ਹੈ ਜਦਕਿ ਕਿਸਾਨ ਆਗੂਆਂ ਵੱਲੋਂ ਲਗਾਤਾਰ ਭਾਜਪਾ ਨੂੰ ਘੇਰਿਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਕੰਗਨਾ ਨੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਕਿਸਾਨੀ ਅੰਦੋਲਨ ਦੌਰਾਨ ਦਿੱਲੀ ਹੱਦ ’ਤੇ ਜਬਰ-ਜਨਾਹ ਤੇ ਕਤਲ ਹੋਏ ਸਨ। ਜੇ ਉਸ ਵੇਲੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਨਾ ਹੁੰਦੀ ਤਾਂ ਹਾਲਾਤ ਬੰਗਲਾਦੇਸ਼ ਵਰਗੇ ਹੋਣੇ ਸਨ। ਜ਼ਿਕਰਯੋਗ ਹੈ ਕਿ ਕੰਗਨਾ ਨੇ ਕਿਸਾਨੀ ਅੰਦੋਲਨ ਸਮੇਂ ਵੀ ਕਈ ਵਾਰ ਕਿਸਾਨਾਂ ਬਾਰੇ ਵਿਵਾਦਿਤ ਬਿਆਨ ਦਿੱਤੇ ਸਨ। ਉਸ ਨੇ ਹੁਣ ਮੁੜ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨੀ ਸਬੰਧੀ ਬਿਆਨ ਦਿੱਤਾ ਹੈ ਜਿਸ ਨਾਲ ਭਾਜਪਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸਾਨੀ ਅੰਦੋਲਨ ਸਮੇਂ ਸਮੁੱਚੇ ਦੇਸ਼ ਤੋਂ ਕਿਸਾਨਾਂ ਨੇ ਦਿੱਲੀ ਧਰਨੇ ਵਿਚ ਸ਼ਮੂਲੀਅਤ ਕੀਤੀ ਸੀ ਪਰ ਉਸ ਅੰਦੋਲਨ ਦੀ ਅਗਵਾਈ ਪੰਜਾਬ ਤੇ ਹਰਿਆਣਾ ਨੇ ਕੀਤੀ ਸੀ। ਇਸ ਕਰਕੇ ਹਰਿਆਣਾ ਦੇ ਕਿਸਾਨਾਂ ਵਿੱਚ ਕੰਗਨਾ ਦੇ ਬਿਆਨ ਨੂੰ ਲੈ ਕੇ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂ ਅਭਿਮੰਨਿਊ ਕੋਹਾੜ ਨੇ ਕੰਗਨਾ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਕਤ ਬਿਆਨ ’ਤੇ ਤੁਰੰਤ ਐਕਸ਼ਨ ਲੈਣਾ ਚਾਹੀਦਾ ਹੈ। ਜੇ ਪ੍ਰਧਾਨ ਮੰਤਰੀ ਜਾਂ ਭਾਜਪਾ ਵੱਲੋਂ ਇਸ ਬਿਆਨ ’ਤੇ ਕੋਈ ਐਕਸ਼ਨ ਨਾ ਲਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਰਾਮਿੰਦਰ ਸਿੰਘ ਪਟਿਆਲ ਨੇ ਕਿਹਾ ਕਿ ਕੰਗਨਾ ਦਾ ਮਾਨਸਿਕ ਸੰਤੁਲਨ ਹਿੱਲ ਗਿਆ ਹੈ। ਉਹ ਖ਼ਬਰਾਂ ਵਿੱਚ ਰਹਿਣ ਲਈ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰਦੀ ਹੈ। ਇਸ ਬਾਰੇ ਭਾਜਪਾ ਦੀ ਹਾਈਕਮਾਂਡ ਨੂੰ ਉਸ ’ਤੇ ਕਾਰਵਾਈ ਕਰਨੀ ਚਾਹੀਦੀ ਹੈ। ਜੇ ਭਾਜਪਾ ਅਜਿਹਾ ਨਹੀਂ ਕਰਦੀ ਤਾਂ ਸਪਸ਼ਟ ਹੋਵੇਗਾ ਕਿ ਕੰਗਨਾ ਨੂੰ ਭਾਜਪਾ ਬੋਲਣ ਲਈ ਸ਼ਹਿ ਦੇ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਭਾਜਪਾ ਨੇ ਕਈ ਵਾਰ ਕੋਝੀਆਂ ਚਾਲਾਂ ਚੱਲੀਆਂ ਹਨ। ਹੁਣ ਭਾਜਪਾ ਦੀ ਸੰਸਦ ਮੈਂਬਰ ਜਾਣਬੁੱਝ ਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰ ਰਹੀ ਹੈ। ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

ਕੰਗਨਾ ਰਣੌਤ ਦੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖੀ

ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਪੰਜਾਬ ਦੀ ਸਿਆਸਤ ਵੀ ਭਖ ਗਈ ਹੈ। ‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਮੈਂਬਰ ਦੇ ਵਿਵਾਦਿਤ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੰਗਨਾ ਕਦੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੰਦੀ ਹੈ ਅਤੇ ਕਦੇ ਪੰਜਾਬੀਆਂ ਨੂੰ ਅਤਿਵਾਦੀ ਦੱਸਦੀ ਹੈ। ਉਸ ਦੇ ਬਿਆਨਾਂ ਤੋਂ ਜਾਪਦਾ ਹੈ ਕਿ ਉਸ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਸਮਰਥਨ ਹਾਸਲ ਹੈ ਜਾਂ ਪਾਰਟੀ ਵਲੋਂ ਜਾਣਬੁੱਝ ਕੇ ਉਸ ਨੂੰ ਅਜਿਹੇ ਬਿਆਨ ਦੇਣ ਲਈ ਕਿਹਾ ਜਾ ਰਿਹਾ ਹੈ।

Advertisement

ਕੰਗਨਾ ਨੂੰ ਕਿਸਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ: ਬੈਂਸ

ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਆਗੂ ਰਾਕੇਸ਼ ਬੈਂਸ ਨੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨਾਸਮਝ ਦੱਸਦਿਆਂ ਕਿਹਾ ਕਿ ਕੰਗਨਾ ਨੂੰ ਦੇਸ਼ ਤੇ ਕਿਸਾਨਾਂ ਬਾਰੇ ਬਿਲਕੁਲ ਵੀ ਸਮਝ ਨਹੀਂ ਹੈ। ਇਸ ਕਰ ਕੇ ਉਸ ਵੱਲੋਂ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਲਈ ਅਜਿਹੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਉਸ ਨੂੰ ਆਪਣੀ ਸ਼ਬਦਾਵਲੀ ਲਈ ਕਿਸਾਨਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਕੰਗਨਾ ਦੇ ਬਿਆਨਾਂ ਦਾ ਭੁਗਤਾਨ ਭਾਜਪਾ ਨੂੰ ਹਰਿਆਣਾ ਚੋਣਾਂ ਵਿੱਚ ਕਰਨਾ ਪਵੇਗਾ।

Advertisement
Author Image

sukhwinder singh

View all posts

Advertisement