ਕਾਲਾ ਦਿਵਸ: ਡੀਸੀ ਦਫਤਰ ਅੱਗੇ ਸ਼ਾਹ, ਖੱਟਰ ਤੇ ਵਿੱਜ ਦਾ ਪੁਤਲਾ ਫੂਕਿਆ
ਯਮੁਨਾਨਗਰ (ਪੱਤਰ ਪ੍ਰੇਰਕ): ਸੈਂਕੜੇ ਕਿਸਾਨ ਤੇ ਮਜ਼ਦੂਰਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਅਨਾਜ ਮੰਡੀ ਦੇ ਗੇਟ ’ਤੇ ਰੋਸ ਪ੍ਰਦਰਸ਼ਨ ਕਰਕੇ ਕਾਲਾ ਦਿਵਸ ਮਨਾਇਆ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ। ਧਰਨੇ ਦੀ ਪ੍ਰਧਾਨਗੀ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਯੂਥ ਸੂਬਾ ਪ੍ਰਧਾਨ ਰਾਹੁਲ ਸੰਧੇ, ਅਖਿਲ ਭਾਰਤੀ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਧਰਮਪਾਲ ਚੌਹਾਨ, ਭਾਰਤੀ ਕਿਸਾਨ ਸਭਾ ਹਰਿਆਣਾ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸਾਂਗਵਾਨ, ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਹੀਪਾਲ ਨੇ ਕੀਤੀ। ਇਸ ਮੌਕੇ ਏਟਕ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਸੰਧੂ ਅਤੇ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਰਾਮ ਕੁਮਾਰ ਕੰਬੋਜ ਸ਼ਾਮਲ ਸਨ । ਧਰਨੇ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸੜਕਾਂ ਨੂੰ ਬਾਰਡਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਨਿਹੱਥੇ ਕਿਸਾਨਾਂ ’ਤੇ ਗੋਲੀਬਾਰੀ ਕੀਤੀ ਜਾ ਰਹੀ ਹੈ ਜੋ ਕਿ ਮੰਦਭਾਗੀ ਹੈ। ਖਨੌਰੀ ਬਾਰਡਰ ’ਤੇ ਕਿਸਾਨਾਂ ਖ਼ਿਲਾਫ਼ ਪੁਲੀਸ ਕਾਰਵਾਈ ’ਚ ਇੱਕ ਨੌਜਵਾਨ ਕਿਸਾਨ ਦੀ ਮੌਤ ਤੇ ਕਈ ਹੋਰਾਂ ਦੇ ਜ਼ਖਮੀ ਹੋਣ ਲਈ ਹਰਿਆਣਾ ਸਰਕਾਰ ਜ਼ਿੰਮੇਵਾਰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ’ਚ ਇਸੇ ਕਾਲੇ ਅਧਿਆਏ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਕਥਿਤ ਜ਼ਿੰਮੇਵਾਰ ਹਨ, ਜਿਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਯੂਨਾਈਟਿਡ ਕਿਸਾਨ ਮੋਰਚਾ ਅਤੇ ਹੋਰ ਜਥੇਬੰਦੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਫਰਵਰੀ ਨੂੰ ਯਮੁਨਾਨਗਰ ਵਿਖੇ ਨੈਸ਼ਨਲ ਹਾਈਵੇਅ ’ਤੇ ਡਬਲਿਊਟੀਓ ਦੇ ਵਿਰੋਧ ’ਚ ਟਰੈਕਟਰ ਖੜ੍ਹੇ ਕੀਤੇ ਜਾਣਗੇ।