For the best experience, open
https://m.punjabitribuneonline.com
on your mobile browser.
Advertisement

ਕਾਲਾ ਦਿਵਸ: ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ

08:51 AM Feb 24, 2024 IST
ਕਾਲਾ ਦਿਵਸ  ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ
ਅੰਮ੍ਰਿਤਸਰ ਵਿੱਚ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਿਸਾਨ। -ਫੋਟੋ: ਵਿਸ਼ਾਲ ਕੁਮਾਰ
Advertisement

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 23 ਫਰਵਰੀ
ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ ’ਤੇ ਅੱਜ ਅੰਮ੍ਰਿਤਸਰ ਵਿੱਚ ਕਾਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕਾਲੇ ਝੰਡੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਉਪ ਪ੍ਰਧਾਨ ਗੁਰਦੇਵ ਸਿੰਘ ਨੇ ਖਨੌਰੀ ਹੱਦ ’ਤੇ ਨੌਜਵਾਨ ਸ਼ੁੁਭਕਰਨ ਸਿੰਘ ਦੀ ਮੌਤ ਲਈ ਹਰਿਆਣਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨਾਂ ਕਿਹਾ ਕਿ ਸਰਕਾਰ ਦੀ ਦਮਨਕਾਰੀ ਨੀਤੀ ਖਿਲਾਫ਼ ਅੱਜ ਪੂਰੇ ਭਾਰਤ ਵਿੱਚ ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਸਰਕਾਰ ਤੋਂ ਜਗ੍ਹਾ ਮੰਗੀ ਸੀ ਪਰ ਉਨ੍ਹਾਂ ਨੇ ਕਿਸਾਨਾਂ ਨਾਲ ਦੁਸ਼ਮਣਾਂ ਨਾਲੋਂ ਵੀ ਮਾੜਾ ਵਿਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਨੂੰ ਚੀਨ ਤੇ ਪਾਕਿਸਤਾਨ ਦੀ ਸਰਹੱਦ ਵਾਂਗ ਬਣਾ ਦਿੱਤਾ ਹੈ।
ਗੁਰਦਾਸਪੁਰ (ਜਤਿੰਦਰ ਬੈਂਸ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਗੁਰਦਾਸਪੁਰ ਜ਼ਿਲ੍ਹੇ ਅੰਦਰ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵੱਖ-ਵੱਖ ਥਾਵਾਂ ’ਤੇ ਹਰਿਆਣਾ ਸਰਕਾਰ ਅਤੇ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰੂ ਨਾਨਕ ਪਾਰਕ ਵਿੱਚ ਸੁਖਦੇਵ ਸਿੰਘ ਭਾਗੋਕਾਵਾਂ, ਤਰਲੋਕ ਸਿੰਘ ਬਹਿਰਾਮਪੁਰ, ਕਪੂਰ ਸਿੰਘ ਘੁੰਮਣ, ਬਲਵੀਰ ਸਿੰਘ ਪੀਰਾਂਬਾਗ ਅਤੇ ਧਿਆਨ ਸਿੰਘ ਠਾਕੁਰ ਦੀ ਅਗਵਾਈ ਹੇਠ ਇੱਕ ਰੋਸ ਰੈਲੀ ਵੀ ਕੀਤੀ ਗਈ।
ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪਠਾਨਕੋਟ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਸ਼ੁਭਕਰਨ ਦੀ ਮੌਤ ਦੇ ਰੋਸ ਵਜੋਂ ਕਾਲਾ ਦਿਵਸ ਮਨਾਇਆ ਗਿਆ। ਕਿਸਾਨ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਪਹੁੰਚੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਮੰਤਰੀ ਅਨਿਜ ਵਿਜ ਦੇ ਪੁਤਲੇ ਫੂਕ ਕੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਵਿੱਚ ਬਲਦੇਵ ਰਾਜ, ਪ੍ਰੇਮ ਸਿੰਘ ਭੋਆ, ਕੇਵਲ ਸਿੰਘ ਕੰਗ, ਬਲਵੰਤ ਘੋਹ, ਕੇਵਲ ਕਾਲੀਆ, ਮੁਖਤਿਆਰ ਸਿੰਘ, ਸਤਿਆ ਦੇਵ ਸੈਣੀ, ਏਐਸ ਗੁਲਾਟੀ, ਲੰਬੜਦਾਰ ਭਗਵਾਨਸਰ ਬਲਵਿੰਦਰ ਸਿੰਘ, ਬੱਬੀ ਸਰਨਾ ਆਦਿ ਸ਼ਾਮਲ ਸਨ।
ਮੁਕੇਰੀਆਂ (ਪੱਤਰ ਪ੍ਰੇਰਕ): ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਹਿੰਸਾ ਕਰਨ ਦੇ ਵਿਰੋਧ ਵਿੱਚ ਅੱਜ ਭੰਗਾਲਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕ ਕੇ ਕਾਲਾ ਦਿਵਸ ਮਨਾਇਆ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਮੁਕੇਰੀਆਂ ਦੇ ਅਵਤਾਰ ਸਿੰਘ ਬੌਬੀ ਅਤੇ ਧਰਮਿੰਦਰ ਸਿੰਘ ਮੁਕੇਰੀਆਂ ਨੇ ਕੀਤੀ।
ਗੜ੍ਹਸ਼ੰਕਰ (ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁਨਾਂ ਵੱਲੋਂ ਕੇਂਦਰ ਤੇ ਹਰਿਆਣਾ ਦੀ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕੁਲਭੂਸ਼ਨ ਕੁਮਾਰ, ਕੈਪਟਨ ਕਰਨੈਲ ਸਿੰਘ, ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕਿਸਾਨਾਂ ’ਤੇ ਤਸ਼ੱਦਦ ਢਾਹੁਣਾ ਤਰੁੰਤ ਬੰਦ ਕੀਤਾ ਜਾਵੇ।
ਬਟਾਲਾ (ਖੇਤਰੀ ਪ੍ਰਤੀਨਿਧ): ਇੱਥੇ ਅੱਜ ਸੰਯੁਕਤ ਕਿਸਾਨ ਮੋਰਚੇ ਅਤੇ ਮਜ਼ਦੂਰ ਜਥੇਬੰਦੀਆਂ ਨੇ ਸਥਾਨਕ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿੱਚ ਇਕੱਠੇ ਹੋ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਪੁਤਲਾ ਫੂਕਿਆ। ਇਸ ਮੌਕੇ ਕ੍ਰਾਂਤੀਕਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਗੁਰਵਿੰਦਰ ਸਿੰਘ ਲਾਡੀ ਘੁਮਾਣ, ਕਰਨੈਲ ਸਿੰਘ, ਮਜ਼ਦੂਰ ਆਗੂ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਆਦਿ ਨੇ‌ ਕਿਹਾ ਕਿ ਹਰਿਆਣਾ ਪੁਲੀਸ ਵੱਲੋਂ ਪੰਜਾਬ ਦੇ ਇਲਾਕੇ ਵਿੱਚ ਘੁਸਪੈਠ ਕੀਤੀ ਜਾ ਰਹੀ ਹੈ ਜਿਸ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ।
ਦੀਨਾਨਗਰ (ਪੱਤਰ ਪ੍ਰੇਰਕ): ਖ਼ਨੌਰੀ ਬਾਰਡਰ ’ਤੇ ਹਰਿਆਣਾ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਅਤੇ ਦਰਜਨ ਤੋਂ ਵੱਧ ਕਿਸਾਨਾਂ ਦੇ ਜ਼ਖ਼ਮੀ ਹੋਣ ਦੇ ਰੋਸ ਵਜੋਂ ਅੱਜ ਦੀਨਾਨਗਰ ਸ਼ਹਿਰ ਅੰਦਰ ਕਿਸਾਨਾਂ-ਮਜ਼ਦੂਰਾਂ ਨੇ ਮਾਰਚ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਪਹਿਲਾਂ ਸੀਪੀਆਈ ਦਫ਼ਤਰ ਵਿੱਚ ਕਾਮਰੇਡ ਬਲਬੀਰ ਸਿੰਘ ਕੱਤੋਵਾਲ, ਏਟਕ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਕੈਰੇ, ਮੰਗਤ ਚੰਚਲ ਅਤੇ ਮਾਇਆਧਾਰੀ ਸ਼ਰਮਾ ਨੇ ਕਿਹਾ ਕਿ ਸ਼ੰਭੂ ਅਤੇ ਖ਼ਨੌਰੀ ਬੈਰੀਅਰ ’ਤੇ ਕਿਸਾਨਾਂ ਉੱਪਰ ਅੱਥਰੂ ਗੈਸ, ਰੱਬੜ ਦੀਆਂ ਗੋਲੀਆਂ ਤੇ ਹੋਰ ਢੰਗ ਤਰੀਕਿਆਂ ਨਾਲ ਜੋ ਤਸ਼ੱਦਦ ਕੀਤਾ ਜਾ ਰਿਹਾ ਹੈ, ਉਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Advertisement

ਟਰੇਡ ਯੂਨੀਅਨਾਂ ਨੇ ਵੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਨਵਾਂਸ਼ਹਿਰ (ਲਾਜਵੰਤ ਸਿੰਘ): ਇੱਥੇ ਅੱਜ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਗਏ ਸੱਦੇ ਤਹਿਤ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਅੰਬੇਡਕਰ ਚੌਂਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ। ਇਸ ਮੌਕੇ ਇਫਟੂ ਦੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ, ਜ਼ਿਲ੍ਹਾ ਪ੍ਰਧਾਨ ਗੁਰਦਿਆਲ ਰੱਕੜ, ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਪਰਮਜੀਤ ਸਿੰਘ ਸ਼ਹਾਬਪੁਰ, ਤਰਕਸ਼ੀਲ ਸੁਸਾਇਟੀ ਦੇ ਆਗੂ ਸਤਪਾਲ ਸਲੋਹ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਲਈ ਹਰਿਆਣਾ ਸਰਕਾਰ ਜ਼ਿੰਮੇਵਾਰ ਹੈ। ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਦੀ ਸਰਹੱਦ ਨੂੰ ਕਿਸੇ ਦੁਸ਼ਮਣ ਦੇਸ਼ ਦੀ ਸਰਹੱਦ ਵਾਂਗੂ ਬਣਾ ਦਿੱਤਾ।

Advertisement

ਭਾਜਪਾ ਆਗੂ ਵੱਲੋਂ ਕਿਸਾਨਾਂ ਦਾ ਸਮਰਥਨ

ਅਜਨਾਲਾ (ਸੁਖਦੇਵ ਸਿੰਘ): ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਕਾਰਜਕਾਰਨੀ ਮੈਂਬਰ ਬਾਊ ਰਾਮ ਸਰਨ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਕਿਸਾਨ ਜੋਸ਼ ਦੀ ਬਜਾਏ ਸਬਰ ਤੋਂ ਕੰਮ ਲੈਣ। ਉਨ੍ਹਾਂ ਕਿਹਾ ਕਿ ਕਿਸਾਨੀ ਦੇ ਨਾਲ ਸਾਰੇ ਕਾਰੋਬਾਰ ਜੁੜੇ ਹੋਣ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਆਪਸ ਵਿੱਚ ਵਿਚਾਰ-ਵਟਾਂਦਰਾ ਕਰ ਕੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਭਗਵੰਤ ਮਾਨ ’ਤੇ ਕਿਸਾਨਾਂ ਦਾ ਸਾਥ ਨਾ ਦੇਣ ਦਾ ਦੋਸ਼

ਅੰਮ੍ਰਿਤਸਰ (ਪੱਤਰ ਪ੍ਰੇਰਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੋਲੀਆਂ ਚਲਾ ਕੇ ਹਰਿਆਣਾ ਪੁਲੀਸ ਨੇ ਜੱਲ੍ਹਿਆਂਵਾਲਾ ਬਾਗ ਦੇ ਸਾਕੇ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਤੀਰਾ ਵੀ ਕੇਂਦਰ ਸਰਕਾਰ ਦੇ ਟਾਊਟ ਵਾਲਾ ਹੈ, ਜੋ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਈਡੀ ਦੇ ਕੇਸਾਂ ’ਚੋਂ ਬਚਾਉਣ ਲਈ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਹੱਕ ਮੰਗ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਜਬਰ ਨਾਲ ਦਬਾਅ ਕੇ ਨਾਦਰਸ਼ਾਹੀ ਰਵੱਈਆ ਅਪ ਰਹੀ ਹੈ। ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਹਮਦਰਦੀ ਨਾਲ ਵਿਚਾਰਨੀਆਂ ਚਾਹੀਦੀਆਂ ਹਨ।

Advertisement
Author Image

joginder kumar

View all posts

Advertisement