For the best experience, open
https://m.punjabitribuneonline.com
on your mobile browser.
Advertisement

ਸ਼ੁਭਕਰਨ ਦੀ ਮੌਤ ਦੇ ਵਿਰੋਧ ਵਿੱਚ ‘ਕਾਲਾ ਦਿਵਸ’ ਮਨਾਇਆ

08:03 AM Feb 24, 2024 IST
ਸ਼ੁਭਕਰਨ ਦੀ ਮੌਤ ਦੇ ਵਿਰੋਧ ਵਿੱਚ ‘ਕਾਲਾ ਦਿਵਸ’ ਮਨਾਇਆ
ਖਨੌਰੀ ਬਾਰਡਰ ’ਤੇ ਦੇਰ ਸ਼ਾਮ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਦੇ ਹੋਏ ਕਿਸਾਨ
Advertisement

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਅਕੀਦਾ/ਗੁਰਦੀਪ ਸਿੰਘ ਲਾਲੀ
ਪਟਿਆਲਾ/ਸੰਗਰੂਰ, 23 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ-ਮਜ਼ਦੂਰਾਂ ਉਪਰ ਕੀਤੇ ਜਾਰ ਹੇ ਜਬਰ ਖ਼ਿਲਾਫ਼ ਅੱਜ ‘ਕਾਲਾ ਦਿਨ’ ਮਨਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸਥਾਨਕ ਅਨਾਜ ਮੰਡੀ ’ਚ ਰੋਸ ਰੈਲੀ ਕੀਤੀ ਗਈ ਤੇ ਮਗਰੋਂ ਪੁਤਲੇ ਚੁੱਕ ਕੇ ਕਿਸਾਨਾਂ ਨੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਬਰਨਾਲਾ ਚੌਕ ਤੱਕ ਰੋਸ ਮਾਰਚ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਜਥੇਬੰਦੀ ਦੇ ਆਗੂਆਂ ਨੂੰ ‘ਗੱਦਾਰ ਤੇ ਡਰਪੋਕ’ ਕਹੇ ਜਾਣ ’ਤੇ ਜਵਾਬ ਦਿੰਦਿਆਂ ਕਿਹਾ ਕਿ ਸਾਡੀ ਜਥੇਬੰਦੀ ਕਿਸੇ ਦੇ ਬਣਾਏ ਰਾਹਾਂ ’ਤੇ ਨਹੀਂ ਤੁਰਦੀ, ਅਸੀਂ ਆਪਣੇ ਬਣਾਏ ਰਾਹਾਂ ’ਤੇ ਤੁਰਦੇ ਹਾਂ ਅਤੇ ਅਸੂਲਾਂ ’ਤੇ ਖੜ੍ਹ ਕੇ ਪਹਿਰਾ ਦਿੰਦੇ ਹਾਂ। ਸ਼ੁਭਕਰਨ ਸਿੰਘ ਦੀ ਸ਼ਹਾਦਤ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇੱਕ ਘਰ ਦਾ ਚਿਰਾਗ ਬੁੱਝ ਗਿਆ ਪਰ ਇਹ ਅੱਗ ਸਿਰਫ਼ ਉਸ ਘਰ ਨਹੀਂ, ਸਗੋਂ ਸਾਡੇ ਸਾਰਿਆਂ ਦੇ ਘਰਾਂ ਵਿੱਚ ਲੱਗੀ ਹੈ। ਇਸੇ ਦੌਰਾਨ ਅੱਜ ਸਮਾਜ ਸੇਵੀ ਸੰਸਥਾਵਾਂ ਦੀ ਅਗਵਾਈ ਹੇਠ ਇਥੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਅੱਗੇ ਕੇਂਦਰ ਦੀ ਭਾਜਪਾ ਤੇ ਹਰਿਆਣਾ ਸਰਕਾਰ ਖਿਲਾਫ਼ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਧੂਰੀ (ਪਵਨ ਕੁਮਾਰ ਵਰਮਾ): ਪੰਜਾਬ ਦੇ ਕਿਸਾਨਾਂ ਵਲੋਂ ਪੰਜਾਬ ਦੇ ਖਨੌਰੀ ਤੇ ਸੰਭੂ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ ਦੌਰਾਨ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਤਸ਼ੱਦਦ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਖ਼ਿਲਾਫ਼ ਵੱਖ ਵੱਖ ਕਿਸਾਨ ਜਥੇਬੰਦੀਆ ਵੱਲੋਂ ਅੱਜ ਐੱਸਡੀਐੱਮ ਦਫ਼ਤਰ ਦੇ ਬਾਹਰ ਰੋਸ ਪ੍ਰਗਟ ਕਰਦਿਆ ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਅਤੇ ਖੱਟਰ ਦਾ ਪੁਤਲਾ ਫੂਕਿਆ ਗਿਆ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਪੁਤਲਾ ਫੂਕਿਆ ਤੇ ਮੰਗ ਕੀਤੀ ਕਿ ਤਿੰਨਾਂ ਮੰਤਰੀਆਂ ’ਤੇ 302 ਦਾ ਪਰਚਾ ਦਰਜ ਕੀਤਾ ਜਾਵੇ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ/ਸਤਨਾਮ ਸਿੰਘ ਸੱਤੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ ਨੇ ਸਥਾਨਕ ਸ਼ਹਿਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੂਤਲਾ ਫੂਕਦਿਆਂ ਕਾਲਾ ਦਿਵਸ ਮਨਾਇਆ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰਾਂ ਦੀ ਲਗਾਤਾਰ ਬੇਰੁਖੀ ਕਾਰਨ ਕਿਸਾਨ ਅਤੇ ਮਜ਼ਦੂਰ ਕੰਗਾਲੀ ਵੱਲ ਵੱਧ ਰਹੇ ਹਨ।

Advertisement

ਭਵਾਨੀਗੜ੍ਹ ਵਿੱਚ ਬਠਿੰਡਾ-ਚੰਡੀਗੜ੍ਹ ਕੌਮੀ ਰਾਹ ’ਤੇ ਪੁਤਲੇ ਫੂਕਦੇ ਹੋਏ ਕਿਸਾਨ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸਥਾਨਕ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਅੱਜ ਕਿਸਾਨ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਫੂਕੇ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਅੱਜ ਤਹਿਸੀਲ ਦੁੱਧਨਸਾਧਾਂ ਮੂਹਰੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ’ਤੇ ਕੀਤੇ ਅੰਨੇਵਾਹ ਤਸ਼ੱਦਦ ਤੇ ਇੱਕ ਕਿਸਾਨ ਦੀ ਮੌਤ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪੁਤਲੇ ਸਾੜੇ ਤੇ ਕੇਂਦਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਲਹਿਰਾਗਾਗਾ (ਰਮੇਸ ਭਾਰਦਵਾਜ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲਹਿਰਾਗਾਗਾ ਵਿੱਚ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਤੇ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਕਿਸਾਨੀ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਪਰ ਇਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਨੇ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਐਸਡੀਐਮ ਦੇ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ।

Advertisement

ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਹੋਵੇ: ਢੀਂਡਸਾ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਨਵਾਂਗ੍ਰਾਓਂ ਪਿੰਡ ਦੇ ਨੌਜਵਾਨ ਪ੍ਰਿਤਪਾਲ ਸਿੰਘ ਦੀ ਹਰਿਆਣਾ ਪੁਲੀਸ ਤੇ ਸੁਰੱਖਿਆ ਫੋਰਸਾਂ ਵੱਲੋਂ ਕੁੱਟਮਾਰ ਕਰਨ ਅਤੇ ਉਸ ਖ਼ਿਲਾਫ਼ ਝੂਠਾ ਪਰਚਾ ਦਰਜ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲੇ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਸ੍ਰੀ ਢੀਂਡਸਾ ਨੇ ਹਰਿਆਣਾ ਪੁਲੀਸ ਤੇ ਹੋਰ ਫੋਰਸਾਂ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੇ ਜਾ ਰਹੇ ਜਬਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੁਰੰਤ ਸਰਕਾਰ ਨੂੰ ਮੰਨਣੀਆਂ ਚਾਹੀਦੀਆਂ ਹਨ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਸਹੀ ਪੱਖ ਪੇਸ਼ ਨਾ ਕਰਨ, ਕਿਸਾਨਾਂ ਨੂੰ ਸਹੀ ਮੁਆਵਜ਼ਾ ਨਾ ਦੇਣ ਅਤੇ ਮੰਗਾਂ ਨਾ ਮੰਨਣ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਹਰਿਆਣਾ ਪੁਲੀਸ ਵੱਲੋਂ ਪੰਜਾਬ ਦੀ ਹੱਦ ਵਿਚ ਕਿਸਾਨਾਂ ’ਤੇ ਹਮਲੇ ਕਰਨ ਵਿਰੁੱਧ ਤੁਰੰਤ ਕਾਰਵਾਈਆਂ ਕੀਤੀਆਂ ਹੁੰਦੀਆਂ ਤਾਂ ਇਹ ਘਟਨਾ ਨਾ ਵਾਪਰਦੀ।

ਨੌਜਵਾਨ ਕਿਸਾਨ ਦੀ ਮੌਤ ਲਈ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਹੋਵੇ: ਨਵਜੋਤ ਸਿੱਧੂ

ਪਟਿਆਲਾ (ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧ ਨੇ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ ਹੈ ਕਿ ਖਨੌਰੀ ਬਾਰਡਰ ’ਤੇ ਨੌਜਵਾਨ ਦੀ ਹੋਈ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਹ ਘਟਨਾ ਵਾਪਰੀ ਉਹ ਧਰਤੀ ਪੰਜਾਬ ਦੀ ਹੈ ਜਾਂ ਹਰਿਆਣਾ ਦੀ ਹੈ, ਇਸ ਦੀ ਪਛਾਣ ਕੌਣ ਕਰੇਗਾ। ਉਨ੍ਹਾਂ ਕਿਹਾ ਕਿ ਸੱਤ ਕਿਸਾਨ ਲਾਪਤਾ ਹਨ ਅਤੇ ਕੁੱਝ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਬੰਦੀ ਬਣਾਇਆ ਗਿਆ ਹੈ। ਇਸ ਘਟਨਾ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰ ਸਰਕਾਰ ਤੇ ਭਗਵੰਤ ਮਾਨ ਦੀ ਮਿਲੀਭੁਗਤ ਹੈ ਪਰ ਹੁਣ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਅੰਬਾਨੀ ਅਤੇ ਅਡਾਨੀ ਦੀ ਆਮਦਨ ਦਿਨੋਂ ਦਿਨ ਵਧਦੀ ਜਾ ਰਹੀ ਹੈ। ਉੱਧਰ, ਭਾਰਤ ਵਿਸ਼ਵ ਭੁੱਖਮਰੀ ਦੀ ਸੂਚੀ ਵਿੱਚ 107 ਦੇਸ਼ਾਂ ’ਚੋਂ 94ਵੇਂ ਨੰਬਰ ’ਤੇ ਖੜ੍ਹਾ ਹੈ।

ਕਿਸਾਨਾਂ ’ਤੇ ਹੋਏ ਤਸ਼ੱਦਦ ਲਈ ਪੰਜਾਬ ਤੇ ਹਰਿਆਣਾ ਸਰਕਾਰਾਂ ਜ਼ਿੰਮੇਵਾਰ: ਭੱਠਲ

ਲਹਿਰਾਗਾਗਾ (ਰਮੇਸ ਭਾਰਦਵਾਜ): ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਆਗੂ ਰਾਜਿੰਦਰ ਕੌਰ ਭੱਠਲ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਪੰਜਾਬ ਨਾਲ ਵਿਰੋਧੀ ਮੁਲਕ ਵਾਲਾ ਵਤੀਰਾ ਅਪਣਾ ਰਹੀ ਹੈ, ਜਿਸ ਦੇ ਚੱਲਦਿਆਂ ਇਕ ਨੌਜਵਾਨ ਕਿਸਾਨ ਹਰਿਆਣਾ ਪੁਲੀਸ ਦੀਆਂ ਗੋਲੀਆਂ ਨਾਲ ਮਾਰਿਆ ਗਿਆ। ਉਨ੍ਹਾਂ ਲਹਿਰਾਗਾਗਾ ਸਥਿਤ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਨਦਾਤਾ ’ਤੇ ਗੋਲੀਆਂ ਚਲਾਉਦ ਵਰਗੀ ਕਾਰਵਾਈ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ, ਜੋ ਮੰਦਭਾਗਾ ਹੈ ਤੇ ਦੂਜੇ ਪਾਸੇ ਪੰਜਾਬ ਸਰਕਾਰ ਵੀ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕਰ ਰਹੀ, ਜੋ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਪੰਜਾਬ ਸਰਕਾਰਾਂ ਦੀ ਮਿਲੀਭੁਗਤ ਕਰਕੇ ਹੀ ਕਿਸਾਨਾਂ ’ਤੇ ਤਸ਼ੱਦਦ ਢਾਹੇ ਜਾ ਰਹੇ ਹਨ।

Advertisement
Author Image

joginder kumar

View all posts

Advertisement