ਬੇਅਦਬੀ ਮਾਮਲਾ: ਕੁੰਵਰ ਵਿਜੇ ਪ੍ਰਤਾਪ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ
ਰਾਜਮੀਤ ਸਿੰਘ
ਚੰਡੀਗੜ੍ਹ, 4 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਹੋਈ ਪੁਲੀਸ ਫਾਇਰਿੰਗ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਉਠਾਉਂਦਿਆਂ ਬੁੱਧਵਾਰ ਨੂੰ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ। ਮੌਨਸੂਨ ਸੈਸ਼ਨ ਦੇ ਤੀਜੇ ਦਿਨ ਅੱਜ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਬੇਅਦਬੀ ਦੀ ਘਟਨਾ ਖ਼ਿਲਾਫ਼ ਰੋਸ ਮੁਜ਼ਾਹਰਿਆਂ ਦੌਰਾਨ 2015 ਵਿਚ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈ ਪੁਲੀਸ ਫਾਇਰਿੰਗ ਸਬੰਧੀ ਸਿਟ ਦੀ ਰਿਪੋਰਟ ਵਿਧਾਨ ਸਭਾ ਵਿਚ ਪੇਸ਼ ਕੀਤੀ ਜਾਵੇ।
ਇਸ ਮਾਮਲੇ ਉਤੇ ਆਪਣੀ ਹੀ ਸਰਕਾਰ ਉਤੇ ਸਵਾਲ ਉਠਾਉਂਦੇ ਆ ਰਹੇ ‘ਆਪ’ ਵਿਧਾਇਕ ਨੇ ਸਦਨ ਨੂੰ ਚੇਤੇ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਇਸ ਸਬੰਧੀ ਸਿਟ ਕਾਇਮ ਕੀਤੇ ਜਾਣ ਦਾ ਮਤਾ ਪਾਸ ਕੀਤੇ ਨੂੰ ਛੇ ਸਾਲ ਬੀਤ ਚੁੱਕੇ ਹਨ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਉਤੇ ਨਿਸ਼ਾਨੇ ਸੇੇਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਆਖ਼ਰ ਕਿਸ ਨੇ ਜਾਂਚ ਵਿਚ ਅਜਿਹੀ ਗੜਬੜ ਕੀਤੀ ਕਿ ਪੁਲੀਸ ਫਾਇਰਿੰਗ ਬਾਰੇ ਸਿਟ ਦੀ ਰਿਪੋਰਟ ਨੂੰ ਹਾਈ ਕਰੋਟ ਵੱਲੋਂ ਖ਼ਾਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਇਹ ਰਿਪੋਰਟ ਅਦਾਲਤੀ ਕਾਰਵਾਈ ਦਾ ਹਿੱਸਾ ਨਹੀਂ ਹੈ, ਜਿਸ ਕਾਰਨ ਇਸ ਨੂੰ ਸਦਨ ਵਿਚ ਪੇਸ਼ ਕੀਤਾ ਜਾ ਸਕਦਾ ਹੈ।