ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ’ਚ ਧਮਾਕਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਦਸੰਬਰ
ਪੁਲੀਸ ਥਾਣਿਆਂ ’ਤੇ ਹੋ ਰਹੇ ਹਮਲਿਆਂ ਦੀ ਕੜੀ ਤਹਿਤ ਅੱਜ ਇੱਥੇ ਇਸਲਾਮਾਬਾਦ ਥਾਣੇ ’ਚ ਵੀ ਧਮਾਕਾ ਹੋਇਆ ਹੈ। ਮੌਕੇ ’ਤੇ ਪੁੱਜੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਹੋਰ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਤੇਜ਼ ਧਮਾਕੇ ਦੀ ਆਵਾਜ਼ ਆਈ, ਪਰ ਇਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਤੜਕੇ ਕਰੀਬ 3 ਵਜੇ ਸੁਣਾਈ ਦਿੱਤੀ ਧਮਾਕੇ ਦੀ ਆਵਾਜ਼ ਤੋਂ ਬਾਅਦ ਲੋਕਾਂ ਵਿੱਚ ਡਰ ਪੈਦਾ ਹੋ ਗਿਆ। ਜਰਮਨੀ ਆਧਾਰਤ ਗੈਂਗਸਟਰ ਜੀਵਨ ਫ਼ੌਜੀ ਨੇ ਸੋਸ਼ਲ ਮੀਡੀਆ ’ਤੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮਾਂ ਨੂੰ ਸੱਦਿਆ ਗਿਆ ਹੈ ਅਤੇ ਜਾਂਚ ਮਗਰੋਂ ਹੀ ਧਮਾਕੇ ਬਾਰੇ ਸਹੀ ਢੰਗ ਨਾਲ ਕੁਝ ਕਿਹਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਹੁਣ ਤੱਕ ਅਜਿਹੀਆਂ ਛੇ ਘਟਨਾਵਾਂ ਵਾਪਰ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਚਾਰ ਦਸੰਬਰ ਨੂੰ ਮਜੀਠਾ ਥਾਣੇ ਅੰਦਰ ਵੀ ਅਜਿਹਾ ਹੀ ਧਮਾਕਾ ਹੋਇਆ ਸੀ, ਜਿਸ ਨੂੰ ਪੁਲੀਸ ਵੱਲੋਂ ਵਾਹਨ ਦੇ ਟਾਇਰ ਫਟਣ ਕਾਰਨ ਹੋਇਆ ਧਮਾਕਾ ਦੱਸਿਆ ਗਿਆ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਗੁਰਬਖਸ਼ ਨਗਰ ਪੁਲੀਸ ਚੌਕੀ ਦੇ ਅੰਦਰ ਵੀ ਧਮਾਕਾ ਹੋਇਆ ਸੀ। ਚੌਕੀ ਦੀ ਇਹ ਇਮਾਰਤ ਕੁਝ ਸਮੇਂ ਤੋਂ ਬੰਦ ਪਈ ਸੀ। ਇਸੇ ਤਰ੍ਹਾਂ ਅਜਨਾਲਾ ਥਾਣੇ ਦੇ ਬਾਹਰ ਵੀ ਧਮਾਕਾਖੇਜ਼ ਸਮੱਗਰੀ ਮਿਲੀ ਸੀ।
ਡੀਜੀਪੀ ਵੱਲੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸ਼ਹਿਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਪੇਸ਼ੇਵਰ ਪੁਲੀਸਿੰਗ ਯਕੀਨੀ ਬਣਾਉਣ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀਜੀਪੀ ਨੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਦਾ ਪਤਾ ਲਾਉਣ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਅਧਿਕਾਰੀਆਂ ਨੂੰ ਮਨੁੱਖੀ ਸੂਝ-ਬੂਝ ਦੇ ਨਾਲ-ਨਾਲ ਤਕਨੀਕੀ ਵਸੀਲਿਆਂ ਦੀ ਵਰਤੋਂ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਅੰਮ੍ਰਿਤਸਰ (ਦਿਹਾਤੀ) ਦੇ ਐੱਸਐੱਸਪੀ ਚਰਨਜੀਤ ਸਿੰਘ ਹਾਜ਼ਰ ਸਨ। ਡੀਜੀਪੀ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।
ਫੋਰੈਂਸਿਕ ਟੀਮਾਂ ਵੱਲੋਂ ਜਾਂਚ ਜਾਰੀ: ਪੁਲੀਸ ਕਮਿਸ਼ਨਰ
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਦੇ ਧਮਾਕੇ ਬਾਰੇ ਕਿਹਾ ਕਿ ਧਮਾਕੇ ਦੀ ਆਵਾਜ਼ ਜ਼ਰੂਰ ਆਈ ਪਰ ਥਾਣੇ ਦੇ ਅੰਦਰ ਕੋਈ ਨੁਕਸਾਨ ਨਹੀਂ ਹੋਇਆ। ਰਾਤ ਡਿਊਟੀ ’ਤੇ ਤਾਇਨਾਤ ਸੰਤਰੀ ਨੇ ਆਵਾਜ਼ ਸੁਣੀ ਸੀ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਪਹਿਲਾਂ ਵੀ ਵਿਦੇਸ਼ ਬੈਠੇ ਗੈਂਗਸਟਰਾਂ ਲਈ ਕੰਮ ਕਰ ਰਹੇ ਕੁਝ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਨ੍ਹਾਂ ’ਚੋਂ ਦੋ ਵਿਅਕਤੀ ਥਾਣੇ ਦੇ ਬਾਹਰ ਧਮਾਕਾਖੇਜ਼ ਸਮੱਗਰੀ ਰੱਖਣ ਦੇ ਮਾਮਲੇ ਵਿੱਚ ਵੀ ਗ੍ਰਿਫਤਾਰ ਕੀਤੇ ਗਏ ਹਨ। ਪੁਲੀਸ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ ਅਤੇ ਜਲਦੀ ਹੋਰ ਗ੍ਰਿਫਤਾਰੀ ਹੋਣ ਦੀ ਵੀ ਸੰਭਾਵਨਾ ਹੈ।