ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ-1 ਸਮਾਪਤ
ਖੇਤਰੀ ਪ੍ਰਤੀਨਿਧ
ਬਟਾਲਾ 24 ਸਤੰਬਰ
ਬਲਾਕ ਬਟਾਲਾ-1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਮਾਪਤ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਗੁਰਦਾਸਪੁਰ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾ ਵੱਲੋਂ ਮੁੱਖ ਮਹਿਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਜਸਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ। ਇਸ ਮੌਕੇ ਡੀਈਓ ਪਰਮਜੀਤ ਤੇ ਡਿਪਟੀ ਡੀਈਓ ਡਾ. ਅਨਿਲ ਸ਼ਰਮਾ ਨੇ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ।
ਇਸ ਦੌਰਾਨ ਬੀਪੀਈਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ ਦੇ ਖੇਡ ਮੈਦਾਨ ਵਿੱਚ ਕਰਵਾਈਆਂ ਗਈਆਂ ਹਨ ਜਿਸ ਵਿੱਚ ਕਲੱਸਟਰ ਪੱਧਰ ’ਤੇ ਜੇਤੂ ਰਹੇ ਬੱਚਿਆਂ ਭਾਗ ਲਿਆ ਹੈ ਅਤੇ ਹੁਣ ਬਲਾਕ ਪੱਧਰ ’ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈਣਗੇ। ਇਸ ਮੌਕੇ ਜੈਤੋਸਰਜਾ ਸਕੂਲ ਦੇ ਵਿਦਿਆਰਥੀਆਂ ਨੇ ਸਭ ਤੋ ਵੱਧ ਤਗ਼ਮੇ ਹਾਸਿਲ ਕਰ ਕੇ ਓਵਰਆਲ ਕਲੱਸਟਰ ਟਰਾਫੀ ਜਿੱਤੀ।