ਕਿਸਾਨਾਂ ਦਾ ਰਾਹ ਰੋਕਣਾ ਸੰਵਿਧਾਨ ਦੀ ਉਲੰਘਣਾ: ਡੱਲੇਵਾਲ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 8 ਦਸੰਬਰ
ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਪਿੰਡ ਢਾਬੀ ਗੁੱਜਰਾਂ ’ਤੇ ਚੱਲਦੇ ਮੋਰਚੇ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤਾ ਮਰਨ ਵਰਤ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਸ੍ਰੀ ਡੱਲੇਵਾਲ ਨੇ ਕਿਹਾ ਕਿ ਇੱਥੇ ਚਲਦੇ ਮੋਰਚੇ ਨੂੰ 9 ਦਸੰਬਰ ਨੂੰ 300 ਦਿਨ ਪੂਰੇ ਹੋ ਜਾਣਗੇ। ਇਸੇ ਦਿਨ ਮੁਲਕ ਭਰ ਵਿੱਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਜਾਵੇਗੀ। ਇਸੇ ਦੌਰਾਨ ਉਨ੍ਹਾਂ ਸ਼ੰਭੂ ਬਾਰਡਰ ’ਤੇ ਦਿੱਲੀ ਵੱਲ ਪੈਦਲ ਜਾਂਦੇ ਕਿਸਾਨਾਂ ਉੱਤੇ ਪੁਲੀਸ ਸੁਰੱਖਿਆ ਬਲਾਂ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੀ ਉਲੰਘਣਾ ਦੱਸਿਆ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਢਾਬੀ ਗੁੱਜਰਾਂ ਅਤੇ ਸ਼ੰਭੂ ਬਾਰਡਰ ’ਤੇ ਚਲਦੇ ਮੋਰਚੇ ਨੂੰ 300 ਦਿਨ ਪੂਰੇ ਹੋਣ ’ਤੇ ਜਥੇਬੰਦੀਆਂ ਵੱਲੋਂ ਦੇ ਮਰਨ ਵਰਤ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਭੁੱਖ ਹੜਤਾਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਵੱਲ ਚੱਲੇ ਜਥੇ ਉੱਤੇ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਸੰਵਿਧਾਨ ਵੱਲੋਂ ਨਾਗਰਿਕਾਂ ਨੂੰ ਦਿੱਤੇ ਅਧਿਕਾਰਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਉਲੰਘਣਾ ਕੀਤੀ ਹੈ। ਪੁਲੀਸ ਵੱਲੋਂ ਕੀਤੀ ਹਿੰਸਕ ਕਾਰਵਾਈ ਵਿੱਚ ਚਾਰ ਕਿਸਾਨ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਨੇ ਮੀਡੀਆ ਨੂੰ ਮੋਰਚਿਆਂ ਤੋਂ ਦੂਰ ਰਹਿਣ ਦੇ ਹੁਕਮ ਦਿੱਤੇ ਹਨ ਜੋ ਲੋਕਤੰਤਰ ਦੇ ਚੌਥੇ ਥੰਮ੍ਹ ਉੱਪਰ ਸਿੱਧਾ ਹਮਲਾ ਹੈ।