ਬੰਬ ਧਮਕੀਆਂ: ਹਵਾਬਾਜ਼ੀ ਤੇ ਸੁਰੱਖਿਆ ਅਧਿਕਾਰੀਆਂ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨਾਲ ਮੁਲਾਕਾਤ
ਨਵੀਂ ਦਿੱਲੀ, 21 ਅਕਤੂਬਰ
ਦੇਸ਼ ਭਰ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ ਮੱਦੇਨਜ਼ਰ ਅੱਜ ਹਵਾਬਾਜ਼ੀ ਤੇ ਸੁਰੱਖਿਆ ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨਾਲ ਮੁਲਾਕਾਤ ਕੀਤੀ ਜਿਸ ਵਿਚ ਹਵਾਈ ਉਡਾਣਾਂ ਨੂੰ ਹੋਰ ਥਾਵਾਂ ’ਤੇ ਤਬਦੀਲ ਕਰਨ, ਉਡਾਣਾਂ ਰੱਦ ਕਰਨ ਤੇ ਯਾਤਰੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ।
ਜਾਣਕਾਰੀ ਅਨੁਸਾਰ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਉਰਿਟੀ (ਬੀਸੀਏਐਸ) ਦੇ ਡਾਇਰੈਕਟਰ ਜਨਰਲ ਜ਼ੁਲਫੀਕਾਰ ਹਸਨ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਡਾਇਰੈਕਟਰ ਜਨਰਲ ਰਾਜਵਿੰਦਰ ਸਿੰਘ ਭੱਟੀ ਨੇ ਇੱਥੇ ਨੌਰਥ ਬਲਾਕ ਸਥਿਤ ਦਫ਼ਤਰ ਵਿੱਚ ਕੇਂਦਰੀ ਸਕੱਤਰ ਨਾਲ ਮੁਲਾਕਾਤ ਕੀਤੀ। ਇਨ੍ਹਾਂ ਅਧਿਕਾਰੀਆਂ ਨੇ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਨੇ ਦੱਸਿਆ ਕਿ ਸੀਨੀਅਰ ਆਈਪੀਐੱਸ ਅਧਿਕਾਰੀਆਂ ਨੇ ਗ੍ਰਹਿ ਸਕੱਤਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਮੀਟਿੰਗ ਦੇ ਵੇਰਵਿਆਂ ਦਾ ਪਤਾ ਨਹੀਂ ਲੱਗ ਸਕਿਆ। ਜ਼ਿਕਰਯੋਗ ਹੈ ਕਿ ਇਸ ਹਫਤੇ ਲਗਪਗ 100 ਦੇ ਕਰੀਬ ਹਵਾਈ ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ ਜਿਸ ਕਾਰਨ ਹਵਾਈ ਉਡਾਣਾਂ ਦੀ ਜਾਂਚ ਕਾਰਨ ਯਾਤਰੀਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਹੈ। ਪੀਟੀਆਈ
ਬਾਕਸ
ਸਰਕਾਰ ਧਮਕੀਆਂ ਨਾਲ ਨਜਿੱਠਣ ਲਈ ਨੇਮ ਬਣਾਏਗੀ: ਨਾਇਡੂ
ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਮੰਤਰੀ ਕੇ ਰਾਮਮੋਹਨ ਨਾਇਡੂ ਨੇ ਅੱਜ ਕਿਹਾ ਕਿ ਸਰਕਾਰ ਬੰਬ ਦੀਆਂ ਧਮਕੀਆਂ ਦੇ ਮਾਮਲਿਆਂ ਨਾਲ ਨਜਿੱਠਣ ਲਈ ਵਿਧਾਨਕ ਕਾਰਵਾਈਆਂ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਵਿਚ ਅਜਿਹੀਆਂ ਧਮਕੀਆਂ ਦੇਣ ਵਾਲਿਆਂ ਦਾ ਨਾਂ ਨੋ-ਫਲਾਈ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ।