ਮੁੱਕੇਬਾਜ਼ ਸਿਮਰਨਜੀਤ ਕੌਰ ਤੇ ਸੁਖਮਨਦੀਪ ਕੌਰ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 30 ਅਗਸਤ
ਇੱਥੋਂ ਨੇੜਲੇ ਪਿੰਡ ਚਕਰ ਵਿੱਚ ਪੰਜਾਬ ਖੇਡ ਅਕੈਡਮੀ ਵੱਲੋਂ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਲੇਖਕ ਪ੍ਰਿੰ. ਬਲਵੰਤ ਸਿੰਘ ਸੰਧੂ ਵੱਲੋਂ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਵਿੱਚ ਖੇਡਾਂ ਦੇ ਯੋਗਦਾਨ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰ ਦੀ ਤੰਦਰੁਸਤੀ ਤੋਂ ਲੈ ਕੇ ਵਧੀਆ ਸੱਭਿਆਚਾਰ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀਆਂ ਪ੍ਰਾਪਤੀਆਂ ਅਤੇ ਸੰਘਰਸ਼ਾਂ ਬਾਰੇ ਵੀ ਵਿਦਿਆਰਥੀਆਂ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਵਰਗੇ ਖਿਡਾਰੀ ਬਣਨ ਲਈ ਯਤਨ, ਜਨੂੰਨ ਅਤੇ ਯਕੀਨ ਹੀ ਆਧਾਰ ਬਣਦੇ ਹਨ। ਇਸ ਮੌਕੇ ਪਿਛਲੇ ਦਿਨੀਂ ਕੁੱਪ ਰਹੀੜਾ ਵਿੱਚ ਹੋਈ ਜੂਨੀਅਰ ਸਟੇਟ ਬਾਕਸਿੰਗ ਚੈਂਪੀਅਨਸ਼ਿਪ ’ਚੋਂ ਚਾਂਦੀ ਦੇ ਤਗ਼ਮੇ ਜਿੱਤਣ ਵਾਲੀਆਂ ਮੁੱਕੇਬਾਜ਼ ਸਿਮਰਨਜੀਤ ਕੌਰ ਅਤੇ ਸੁਖਮਨਦੀਪ ਕੌਰ ਦਾ ਵੀ ਸਨਮਾਨ ਕੀਤਾ ਗਿਆ।
ਇਸ ਸਮੇਂ ਰਛਪਾਲ ਸਿੰਘ ਸਿੱਧੂ, ਦਰਸ਼ਨ ਸਿੰਘ ਸਿੱਧੂ, ਜਗਦੇਵ ਸਿੰਘ ਗਿੱਲ, ਪਰਮਜੀਤ ਸਿੰਘ ਸੰਧੂ, ਗੁਰਮੇਲ ਸਿੰਘ ਕਿੰਗਰਾ, ਊਧਮ ਸਿੰਘ ਸੰਧੂ, ਜਗਵਿੰਦਰ ਸਿੰਘ ਸੰਧੂ, ਅਮਿਤ ਕੁਮਾਰ, ਸੁਖਬੀਰ ਸਿੰਘ ਅਤੇ ਖਿਡਾਰੀਆਂ ਦੇ ਮਾਤਾ ਪਿਤਾ ਹਾਜ਼ਰ ਸਨ।