ਰਿਸ਼ਵਤ ਮਾਮਲਾ: ਏਐੱਸਆਈ ਅਤੇ ਹੈੱਡ ਕਾਂਸਟੇਬਲ ਖ਼ਿਲਾਫ਼ ਕੇਸ ਦਰਜ
ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 8 ਨਵੰਬਰ
ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਵਿੱਚ ਸੀਆਈਏ ਸਟਾਫ਼ ਮਲੋਟ ਦੇ ਏਐੱਸਆਈ ਬਲਜਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ ਗੋਪੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਵਿਰੁੱਧ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸ਼ੇਰੇ ਵਾਲਾ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਖ਼ਿਲਾਫ਼ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਵੱਡੀ ਰਿਕਵਰੀ ਦਾ ਡਰਾਵਾ ਦੇ ਕੇ ਝੂਠਾ ਪਰਚਾ ਨਾ ਦਰਜ ਨਾ ਕਰਨ ਬਦਲੇ ਉਸ ਪਾਸੋਂ 2.50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਬਾਅਦ ਵਿੱਚ 60 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਏ। ਪੜਤਾਲ ਦੌਰਾਨ ਸ਼ਿਕਾਇਤਕਰਤਾ ਵਲੋਂ ਪੇਸ਼ ਕੀਤੀਆਂ ਰਿਕਾਰਡਿੰਗਜ਼ ਵਿੱਚ ਗੁਰਪ੍ਰੀਤ ਸਿੰਘ ਉਰਫ ਗੋਪੀ ਵੱਲੋਂ ਪਹਿਲਾਂ 2.50 ਲੱਖ ਰੁਪਏ ਮੰਗਣ ਅਤੇ ਬਾਅਦ ਵਿੱਚ 60 ਹਜ਼ਾਰ ਰੁਪਏ ਦੀ ਮੰਗ ਕਰਨ ਅਤੇ ਏਐਸਆਈ ਬਲਜਿੰਦਰ ਸਿੰਘ ਵੱਲੋਂ ਸਪੱਸ਼ਟ ਤੌਰ ’ਤੇ ਰਿਸ਼ਵਤ ਲੈਣ ਲਈ ਸਹਿਮਤੀ ਪ੍ਰਗਟ ਕਰਨ ਤੋਂ ਇਨ੍ਹਾਂ ਉਕਤ ਦੋਵਾਂ ਮੁਲਾਜ਼ਮਾਂ ਵੱਲੋਂ ਮਿਲੀਭੁਗਤ ਕਰਕੇ ਰਿਸ਼ਵਤ ਦੀ ਮੰਗ ਕਰਨਾ ਸਾਬਿਤ ਹੋਇਆ ਹੈ।