ਸਾਲੇ ਵੱਲੋਂ ਜੀਜੇ ਦੀ ਇੱਟ ਮਾਰ ਕੇ ਹੱਤਿਆ
ਜਤਿੰਦਰ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 4 ਜਨਵਰੀ
ਇੱਥੇ ਥਾਣਾ ਗੋਇੰਦਵਾਲ ਸਾਹਿਬ ਨੇੜੇ ਮਿਆਣੀ ਵਿੱਚ ਆਪਸੀ ਤਕਰਾਰ ਕਾਰਨ ਸਾਲੇ ਵੱਲੋਂ ਕਥਿਤ ਤੌਰ ’ਤੇ ਇੱਟ ਮਾਰ ਕੇ ਆਪਣੇ ਜੀਜੇ ਦੀ ਹੱਤਿਆ ਕਰ ਦਿੱਤੀ ਗਈ।
ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਦੀਕ ਦੀਨ (45) ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਦੀਕ ਦੀਨ ਦੀ ਆਪਣੀ ਪਤਨੀ ਨਾਲ ਕਿਸੇ ਗੱਲ ’ਤੇ ਮਾਮੂਲੀ ਤਕਰਾਰ ਹੋਈ। ਇਸ ਦੌਰਾਨ ਉਸ ਦੇ ਸਾਲੇ ਵੱਲੋਂ ਗੁੱਸੇ ਵਿੱਚ ਆ ਕੇ ਆਪਣੇ ਜੀਜੇ ਦੀ ਇੱਟ ਮਾਰ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਆਖਿਆ ਕਿ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਸਰੀਰ ’ਤੇ ਸੱਟ ਦਾ ਨਿਸ਼ਾਨ ਨਹੀਂ ਮਿਲਿਆ। ਉੱਥੇ ਹੀ ਪੀੜਤ ਧਿਰ ਵੱਲੋਂ ਵੀ ਮੁਲਜ਼ਮ ਉੱਪਰ ਹਮਲਾ ਕਰਨ ਬਾਰੇ ਦੱਸਿਆ ਗਿਆ ਹੈ। ਇਸ ਦੌਰਾਨ ਮੁਲਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਮਗਰੋਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਕੇਸ ਦਰਜ ਲਿਆ ਹੈ। ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।