ਬਸਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜਿਆ
ਆਤਿਸ਼ ਗੁਪਤਾ
ਚੰਡੀਗੜ੍ਹ, 13 ਫਰਵਰੀ
ਬਸਪਾ ਨੇ ਅੱਜ ਆਪਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ। ਇਹ ਫ਼ੈਸਲਾ ਬਸਪਾ ਦੀ ਚੰਡੀਗੜ੍ਹ ਸਥਿਤ ਅੰਬੇਡਕਰ ਭਵਨ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਬਸਪਾ ਦੇ ਕੇਂਦਰੀ ਕੋਆਰਡੀਨੇਟਰ, ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨਾਲ ਚਾਰ ਘੰਟੇ ਲੰਬੀ ਗੱਲਬਾਤ ਮਗਰੋਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲਿਆਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ। ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨੂੰ ਨਜ਼ਰਅੰਦਾਜ਼ ਕਰਨ ਨਾਲ ਪਾਰਟੀ ਵਰਕਰ ਨਿਰਾਸ਼ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗੱਠਜੋੜ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਇਹ ਫੈਸਲਾ ਲਿਆ ਹੈ। ਬੈਨੀਵਾਲ ਨੇ ਕਿਹਾ ਕਿ ਭਾਜਪਾ ਦਲਿਤਾਂ, ਪੱਛੜਿਆਂ, ਘੱਟ ਗਿਣਤੀਆਂ ਤੇ ਕਿਸਾਨਾਂ ਨੂੰ ਤਬਾਹ ਕਰਨ ਲਈ ਗੈਰ-ਸੰਵਿਧਾਨਕ ਨੀਤੀਆਂ ਬਣਾਉਂਦੇ ਹੋਏ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ, ਜਿਸ ਕਾਰਨ ਬਸਪਾ ਕਦੇ ਵੀ ਭਾਜਪਾ ਨਾਲ ਗੱਠਜੋੜ ਨਹੀਂ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਜਿੱਥੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਪੰਥਕ, ਕਿਸਾਨੀ ਨਾਲ ਸਬੰਧਤ ਮੁੱਦਿਆਂ, ਬੰਦੀ ਸਿੰਘਾਂ ਦੇ ਮਾਮਲੇ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਬਸਪਾ ਪੰਜਾਬ ਵਿੱਚ ਸਾਰੀਆਂ ਸੀਟਾਂ ’ਤੇ ਇਕੱਲੇ ਚੋਣ ਲੜੇਗੀ।
ਬਸਪਾ ਲੀਡਰਸ਼ਿਪ ਗ਼ਲਤਫਹਿਮੀ ਦਾ ਸ਼ਿਕਾਰ ਹੋਈ: ਚੰਦੂਮਾਜਰਾ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਬਸਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਤੋੜਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਸਪਾ ਦੀ ਲੀਡਰਸ਼ਿਪ ਕਿਸੇ ਗ਼ਲਤ-ਫਹਿਮੀ ਦਾ ਸ਼ਿਕਾਰ ਹੋ ਗਈ। ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਬੈਠ ਕੇ ਬਸਪਾ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਿੱਖ ਵਿਚ ਕਿਸੇ ਗੱਠਜੋੜ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਸੰਭਾਵਨਾਵਾਂ ਤੋਂ ਕਦੇ ਇਨਕਾਰ ਨਹੀਂ ਕੀਤਾ ਜਾ ਸਕਦਾ।