ਪੰਜਾਬ ਦਿਵਸ ਮੌਕੇ ਜਲੰਧਰ ਵਿੱਚ ਮੰਚ ਲਾਵੇਗੀ ਬਸਪਾ: ਗੜ੍ਹੀ
ਪੱਤਰ ਪ੍ਰੇਰਕ
ਜਲੰਧਰ, 21 ਅਕਤੂਬਰ
ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਮੌਕੇ ਸੂਬਾ ਸਰਕਾਰ ਦੇ ਸਮਾਨਾਂਤਰ ਜਲੰਧਰ ’ਚ ਮੰਚ ਲਗਾਉਣ ਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਹੈ। ਉਹ ਅੱਜ ਇੱਥੇ ਪੰਜਾਬ ਪ੍ਰੈਸ ਕਲੱਬ ’ਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਸ੍ਰੀ ਗੜ੍ਹੀ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕੀਤਾ ਜਾ ਰਿਹਾ ਹੈ, ਖ਼ਾਸ ਕਰ ਕੇ ਦਲਿਤਾਂ ਤੇ ਪੱਛੜੇ ਵਰਗਾਂ ਖ਼ਿਲਾਫ਼ ਦਮਨਕਾਰੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲੀ ਨਵੰਬਰ ਨੂੰ ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਲੁਧਿਆਣਾ ਵਿੱਚ ਕੁਰਸੀਆਂ ਲਗਾ ਰਹੇ ਹਨ, ਪਰ ਇਸ ਦੌਰਾਨ ਦਲਿਤਾਂ ਤੇ ਪੱਛੜੇ ਵਰਗਾਂ ਦੇ ਨੁਮਾਇੰਦਿਆਂ ਨੂੰ ਅਣਗੌਲਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਦੇ ਵਿਰੋਧ ਵਿੱਚ ਬਸਪਾ ਪਹਿਲੀ ਨਵੰਬਰ ਨੂੰ ਜਲੰਧਰ ਵਿੱਚ ਮੰਚ ਲਗਾਏਗੀ ਤੇ ਸਰਕਾਰ ਦੀਆਂ ਦਲਿਤ-ਪੱਛੜੇ ਵਰਗਾਂ ਖ਼ਿਲਾਫ਼ ਦਮਨਕਾਰੀ ਨੀਤੀਆਂ ਦੇ ਵਿਰੋਧ ’ਚ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਦਲਿਤਾਂ ਤੇ ਪੱਛੜੇ ਵਰਗਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਬਸਪਾ ਵਰਕਰਾਂ ’ਤੇ ਝੂਠੇ ਪਰਚੇ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਬਣੀ ਪਾਰਕ ਨੂੰ ਤੋੜਿਆ ਜਾ ਰਿਹਾ ਹੈ। ਇਸ ਤਰ੍ਹਾਂ ਦੀਆਂ ਕਾਰਵਾਈਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਇਨ੍ਹਾਂ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਗੁਰਲਾਲ ਸੈਲਾ, ਐਡਵੋਕੇਟ ਬਲਵਿੰਦਰ ਕੁਮਾਰ, ਪਰਮਜੀਤ ਮੱਲ, ਜਗਦੀਸ਼ ਦੀਸ਼ਾ ਆਦਿ ਵੀ ਮੌਜੂਦ ਸਨ।