ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ
* ਪੰਜਾਬ ਵਿਧਾਨ ਸਭਾ ’ਚ ਗੂੰਜੇ ‘ਜੈ ਜਵਾਨ-ਜੈ ਕਿਸਾਨ’ ਦੇ ਨਾਅਰੇ
* ਬਾਜਵਾ ਨੇ ਪਟਿਆਲਾ ’ਚ ਕਰਨਲ ਨਾਲ ਕੁੱਟਮਾਰ ਅਤੇ ਕਿਸਾਨਾਂ ਨਾਲ ਕੀਤੀਆਂ ਵਧੀਕੀਆਂ ਦਾ ਮੁੱਦਾ ਚੁੱਕਿਆ
ਚਰਨਜੀਤ ਭੁੱਲਰ
ਚੰਡੀਗੜ੍ਹ, 21 ਮਾਰਚ
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਇਸ ਦੌਰਾਨ ਕਾਂਗਰਸ ਨੇ ‘ਜਵਾਨ ਤੇ ਕਿਸਾਨ’ ਦੇ ਮੁੱਦੇ ’ਤੇ ਜ਼ੋਰਦਾਰ ਹੰਗਾਮਾ ਕਰਦਿਆਂ ਸਦਨ ’ਚੋਂ ਵਾਕਆਊਟ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਬਾਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਦਨ ’ਚ ਦਾਖ਼ਲ ਹੋਏ ਸਨ। ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ’ਚ ਇਹ ਪਲੇਠਾ ਭਾਸ਼ਣ ਸੀ। ਵਿੱਤ ਮੰਤਰੀ ਵੱਲੋਂ ਸਾਲ 2025-26 ਦਾ ਬਜਟ 26 ਮਾਰਚ ਨੂੰ ਪੇਸ਼ ਕੀਤਾ ਜਾਵੇਗਾ।

ਰਾਜਪਾਲ ਨੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਆਪਣਾ ਭਾਸ਼ਣ ਸ਼ੁਰੂ ਕੀਤਾ। ਜਿਵੇਂ ਹੀ ਰਾਜਪਾਲ ਨੇ ਸਿੱਖਿਆ ਖੇਤਰ ’ਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਣੀ ਸੀਟ ’ਤੇ ਖੜ੍ਹੇ ਹੋ ਕੇ ‘ਕਿਸਾਨ ਤੇ ਜਵਾਨ’ ਨਾਲ ਹੋਈ ਜ਼ਿਆਦਤੀ ਦਾ ਜ਼ਿਕਰ ਕਰਨ ਲੱਗੇ। ਉਨ੍ਹਾਂ ਪਟਿਆਲਾ ’ਚ ਕਰਨਲ ਤੇ ਉਸ ਦੇ ਪੁੱਤਰ ਦੀ ਪੁਲੀਸ ਵੱਲੋਂ ਕੁੱਟਮਾਰ ਕੀਤੇ ਜਾਣ ਅਤੇ ਕਿਸਾਨਾਂ ਨਾਲ ਹੋਈ ਜ਼ਿਆਦਤੀ ਦੇ ਮਾਮਲੇ ਨੂੰ ਉਭਾਰਿਆ। ਕਰੀਬ 15 ਮਿੰਟਾਂ ਮਗਰੋਂ ਵਿਰੋਧੀ ਧਿਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬਾਜਵਾ ਨੇ ‘ਜੈ ਜਵਾਨ-ਜੈ ਕਿਸਾਨ’ ਦੇ ਨਾਅਰੇ ਵੀ ਲਾਏ। ਅਖੀਰ ਕਾਂਗਰਸੀ ਵਿਧਾਇਕ ਸਦਨ ’ਚੋਂ ਵਾਕਆਊਟ ਕਰ ਗਏ ਜਦਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ ਅਤੇ ਆਜ਼ਾਦ ਵਿਧਾਇਕ ਬੈਠੇ ਰਹੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਜਪਾਲ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ। ਰਾਜਪਾਲ ਨੇ ਕਰੀਬ ਡੇਢ ਘੰਟੇ ਦੇ ਭਾਸ਼ਣ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਸਾਨੀ ਲਈ ਚੁੱਕੇ ਗਏ ਕਦਮਾਂ ਨੂੰ ਉਚੇਚੇ ਤੌਰ ’ਤੇ ਉਭਾਰਿਆ। ਸੂਬੇ ਦੇ ਭਖਦੇ ਮੁੱਦਿਆਂ ਜਿਵੇਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੀਤੇ ਕੰਮਾਂ ਅਤੇ ਅਮਨ ਕਾਨੂੰਨ ਦੀ ਵਿਵਸਥਾ, ਸਿੱਖਿਆ ਅਤੇ ਸਿਹਤ ਦੇ ਖੇਤਰ ’ਚ ਕੀਤੇ ਸੁਧਾਰਾਂ ਆਦਿ ਦਾ ਵੀ ਉਨ੍ਹਾਂ ਜ਼ਿਕਰ ਕੀਤਾ। ਰਾਜਪਾਲ ਨੇ ਕਿਹਾ ਕਿ ਸਰਕਾਰ ਨੇ ਖੇਤੀ ਨੀਤੀ ਬਣਾਉਣ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਅਤੇ ਖੇਤੀ ਨੀਤੀ ਦਾ ਖਰੜਾ ਸਾਰੇ ਹਿੱਸੇਦਾਰਾਂ, ਕਿਸਾਨ/ਮਜ਼ਦੂਰ ਯੂਨੀਅਨਾਂ ਨੂੰ ਭੇਜ ਕੇ ਮਸ਼ਵਰਾ ਮੰਗਿਆ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੱਕੀ ਦੇ ਬੀਜ, ਖਾਦਾਂ, ਕੀਟਨਾਸ਼ਕਾਂ ਆਦਿ ਲਈ 6000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕੁੱਲ ਉਤਪਾਦਨ ਦਾ ਲਗਪਗ 18 ਫ਼ੀਸਦੀ ਕਣਕ, 11 ਫ਼ੀਸਦੀ ਚੌਲ ਅਤੇ 4 ਫ਼ੀਸਦੀ ਕਪਾਹ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਘਰੇਲੂ, ਵਪਾਰਕ, ਉਦਯੋਗਿਕ ਅਤੇ ਹੋਰ ਖਪਤਕਾਰਾਂ ਨੂੰ ਬਿਨਾਂ ਕੱਟ ਅਤੇ ਖੇਤੀ ਸੈਕਟਰ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਹੈ। ਘਰੇਲੂ ਖਪਤਕਾਰਾਂ ਲਈ 300 ਯੂਨਿਟ ਮਹੀਨਾਵਾਰ ਮੁਫ਼ਤ ਬਿਜਲੀ ਯੋਜਨਾ ਤਹਿਤ ਕਰੀਬ 70 ਲੱਖ ਪਰਿਵਾਰਾਂ ਨੂੰ ਲਾਭ ਹੋਇਆ ਹੈ। ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਉਣ ਲਈ ਮੌਜੂਦਾ ਵਿੱਤੀ ਵਰ੍ਹੇ 2024-25 ਵਿੱਚ ਨਹਿਰਾਂ ਦੀ ਬਹਾਲੀ ਅਤੇ ਲਾਈਨਿੰਗ ਲਈ 79 ਪ੍ਰਾਜੈਕਟ ਲਾਗੂ ਕੀਤੇ ਹਨ। ਪਿਛਲੇ 30 ਤੋਂ 40 ਸਾਲਾਂ ਤੋਂ ਬੰਦ ਜਾਂ ਗੈਰ-ਕਾਰਜਸ਼ੀਲ ਕੁੱਲ 77 ਨਹਿਰਾਂ ਨੂੰ ਮੁੜ ਚਾਲੂ ਕੀਤਾ ਗਿਆ ਹੈ ਅਤੇ 4200 ਕਿਲੋਮੀਟਰ ਲੰਬਾਈ ਦੇ ਕੁੱਲ 16000 ਜਲ ਮਾਰਗਾਂ ਨੂੰ ਬਹਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਸਾਉਣੀ ਦੇ ਸੀਜ਼ਨ ਦੌਰਾਨ 12 ਫ਼ੀਸਦੀ ਤੋਂ ਵੱਧ ਪਾਣੀ ਦੀ ਵਰਤੋਂ ਕਰਨ ਦੇ ਯੋਗ ਹੋਈ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੈਬਨਿਟ ਸਬ ਕਮੇਟੀ ਬਣਾ ਕੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਨਸ਼ਾ ਤਸਕਰਾਂ ਦੀਆਂ ਕਈ ਜਾਇਦਾਦਾਂ ਨੂੰ ਢਾਹਿਆ ਹੈ ਅਤੇ ਨਸ਼ਾ ਤਸਕਰਾਂ ਦਾ ਨੈੱਟਵਰਕ ਤੋੜਿਆ ਜਾ ਰਿਹਾ ਹੈ। ਨਸ਼ਾ ਕਾਨੂੰਨਾਂ ਨੂੰ ਲਾਗੂ ਕਰਨ, ਪੀੜਤਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਣਾਈ ਗਈ ਹੈ। ਰਾਜਪਾਲ ਨੇ ਕਿਹਾ ਕਿ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਸੂਬੇ ’ਚ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ 1,588 ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ, 13 ਗੈਂਗਸਟਰਾਂ ਨੂੰ ਨਕਾਰਾ ਕਰਨ, 571 ਅਪਰਾਧਿਕ ਗਰੋਹਾਂ ਦਾ ਪਰਦਾਫਾਸ਼ ਕਰਨ ਅਤੇ ਅਪਰਾਧਾਂ ਵਿੱਚ ਵਰਤੇ ਗਏ 1,477 ਹਥਿਆਰ ਬਰਾਮਦ ਕੀਤੇ। ਪਹਿਲੀ ਜਨਵਰੀ ਤੋਂ 28 ਨਵੰਬਰ, 2024 ਤੱਕ ਪੰਜਾਬ ਪੁਲੀਸ ਨੇ ਨੌਂ ਅਤਿਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 59 ਗ੍ਰਿਫ਼ਤਾਰੀਆਂ ਕੀਤੀਆਂ ਹਨ। ਰਾਜਪਾਲ ਨੇ ਕਿਹਾ ਕਿ 881 ‘ਆਮ ਆਦਮੀ ਕਲੀਨਿਕਾਂ’ ਵਿੱਚ ਕੁੱਲ 2.98 ਕਰੋੜ ਮਰੀਜ਼ਾਂ ਨੇ ਸੇਵਾਵਾਂ ਪ੍ਰਾਪਤ ਕੀਤੀਆਂ ਅਤੇ ਹੁਣ ਤੱਕ 90 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਲ 2024-25 ਦੌਰਾਨ 16 ਸਰਕਾਰੀ ਹਸਪਤਾਲਾਂ ਵਿੱਚ ਸਿਵਲ ਕਾਰਜਾਂ ਅਤੇ ਅੱਗ ਬੁਝਾਊ ਸਿਸਟਮ ’ਤੇ 150 ਕਰੋੜ ਰੁਪਏ ਖ਼ਰਚੇ ਗਏ ਹਨ। ਸਿੱਖਿਆ ਕ੍ਰਾਂਤੀ ਦੀ ਗੱਲ ਕਰਦਿਆਂ ਉਨ੍ਹਾਂ ਸਕੂਲਜ਼ ਆਫ਼ ਐਮੀਨੈਂਸ ਅਤੇ ਲੜਕੀਆਂ ਦੇ ਸਕੂਲਾਂ ਲਈ 230 ਬੱਸਾਂ ਚਲਾਏ ਜਾਣ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ’ਤੇ 568.43 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਰਾਜਪਾਲ ਨੇ ਕਿਹਾ ਕਿ ਹੁਣ ਤੱਕ ਕੁਲ 51,655 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ‘ਰਿਵਰਸ ਬ੍ਰੇਨ ਡਰੇਨ’ (ਵਤਨ ਵਾਪਸੀ ਦਾ ਰੁਝਾਨ) ਦੇਖਣ ਨੂੰ ਮਿਲ ਰਿਹਾ ਹੈ।
ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ
ਸੈਸ਼ਨ ਮਗਰੋਂ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਸਪੀਕਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵੀਜੋਤ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਮਨਪ੍ਰੀਤ ਸਿੰਘ ਇਯਾਲੀ ਆਦਿ ਹਾਜ਼ਰ ਸਨ। ਵਿਚਾਰ ਵਟਾਂਦਰੇ ਮਗਰੋਂ ਸੈਸ਼ਨ ਦੇ ਪ੍ਰੋਗਰਾਮ ਬਾਰੇ ਕਮੇਟੀ ਦੀ ਰਿਪੋਰਟ ਸੋਮਵਾਰ ਨੂੰ ਸਦਨ ਵਿਚ ਪੇਸ਼ ਕੀਤੀ ਜਾਵੇਗੀ।
ਕਾਂਗਰਸ ਨੇ ਦਿਖਾਏ ਤਿੱਖੇ ਤੇਵਰ
ਵਿਰੋਧੀ ਧਿਰ ਕਾਂਗਰਸ ਨੇ ਅੱਜ ਸਦਨ ਦੇ ਅੰਦਰ ਅਤੇ ਬਾਹਰ ‘ਕਿਸਾਨਾਂ ਤੇ ਜਵਾਨਾਂ’ ਦੇ ਮੁੱਦੇ ’ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਦੀ ਹਦਾਇਤ ਮਗਰੋਂ ਅੱਜ ਕਾਂਗਰਸੀ ਵਿਧਾਇਕ ਵਿਧਾਨ ਸਭਾ ਕੰਪਲੈਕਸ ਤੱਕ ਕਿਸਾਨਾਂ ਨਾਲ ਹੋਈ ਜ਼ਿਆਦਤੀ ਨੂੰ ਦਰਸਾਉਂਦੀਆਂ ਤਖ਼ਤੀਆਂ ਲੈ ਕੇ ਪੁੱਜੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੇ ਬਾਹਰ ਕਿਹਾ ਕਿ ਸਨਅਤਕਾਰਾਂ ਨੂੰ ਖ਼ੁਸ਼ ਕਰਨ ਖ਼ਾਤਰ ਕਿਸਾਨਾਂ ’ਤੇ ‘ਆਪ’ ਸਰਕਾਰ ਨੇ ਜ਼ਿਆਦਤੀ ਕੀਤੀ ਜਦੋਂ ਕਿ ਰਸਤਾ ਕਿਸਾਨਾਂ ਨੇ ਨਹੀਂ ਬਲਕਿ ਹਰਿਆਣਾ ਸਰਕਾਰ ਨੇ ਰੋਕਿਆ ਸੀ। ਬਾਜਵਾ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ‘ਆਪ’ ਨੂੰ 92 ਸੀਟਾਂ ਦਿੱਤੀਆਂ, ਉਨ੍ਹਾਂ ਨੇ ਹੀ ਕਿਸਾਨੀ ਦੀ ਪਿੱਠ ’ਚ ਛੁਰਾ ਮਾਰਿਆ। ਉਨ੍ਹਾਂ 13 ਮਾਰਚ ਨੂੰ ਪਟਿਆਲਾ ’ਚ ਵਾਪਰੇ ਕਰਨਲ ਕੁੱਟਮਾਰ ਮਾਮਲੇ ਦੀ ਹਾਈ ਕੋਰਟ ਦੇ ਜੱਜ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ।