ਯੂਨੀਵਰਸਿਟੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਬਜਟ ਵਧਾਇਆ ਜਾਵੇ: ਰਾਜਪਾਲ
ਕੁਲਵਿੰਦਰ ਕੌਰ
ਫਰੀਦਾਬਾਦ, 29 ਮਾਰਚ
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਯੂਨੀਵਰਸਿਟੀਆਂ ਵਿੱਚ ਬੁਨਿਆਦੀ ਸਹੂਲਤਾਂ, ਲਾਇਬਰੇਰੀ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਲਈ ਬਜਟ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆ ਦਾ ਮਿਆਰ ਬਣਾ ਕੇ ਰੱਖਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਦਿੱਤੀਆਂ ਜਾਣ। ਰਾਜਪਾਲ ਬੰਡਾਰੂ ਦੱਤਾਤ੍ਰੇਅ ਅੱਜ ਜੇਸੀ ਬੋਸ ਯੂਨੀਵਰਸਿਟੀ ਵਿੱਚ ’ਵਰਸਿਟੀ ਦੀ 12ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਲਾਇਬਰੇਰੀਆਂ ਵਿੱਚ ਵਧੇਰੇ ਸਮਾਂ ਬਿਤਾਉਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ, ਖਾਸ ਕਰਕੇ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਰਾਜਪਾਲ ਹਰਿਆਣਾ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਵੀ ਹਨ।
ਯੂਨੀਵਰਸਿਟੀ ਦੀ 12ਵੀਂ ਮੀਟਿੰਗ ਵਿੱਚ ਰਜਿਸਟਰਾਰ ਡਾ. ਮੇਹਾ ਸ਼ਰਮਾ ਨੇ ਯੂਨੀਵਰਸਿਟੀ ਕੋਰਟ ਦਾ ਏਜੰਡਾ ਪੇਸ਼ ਕੀਤਾ ਜਿਸ ਵਿੱਚ ਸਾਲ 2022-23 ਦਾ ਸਾਲਾਨਾ ਲੇਖਾ-ਜੋਖਾ ਅਤੇ ਸਾਲ 2024-25 ਲਈ ਸਾਲਾਨਾ ਬਜਟ ਵੰਡ ਸ਼ਾਮਲ ਸੀ। ਡੀਨ (ਸੰਸਥਾਵਾਂ) ਪ੍ਰੋ. ਸੰਦੀਪ ਗਰੋਵਰ ਨੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਗੱਲ ਕੀਤੀ ਅਤੇ ਪ੍ਰੋ. ਅੰਜੂ ਗੁਪਤਾ ਨੇ ਰਾਜਪਾਲ ਨੂੰ ਸਾਲ 2022-23 ਦੀ ਸਾਲਾਨਾ ਰਿਪੋਰਟ ਬਾਰੇ ਜਾਣਕਾਰੀ ਦਿੱਤੀ। ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਲਾਇਬਰੇਰੀਆਂ ਵੀ ਆਧੁਨਿਕ ਤਕਨੀਕ ਨਾਲ ਲੈਸ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਪਹਿਲਾਂ ਵਾਈਸ ਚਾਂਸਲਰ ਪ੍ਰੋ. ਸੁਸ਼ੀਲ ਕੁਮਾਰ ਤੋਮਰ ਨੇ ਰਾਜਪਾਲ ਨੂੰ ਯੂਨੀਵਰਸਿਟੀ ਦੀ ਅਕਾਦਮਿਕ ਪ੍ਰਗਤੀ ਅਤੇ ਭਵਿੱਖ ਦੀ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੱਤੀ।